Amritsar Firing : ਜਾਗਰਣ ਦੌਰਾਨ ਦੋ ਧਿਰਾਂ ਦਰਮਿਆਨ ਚੱਲੀ ਗੋਲੀ, ਬਜ਼ੁਰਗ ਨੂੰ ਬਚਾਉਂਦਿਆਂ ਨੌਜਵਾਨ ਗੰਭੀਰ ਜ਼ਖ਼ਮੀ, ICU 'ਚ ਦਾਖਲ
Amritsar Firing : ਅੰਮ੍ਰਿਤਸਰ ਦੇ ਆਦਰਸ਼ ਨਗਰ, ਇਸਲਾਮਾਬਾਦ ਇਲਾਕੇ ਵਿੱਚ ਦੇਰ ਰਾਤ ਹੋ ਰਹੇ ਜਾਗਰਣ ਦੌਰਾਨ ਉਸ ਸਮੇਂ ਅਫ਼ਰਾ-ਤਫ਼ਰੀ ਮਚ ਗਈ, ਜਦੋਂ ਆਪਸੀ ਝਗੜੇ ਵਿਚਕਾਰ ਅਚਾਨਕ ਫਾਇਰਿੰਗ ਹੋ ਗਈ। ਇਸ ਘਟਨਾ ਵਿੱਚ ਇੱਕ ਨੌਜਵਾਨ ਨੂੰ ਗੋਲੀ ਲੱਗੀ, ਜਿਸ ਕਾਰਨ ਉਹ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਆਈਸੀਯੂ ਵਿੱਚ ਇਲਾਜ ਅਧੀਨ ਹੈ।
ਬਜ਼ੁਰਗ ਨੂੰ ਬਚਾਉਂਦਿਆਂ ਜ਼ਖ਼ਮੀ ਹੋਇਆ ਨੌਜਵਾਨ
ਘਟਨਾ ਬਾਰੇ ਜਾਣਕਾਰੀ ਦਿੰਦਿਆਂ ਜ਼ਖ਼ਮੀ ਨੌਜਵਾਨ ਦੀ ਭਾਬੀ ਪ੍ਰਿਆ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਪਿੱਛੇ ਗਲੀ ਵਿੱਚ ਜਾਗਰਣ ਚੱਲ ਰਿਹਾ ਸੀ। ਉਨ੍ਹਾਂ ਦੇ ਦੇਵਰ ਦੇ ਇੱਕ ਦੋਸਤ ਨੇ ਉਸ ਨੂੰ ਵੀ ਜਾਗਰਣ ਵਿੱਚ ਬੁਲਾਇਆ ਸੀ। ਜਿੱਥੇ ਸਾਰੇ ਲੋਕ ਖਾਣਾ ਖਾ ਰਹੇ ਸਨ, ਓਥੇ ਕਿਸੇ ਗੱਲ ਨੂੰ ਲੈ ਕੇ ਇੱਕ ਬਜ਼ੁਰਗ ਨਾਲ ਮਾਰਪੀਟ ਸ਼ੁਰੂ ਹੋ ਗਈ। ਉਨ੍ਹਾਂ ਦੇ ਦੇਵਰ ਨੇ ਬਜ਼ੁਰਗ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਕਿਹਾ ਕਿ ਉਹ ਬਜ਼ੁਰਗ ਹਨ, ਉਨ੍ਹਾਂ ਨਾਲ ਮਾਰਪੀਟ ਨਾ ਕੀਤੀ ਜਾਵੇ। ਇਸ ਦੌਰਾਨ ਮੁਹੱਲੇ ਦਾ ਹੀ ਇੱਕ ਨੌਜਵਾਨ ਉੱਥੇ ਆਇਆ ਅਤੇ ਅਚਾਨਕ ਗੋਲੀ ਚਲਾ ਦਿੱਤੀ। ਗੋਲੀ ਉਨ੍ਹਾਂ ਦੇ ਦੇਵਰ ਦੀ ਲੱਤ ਵਿੱਚ ਲੱਗੀ, ਜਿਸ ਨਾਲ ਉਹ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਿਆ।
ਪ੍ਰਿਆ ਨੇ ਦੱਸਿਆ ਕਿ ਗੋਲੀ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਹਾਲਤ ਗੰਭੀਰ ਦੱਸੀ ਅਤੇ ਆਈਸੀਯੂ ਵਿੱਚ ਦਾਖ਼ਲ ਕੀਤਾ ਗਿਆ। ਫਿਲਹਾਲ ਕਿਸੇ ਨੂੰ ਵੀ ਉਨ੍ਹਾਂ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਦੇਵਰ ਫਾਰਮੇਸੀ ਦਾ ਕੰਮ ਕਰਦੇ ਹਨ, ਵਿਆਹੇ ਹੋਏ ਹਨ ਅਤੇ ਪਰਿਵਾਰ ਦੇ ਜ਼ਿੰਮੇਵਾਰ ਮੈਂਬਰ ਹਨ। ਪਰਿਵਾਰ ਵੱਲੋਂ ਇਸ ਮਾਮਲੇ ਵਿੱਚ ਮੁਲਜ਼ਮ ਵਿਕਰਮ ਸ਼ਰਮਾ ਦੇ ਖ਼ਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬਿਆਨ ਦਰਜ ਕੀਤੇ ਹਨ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਰਸਤਾ ਦੇਣ ਨੂੰ ਲੈ ਕੇ ਹੋਇਆ ਵਿਵਾਦ
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਏਸੀਪੀ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਰਾਤ ਸਮੇਂ ਸੂਚਨਾ ਮਿਲੀ ਸੀ ਕਿ ਆਦਰਸ਼ ਨਗਰ ਵਿੱਚ ਜਾਗਰਣ ਦੌਰਾਨ ਦੋ ਧਿਰਾਂ ਵਿਚਾਲੇ ਝਗੜਾ ਹੋਇਆ ਹੈ ਅਤੇ ਫਾਇਰਿੰਗ ਦੀ ਘਟਨਾ ਵਾਪਰੀ ਹੈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਜਾਗਰਣ ਸਮੇਂ ਰਸਤਾ ਦੇਣ ਨੂੰ ਲੈ ਕੇ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਇੱਕ ਵਿਅਕਤੀ ਨੇ ਗੋਲੀ ਚਲਾ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਜ਼ਖ਼ਮੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ।
ਏਸੀਪੀ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਵਿੱਚ ਇਹ ਮਾਮਲਾ ਆਪਸੀ ਝਗੜੇ ਦਾ ਲੱਗਦਾ ਹੈ। ਪੁਲਿਸ ਸਾਰੇ ਪੱਖਾਂ ਤੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ। ਮੁਲਜ਼ਮ ਦੀ ਪਛਾਣ ਕਰ ਲਈ ਗਈ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ‘ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
- PTC NEWS