YouTuber Jasbir Singh : ਜਾਸੂਸੀ ਦੇ ਆਰੋਪ 'ਚ ਗ੍ਰਿਫ਼ਤਾਰ ਯੂਟਿਊਬਰ ਜਸਬੀਰ ਸਿੰਘ ਨੂੰ ਮੋਹਾਲੀ ਅਦਾਲਤ ਨੇ 2 ਦਿਨ ਦੇ ਰਿਮਾਂਡ 'ਤੇ ਭੇਜਿਆ ,ਫੋਨ 'ਚੋਂ ਮਿਲੇ ਪਾਕਿਸਤਾਨੀ ਨੰਬਰ
YouTuber Jasbir Singh : ਪਾਕਿਸਤਾਨ ਲਈ ਜਾਸੂਸੀ ਕਰਨ ਦੇ ਆਰੋਪ ਵਿੱਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਯੂਟਿਊਬਰ ਜਸਬੀਰ ਸਿੰਘ ਦਾ 3 ਦਿਨ ਦਾ ਪੁਲਿਸ ਰਿਮਾਂਡ ਖਤਮ ਹੋ ਗਿਆ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਵੱਲੋਂ ਯੂਟਿਊਬਰ ਜਸਬੀਰ ਸਿੰਘ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਯੂਟਿਊਬਰ ਜਸਬੀਰ ਸਿੰਘ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।
ਪੁਲਿਸ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਆਰੋਪੀ ਦੀ ਜਾਣਕਾਰੀ ਦੇ ਆਧਾਰ 'ਤੇ ਹੋਰ ਸਬੂਤ ਇਕੱਠੇ ਕਰਨੇ ਪੈਣਗੇ ਅਤੇ ਉਨ੍ਹਾਂ ਲੋਕਾਂ ਬਾਰੇ ਜਾਣਕਾਰੀ ਇਕੱਠੀ ਕਰਨੀ ਪਵੇਗੀ ,ਜਿਨ੍ਹਾਂ ਨਾਲ ਉਹ ਸੰਪਰਕ ਵਿੱਚ ਸੀ। ਜਸਬੀਰ ਸਿੰਘ ਰੋਪੜ ਦੇ ਪਿੰਡ ਮਹਾਲਾਂ ਦਾ ਰਹਿਣ ਵਾਲਾ ਹੈ। ਉਹ 6 ਵਾਰ ਪਾਕਿਸਤਾਨ ਜਾ ਚੁੱਕਾ ਹੈ। ਸਰਕਾਰੀ ਵਕੀਲ ਨੇ ਕਿਹਾ ਕਿ ਦਾਨਿਸ਼ ਵੱਲੋਂ ਜਸਬੀਰ ਸਿੰਘ ਦੀ SI ਏਜੰਟ ਨਾਲ ਮੁਲਾਕਾਤ ਕਰਵਾਈ ਸੀ। ਆਰੋਪੀ ਤੋਂ ਇਸ ਬਾਰੇ ਵੀ ਪੁੱਛਗਿੱਛ ਕੀਤੀ ਜਾਣੀ ਹੈ।
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਹ ISI ਏਜੰਟ ਸ਼ਾਕਿਰ ਉਰਫ਼ ਜੱਟ ਰੰਧਾਵਾ ਦੇ ਸੰਪਰਕ ਵਿੱਚ ਸੀ। ਉਹ ਹਰਿਆਣਾ ਤੋਂ ਗ੍ਰਿਫ਼ਤਾਰ ਯੂਟਿਊਬਰ ਜੋਤੀ ਮਲਹੋਤਰਾ ਅਤੇ ਪਾਕਿਸਤਾਨੀ ਹਾਈ ਕਮਿਸ਼ਨ ਤੋਂ ਕੱਢੇ ਗਏ ਅਧਿਕਾਰੀ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਦੇ ਸੰਪਰਕ ਵਿੱਚ ਵੀ ਸੀ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਦੇ ਡੀਐਸਪੀ ਪਵਨ ਸ਼ਰਮਾ ਨੇ ਕਿਹਾ ਕਿ ਜਸਬੀਰ ਸਿੰਘ ਖ਼ਿਲਾਫ਼ ਮੋਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਸਨੂੰ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ 3 ਦਿਨਾਂ ਦੇ ਰਿਮਾਂਡ 'ਤੇ ਲਿਆ ਗਿਆ।
- PTC NEWS