Advertisment

ਸ੍ਰੀ ਗੁਰੂ ਰਾਮਦਾਸ ਸਰਾਂ ਦੇ ਨਵ ਨਿਰਮਾਣ ਵਿਚ ਅੜਿੱਕਾ ਠੀਕ ਨਹੀਂ : ਬੀਬੀ ਜਗੀਰ ਕੌਰ

author-image
Shanker Badra
Updated On
New Update
ਸ੍ਰੀ ਗੁਰੂ ਰਾਮਦਾਸ ਸਰਾਂ ਦੇ ਨਵ ਨਿਰਮਾਣ ਵਿਚ ਅੜਿੱਕਾ ਠੀਕ ਨਹੀਂ : ਬੀਬੀ ਜਗੀਰ ਕੌਰ
Advertisment
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣਾਏ ਜਾ ਰਹੇ ਜੋੜਾ ਘਰ ਅਤੇ ਵਹੀਕਲ ਸਟੈਂਡ ਲਈ ਖੁਦਾਈ ਸਮੇਂ ਨਿਕਲੀ ਇਮਾਰਤ ਬਾਰੇ ਪੁਰਾਤਤਵ ਵਿਭਾਗ ਵੱਲੋਂ ਆਪਣੀ ਰਿਪੋਰਟ ਦੇ ਦਿੱਤੀ ਗਈ ਹੈ ਪਰ ਸ਼੍ਰੋਮਣੀ ਕਮੇਟੀ ਨੇ ਡਿਪਟੀ ਕਮਿਸ਼ਨਰ ਨੂੰ ਇਸ ਬਾਰੇ ਹੋਰ ਜਾਣਕਾਰੀ ਲਈ ਕਿਹਾ ਹੈ। ਇਸ ਦੇ ਨਾਲ ਹੀ ਇਮਾਰਤ ਦੀ ਬਾਰੇ ਖੋਜ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਕਾਰਾਂ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪੁਰਾਤਤਵ ਵਿਭਾਗ ਦੇ ਮਾਹਿਰਾਂ ਨੇ ਇਮਾਰਤ ਦੇ ਇਤਿਹਾਸਕ ਨਾ ਹੋ ਕੇ ਵਿਰਾਸਤੀ ਹੋਣ ਦਾ ਜ਼ਿਕਰ ਕੀਤਾ ਹੈ ਪਰ ਫਿਰ ਵੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਰਾਹੀਂ ਟੂਰਿਜ਼ਮ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ, ਤਾਂ ਜੋ ਇਸ ਦੀ ਸਾਂਭ-ਸੰਭਾਲ ਬਾਰੇ ਸਹੀ ਕਦਮ ਉਠਾਇਆ ਜਾ ਸਕੇ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਗਲਿਆਰਾ ਯੋਜਨਾ ਸਮੇਂ ਬਹੁਤ ਸਾਰੀਆਂ ਅਜਿਹੀਆਂ ਹੀ ਇਮਾਰਤਾਂ ਹੇਠਾਂ ਦੱਬ ਦਿੱਤੀਆਂ ਗਈਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਗਲਿਆਰੇ ਦੀ ਮੌਜੂਦਾ ਸਥਿਤੀ ਵੀ ਬਹੁਤੀ ਚੰਗੀ ਨਹੀਂ ਹੈ ਅਤੇ ਸਾਂਭ-ਸੰਭਾਲ ਦੇ ਅਣਦੇਖੀ ਕਾਰਨ ਇਥੇ ਵੱਡੀ ਪੱਧਰ ’ਤੇ ਗੰਦਗੀ ਫੈਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਗਲਿਆਰੇ ਦੀ ਦੇਖ ਭਾਲ ਕਰਨ ਲਈ ਤਿਆਰ ਹੈ ਅਤੇ ਇਸ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਦੇਣ ਲਈ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖਿਆ ਗਿਆ ਹੈ। ਇਸ ਦੇ ਨਾਲ ਹੀ ਵਿਰਾਸਤੀ ਮਾਰਗ ਦੀ ਸਾਂਭ-ਸੰਭਾਲ ਦੀ ਜ਼ੁੰਮੇਵਾਰੀ ਵੀ ਸ਼੍ਰੋਮਣੀ ਕਮੇਟੀ ਚੁੱਕਣ ਨੂੰ ਤਿਆਰ ਹੈ ਅਤੇ ਇਸ ਬਾਰੇ ਵੀ ਕਾਰਵਾਈ ਅੱਗੇ ਤੋਰੀ ਜਾਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਪੁੱਜਦੀਆਂ ਸੰਗਤਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਨਵੀਆਂ ਸਰਾਵਾਂ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ ਹੈ ਪਰ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਜਾਣਬੁਝ ਕੇ ਅੜਿੱਕਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਨਵ-ਨਿਰਮਾਣ ਲਈ ਯੋਜਨਾ ਤਿਆਰ ਕੀਤੀ ਗਈ ਹੈ, ਕਿਉਂਕਿ ਇਥੇ 232 ਕਮਰੇ ਅਤੇ 18 ਹਾਲ ਹੋਣ ਦੇ ਬਾਵਜੂਦ ਵੀ ਸੰਗਤਾਂ ਇਥੇ ਰਹਿਣ ਨੂੰ ਤਿਆਰ ਨਹੀਂ। ਮੌਜੂਦਾ ਸਮੇਂ ਇਸ ਸਰਾਂ ਦੇ 125 ਕਮਰੇ ਅਤੇ 3 ਹਾਲ ਹੀ ਵਰਤੋਂ ਵਿਚ ਆ ਰਹੇ ਹਨ ਅਤੇ ਬਾਕੀਆਂ ਦੀ ਹਾਲਤ ਰਹਿਣਯੋਗ ਨਹੀਂ ਹੈ। ਇਥੇ ਸ਼੍ਰੋਮਣੀ ਕਮੇਟੀ ਵੱਲੋਂ 800 ਕਮਰੇ ਤਿਆਰ ਕਰਨ ਦੀ ਯੋਜਨਾ ਹੈ। ਇਸ ਦੀ ਬਾਹਰੀ ਦਿੱਖ ਨੂੰ ਹੂਬਹੂ ਰੱਖਦਿਆਂ ਨੂੰ ਨਿਰਮਾਣ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਇਸ ਦੇ 1984 ਨਾਲ ਸਬੰਧਤ ਹੋਣ ਦਾ ਜ਼ਿਕਰ ਕਰਕੇ ਨਵ-ਨਿਰਮਾਣ ਨੂੰ ਰੋਕਣ ਦਾ ਯਤਨ ਕੀਤਾ ਜਾ ਰਿਹਾ ਹੈ, ਪਰ 1984 ਦੇ ਘੱਲੂਘਾਰੇ ਨਾਲ ਤਾਂ ਸ੍ਰੀ ਦਰਬਾਰ ਸਾਹਿਬ ਦੇ ਸਾਰੇ ਆਲੇ-ਦੁਆਲੇ ਨਾਲ ਹੀ ਸਬੰਧ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਦੀ ਮੌਲਿਕਤਾ ਨੂੰ ਖ਼ਤਮ ਕੀਤੇ ਬਗੈਰ ਹੀ ਸੇਵਾ ਕਰਵਾਈ ਜਾਣੀ ਹੈ, ਜਿਸ ਵਿਚ ਕਿਸੇ ਨੂੰ ਵੀ ਸੰਗਤ ਅੰਦਰ ਦੁਬਿਧਾ ਨਹੀਂ ਪੈਦਾ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਕਾਲੀ ਬਾਗ ਵਾਲੀ ਜਗ੍ਹਾ ’ਤੇ ਵੀ 1000 ਕਮਰਿਆਂ ਲਈ 4 ਬਲਾਕ ਤਿਆਰ ਕਰਨ ਦੀ ਯੋਜਨਾ ਹੈ, ਤਾਂ ਜੋ ਸੰਗਤ ਨੂੰ ਰਿਹਾਇਸ਼ ਦੀ ਮੁਸ਼ਕਲ ਨਾ ਆਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ। -PTCNews-
sgpc bibi-jagir-kaur car-sewa
Advertisment

Stay updated with the latest news headlines.

Follow us:
Advertisment