TarnTaran : ਪਿੰਡ ਦੁੱਗਰੀ 'ਚ ਬੇਕਾਬੂ ਹੋ ਕੇ ਦਰੱਖਤ 'ਚ ਵੱਜੀ ਕਾਰ, ਇੱਕ ਨੌਜਵਾਨ ਦੀ ਮੌਤ, 3 ਲੋਕ ਜ਼ਖ਼ਮੀ
TarnTaran Accident : ਤਰਨਤਾਰਨ ਜ਼ਿਲ੍ਹੇ ਵਿੱਚ ਇੱਕ ਸੜਕ ਹਾਦਸੇ (Road Accident) ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਦੁੱਗਰੀ ਨੇੜੇ ਉਸ ਸਮੇਂ ਵਾਪਰਿਆ, ਜਦੋਂ ਉਸਦੀ ਕਾਰ ਬੇਕਾਬੂ ਹੋ ਕੇ ਇੱਕ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਤਿੰਨ ਹੋਰ ਲੋਕ ਵੀ ਜ਼ਖਮੀ ਹੋ ਗਏ। ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਰਿਸ਼ਤੇਦਾਰਾਂ ਨੂੰ ਸਹੁਰੇ ਪਿੰਡ ਲੈ ਕੇ ਜਾ ਰਿਹਾ ਸੀ ਵਰਿੰਦਰ ਸਿੰਘ
ਮ੍ਰਿਤਕ ਨੌਜਵਾਨ ਦੀ ਪਛਾਣ 32 ਸਾਲਾ ਵਰਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਦੁੱਗਰੀ (Dugri) ਦਾ ਰਹਿਣ ਵਾਲਾ ਹੈ। ਜਾਣਕਾਰੀ ਅਨੁਸਾਰ, ਵਰਿੰਦਰ ਸਿੰਘ ਆਪਣੇ ਸਾਲੇ ਅੰਮ੍ਰਿਤਪਾਲ ਸਿੰਘ ਅਤੇ ਤਿੰਨ ਹੋਰ ਰਿਸ਼ਤੇਦਾਰਾਂ ਨੂੰ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ, ਅੰਮ੍ਰਿਤਸਰ ਤੋਂ ਆਪਣੇ ਸਹੁਰੇ ਪਿੰਡ ਤੂਰਾ ਲੈ ਜਾ ਰਿਹਾ ਸੀ। ਇਹ ਹਾਦਸਾ ਸ਼ੁੱਕਰਵਾਰ ਦੇਰ ਸ਼ਾਮ ਉਸ ਸਮੇਂ ਵਾਪਰਿਆ ਜਦੋਂ ਉਹ ਕਾਰ ਵਿੱਚ ਸਫ਼ਰ ਕਰ ਰਹੇ ਸਨ।
ਦੱਸਿਆ ਜਾ ਰਿਹਾ ਹੈ ਕਿ ਜਦੋਂ ਕਾਰ ਦੁੱਗਰੀ ਪਿੰਡ ਦੇ ਨੇੜੇ ਪਹੁੰਚੀ ਤਾਂ ਅਚਾਨਕ ਕੰਟਰੋਲ ਗੁਆ ਬੈਠੀ ਅਤੇ ਇੱਕ ਦਰੱਖਤ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਵਰਿੰਦਰ ਸਿੰਘ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਵਰਿੰਦਰ ਸਿੰਘ ਦੇ ਸਾਲੇ, ਅੰਮ੍ਰਿਤਪਾਲ ਸਿੰਘ ਅਤੇ ਉਸਦੇ ਨਾਲ ਯਾਤਰਾ ਕਰ ਰਹੇ ਤਿੰਨ ਹੋਰ ਰਿਸ਼ਤੇਦਾਰ ਵੀ ਹਾਦਸੇ ਵਿੱਚ ਗੰਭੀਰ ਜ਼ਖਮੀ ਹੋ ਗਏ। ਸੂਚਨਾ ਮਿਲਣ 'ਤੇ ਸਰਹਾਲੀ ਥਾਣੇ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
- PTC NEWS