Bathinda News : ਬਠਿੰਡਾ ਦੀ ਕੇਂਦਰੀ ਜੇਲ੍ਹ ਵਿਖੇ ਜੁਡੀਸ਼ੀਅਲ ਕਸਟਡੀ 'ਚ ਬੰਦ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਹੋਈ ਮੌਤ
Bathinda News : ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਮਾਨਸਾ ਜ਼ਿਲ੍ਹੇ ਨਾਲ ਸੰਬੰਧਿਤ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਕਾਰਨ ਪਰਿਵਾਰਕ ਮੈਂਬਰਾਂ ਨੇ ਜੇਲ੍ਹ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਲਾਏ ਹਨ। ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਜੁਡੀਸ਼ਅਲ ਕਸਟੱਡੀ ਅਧੀਨ ਬੰਦ ਸੁੱਖਾ ਰਾਮ ਦੇ ਭਰਾ ਰਾਜੂ ਵਾਸੀ ਨੰਗਲਾਂ ਜ਼ਿਲ੍ਹਾ ਮਾਨਸਾ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਫੋਨ ਕੀਤਾ ਗਿਆ ਸੀ ਕਿ ਸੁੱਖਾ ਰਾਮ ਦੀ ਤਬੀਅਤ ਖਰਾਬ ਹੋ ਗਈ ਹੈ ਅਤੇ ਉਸ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਜਾ ਰਿਹਾ ਹੈ।
ਜੇਲ੍ਹ ਪ੍ਰਸ਼ਾਸਨ ਦੀ ਸੂਚਨਾ ਮਿਲਣ ਤੋਂ ਬਾਅਦ ਜਦੋਂ ਉਹ ਬਠਿੰਡਾ ਸਿਵਲ ਹਸਪਤਾਲ ਵਿਖੇ ਆਪਣੇ ਭਰਾ ਨੂੰ ਮਿਲਣ ਨਹੀਂ ਪਹੁੰਚੇ ਤਾਂ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਹਨਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਸੁੱਖਾ ਰਾਮ ਦੇ ਇਲਾਜ ਵਿੱਚ ਅਣਗਹਿਲੀ ਵਰਤੇ ਜਾਣ ਕਾਰਨ ਉਸ ਦੀ ਮੌਤ ਹੋਈ ਹੈ। ਜੇਕਰ ਸਮਾਂ ਰਹਿੰਦਿਆਂ ਸੁੱਖਾ ਰਾਮ ਦਾ ਜੇਲ੍ਹ ਪ੍ਰਸ਼ਾਸਨ ਵੱਲੋਂ ਇਲਾਜ ਕਰਾਇਆ ਜਾਂਦਾ ਤਾਂ ਸ਼ਾਇਦ ਅੱਜ ਉਹ ਜਿਉਂਦਾ ਹੁੰਦਾ। ਉਹਨਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਹੋਈ ਸੁੱਖਾ ਰਾਮ ਦੀ ਮੌਤ ਦੀ ਡੁੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।
ਉਧਰ ਦੂਸਰੇ ਪਾਸੇ ਡੀਐਸਪੀ ਸਿਟੀ ਸਰਬਜੀਤ ਸਿੰਘ ਬਰਾੜ ਨੇ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਉਹਨਾਂ ਨੂੰ ਸੂਚਨਾ ਦਿੱਤੀ ਗਈ ਸੀ ਕਿ ਸੁੱਖਾ ਰਾਮ ਦੀ ਅਚਾਨਕ ਤਬੀਅਤ ਖਰਾਬ ਹੋਣ ਤੋਂ ਬਾਅਦ ਮੌਤ ਹੋ ਗਈ ਹੈ। ਇਸ ਮਾਮਲੇ ਸਬੰਧੀ ਜੁਡੀਸ਼ਅਲ ਮੈਜਿਸਟਰੇਟ ਵੱਲੋਂ ਜਾਂਚ ਆਰੰਭੀ ਗਈ ਹੈ। ਜਾਂਚ ਹੋਣ ਤੋਂ ਬਾਅਦ ਹੀ ਜੋ ਤੱਥ ਸਾਹਮਣੇ ਆਉਣਗੇ ,ਉਹਨਾਂ ਤੱਥਾਂ ਦੇ ਆਧਾਰ 'ਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾਵੇਗੀ।
- PTC NEWS