Amritsar News : ਪੁਰਾਣੀ ਰੰਜਿਸ਼ ਦੇ ਚਲਦੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ 'ਚ ਕਰਵਾਇਆ ਦਾਖਲ
Amritsar News : ਹਮੀਦਪੁਰਾ ਛੇਹਰਟਾ ਵਿਚ ਪੁਰਾਣੀ ਰੰਜਿਸ਼ ਦੇ ਚਲਦੇ 6 ਹਮਲਾਵਰਾਂ ਵੱਲੋਂ ਇਕ ਨੌਜਵਾਨ ‘ਤੇ ਤਿੱਖੇ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜਖ਼ਮੀ ਕਰ ਦਿੱਤਾ ਗਿਆ। ਜਖ਼ਮੀ ਨੌਜਵਾਨ ਸਤਨਾਮ ਸਿੰਘ ਨੂੰ ਤੁਰੰਤ ਇਲਾਜ ਲਈ ਗੁਰੂ ਨਾਨਕ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਸਤਨਾਮ ਸਿੰਘ ਨੇ ਦੱਸਿਆ ਕਿ ਕਰੀਬ ਦੋ ਮਹੀਨੇ ਪਹਿਲਾਂ ਉਸ ਦੀ ਕਾਰ ਦੀ ਨਾਰਾਇਣਗੜ੍ਹ ਨਿਵਾਸੀ ਡਿੰਪਲ ਦੀ ਕਾਰ ਨਾਲ ਮਾਮੂਲੀ ਟੱਕਰ ਹੋ ਗਈ ਸੀ। ਉਸ ਸਮੇਂ ਦੋਹਾਂ ਵਿਚ ਕਾਫ਼ੀ ਬਹਿਸਬਾਜ਼ੀ ਹੋਈ ਪਰ ਮੌਕੇ ‘ਤੇ ਮੌਜੂਦ ਲੋਕਾਂ ਨੇ ਵਿਚਕਾਰ ਪੈ ਕੇ ਮਾਮਲਾ ਰਫ਼ਾ ਦਫ਼ਾ ਕਰਵਾ ਦਿੱਤਾ ਸੀ। ਉਸ ਦਾ ਕਹਿਣਾ ਹੈ ਕਿ ਡਿੰਪਲ ਨੇ ਰੰਜਿਸ਼ ਨਹੀਂ ਛੱਡੀ।
ਸਤਨਾਮ ਨੇ ਦੱਸਿਆ ਕਿ ਵੀਰਵਾਰ ਰਾਤ ਕਰੀਬ 10 ਵਜੇ ਜਦੋਂ ਉਹ ਇੰਡੀਆ ਗੇਟ ਬਾਈਪਾਸ ਤੋਂ ਆਪਣੀ ਐਕਟੀਵਾ ‘ਤੇ ਘਰ ਜਾ ਰਿਹਾ ਸੀ, ਉਸ ਸਮੇਂ ਡਿੰਪਲ, ਮਨਜੀਤ ਸਿੰਘ, ਸਕਤਰ ਸਿੰਘ, ਜਸਪਿੰਦਰ ਸਿੰਘ ਜੱਸ ਅਤੇ ਦੋ ਅਣਪਛਾਤੇ ਨੌਜਵਾਨਾਂ ਨੇ ਉਸ ਨੂੰ ਘੇਰ ਕੇ ਤਿੱਖੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਉਸ ਦੇ ਸਿਰ, ਮੱਥੇ ਅਤੇ ਨੱਕ ਦੀ ਹੱਡੀ ਵਿਚ ਗੰਭੀਰ ਸੱਟਾਂ ਲੱਗੀਆਂ।
ਇਲਾਕੇ ਦੇ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹਸਪਤਾਲ ਪਹੁੰਚਾ ਕੇ ਖਾਸਾ ਚੌਕੀ ਪੁਲਿਸ ਨੂੰ ਸੂਚਿਤ ਕੀਤਾ ਅਤੇ ਸ਼ਿਕਾਇਤ ਦਰਜ ਕਰਾਈ ਪਰ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਪੰਜ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਵੱਲੋਂ ਨਾ ਹੀ ਹਮਲਾਵਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਨਾ ਹੀ ਉਨ੍ਹਾਂ ਦੇ ਬਿਆਨ ਦਰਜ ਕੀਤੇ ਗਏ ਹਨ।
ਇਸ ਸਬੰਧੀ ਪੁਲਿਸ ਅਧਿਕਾਰੀ ਜਸਵਿੰਦਰ ਸਿੰਘ ਨੇ ਕਿਹਾ ਕਿ ਸ਼ਿਕਾਇਤ ਦਰਜ ਹੋ ਚੁੱਕੀ ਹੈ ਅਤੇ ਅਸੀਂ ਮੈਡੀਕਲ ਰਿਪੋਰਟ ਦੀ ਉਡੀਕ ਕਰ ਰਹੇ ਹਾਂ। ਜਿਵੇਂ ਹੀ ਰਿਪੋਰਟ ਮਿਲੇਗੀ, ਬਣਦੀ ਕਾਰਵਾਈ ਕੀਤੀ ਜਾਵੇਗੀ।
- PTC NEWS