ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ, ਅੱਜ ਕੋਰੋਨਾ ਦਾ ਕੋਈ ਵੀ ਨਵਾਂ ਪਾਜ਼ਿਟਿਵ ਮਾਮਲਾ ਸਾਹਮਣੇ ਨਹੀਂ ਆਇਆ

ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ, ਅੱਜ ਕੋਰੋਨਾ ਦਾ ਕੋਈ ਵੀ ਨਵਾਂ ਪਾਜ਼ਿਟਿਵ ਮਾਮਲਾ ਸਾਹਮਣੇ ਨਹੀਂ ਆਇਆ:ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਖ਼ਤਰੇ ਤੋਂ ਹਰ ਕੋਈ ਡਰ ਰਿਹਾ ਹੈ ਪਾਰ ਹੁਣ ਪੰਜਾਬ ਚ ਕੋਰੋਨਾ ਨੂੰ ਲੈ ਕੇ ਆਸ ਦੀ ਕਿਰਨ ਜਾਗੀ ਹੈ। ਕੋਰੋਨਾ ਵਾਇਰਸ ਨੂੰ ਲੈ ਕੇ ਸ਼ਨੀਵਾਰ ਦਾ ਦਿਨ ਪੰਜਾਬ ਦੇ ਲੋਕਾਂ ਲਈ ਬਹੁਤ ਹੀ ਰਾਹਤ ਭਰਿਆ ਰਿਹਾ ਹੈ ਕਿਉਂਕਿ ਅੱਜ ਦੇ ਦਿਨ ਕੋਰੋਨਾ ਵਾਇਰਸ ਨੂੰ ਲੈ ਕੇ ਕੋਈ ਵੀ ਨਵਾਂ ਪਾਜ਼ਿਟਿਵ ਮਾਮਲਾ ਪੂਰੇ ਸੂਬੇ ਭਰ ’ਚੋਂ ਸਾਹਮਣੇ ਨਹੀਂ ਆਇਆ। ਅੰਮ੍ਰਿਤਸਰ ’ਚ ਦਾਖਲ ਹੁਸ਼ਿਆਰਪੁਰ ਦੇ ਮਰੀਜ਼ ਦੀ ਹਾਲਤ ’ਚ ਸੁਧਾਰ ਹੋਣ ਤੋਂ ਬਾਅਦ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਸਰਕਾਰ ਵਲੋਂ ਜਾਰੀ ਹੈਲਥ ਬੁਲੇਟਿਨ ਅਨੁਸਾਰ ਸ਼ਨੀਵਾਰ ਤੱਕ ਰਾਜ ਭਰ ’ਚ ਕੋਰੋਨਾ ਵਾਇਰਸ ਦੇ ਸ਼ੱਕੀਆਂ ਦੀ ਗਿਣਤੀ 898 ਸੀ। ਇਨ੍ਹਾਂ ਸਾਰਿਆਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ’ਚੋਂ ਸਿਰਫ਼ 38 ਮਾਮਲਿਆਂ ’ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ,ਜਦੋਂ ਕਿ 596 ਦੀ ਰਿਪੋਰਟ ਨੈਗੇਟਿਵ ਆਈ ਹੈ। ਹਾਲਾਂਕਿ ਅਜੇ 264 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।

ਓਧਰ ਦੂਜੇ ਪਾਸੇ ਨਵਾਂਸ਼ਹਿਰ ਦੇ ਲੋਕਾਂ ਲਈ ਵੀ ਅੱਜ ਦਾ ਦਿਨ ਰਾਹਤ ਭਰਿਆ ਰਿਹਾ ਹੈ। ਕੋਰੋਨਾ ਵਾਇਰਸ ਨਾਲ ਪੀੜਤ ਬਲਦੇਵ ਸਿੰਘ ਦੀ ਮੌਤ ਤੋਂ ਬਾਅਦ ਉਸਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਦਾ ਜਦ ਸੈਂਪਲ ਲਿਆ ਗਿਆ ਸੀ ਤਾਂ ਲਗਭਗ 19 ਲੋਕ ਪਾਜ਼ੀਟਿਵ ਆਉਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੋਇਆ ਸੀ। ਸਿਹਤ ਵਿਭਾਗ ਵੱਲੋਂ 127 ਲੋਕਾਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ ਵਿਚੋਂ ਅੱਜ 127 ਲੋਕਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਪਿੰਡ ਦੇ ਲੋਕਾਂ ਦੇ ਸੁੱਖ ਦਾ ਸਾਹ ਲਿਆ ਹੈ।

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 38 ਕੇਸ ਪਾਜ਼ੀਟਿਵ ਪਾਏ ਹਨ। ਇਨ੍ਹਾਂ ‘ਚ ਸਭ ਤੋਂ ਵੱਧ ਨਵਾਂਸ਼ਹਿਰ ਦੇ 19, ਐੱਸ.ਏ.ਐੱਸ. ਨਗਰ (ਮੋਹਾਲੀ) ਦੇ 6, ਹੁਸ਼ਿਆਰਪੁਰ ਦੇ 6, ਜਲੰਧਰ ਦੇ 5, ਲੁਧਿਆਣਾ ਦਾ 1 ਅਤੇ ਅੰਮ੍ਰਿਤਸਰ ਦਾ 1 ਮਾਮਲਾ ਸਾਹਮਣੇ ਆਇਆ ਹੈ,ਜਿਨ੍ਹਾਂ ‘ਚੋਂ ਨਵਾਂਸ਼ਹਿਰ ਦੇ ਪਿੰਡ ਪਠਲਾਵਾ ‘ਚ ਸਭ ਤੋਂ ਪਹਿਲਾਂ ਕੋਰੋਨਾ ਵਾਇਰਸ ਨਾਲ ਪੀੜਤ ਬਜ਼ੁਰਗ ਬਲਦੇਵ ਸਿੰਘ ਦੀ ਮੌਤ ਹੋ ਚੁੱਕੀ ਹੈ।
-PTCNews