23 ਕਿਸਾਨ ਜਥੇਬੰਦੀਆਂ ਦੇ ਆਗੂ 10 ਮਈ ਨੂੰ ਬਿਜਲੀ ਮੰਤਰੀ ਨਾਲ ਕਰਨਗੇ ਮੀਟਿੰਗ
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਦੀਆਂ 23 ਜਥੇਬੰਦੀਆਂ ਦੇ ਆਗੂ 10 ਮਈ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ETO ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਦੌਰਾਨ ਆਉਣ ਵਾਲੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਬਿਜਲੀ ਨਾਲ ਸਬੰਧਤ ਮਸਲਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਹ ਮੀਟਿੰਗ ਬਿਜਲੀ ਮੰਤਰੀ ਪੰਜਾਬ ਨਾਲ 10 ਮਈ ਦੁਪਹਿਰ 1:00 ਵਜੇ ਪੰਜਾਬ ਭਵਨ, ਸੈਕਟਰ-3, ਚੰਡੀਗੜ੍ਹ ਵਿਖੇ ਮੀਟਿੰਗ ਨਿਰਧਾਰਤ ਕੀਤੀ ਗਈ ਹੈ।
ਇਸ ਸਬੰਧੀ ਪੰਜਾਬ ਪਾਵਰਕਾਮ ਵਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਨੋਟੀਫਿਕੇਸ਼ਨ ਵਿਚ ਦੱਸਿਆ ਗਿਆ ਹੈ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਬਿਜਲੀ ਨਾਲ ਸਬੰਧਤ ਮਸਲਿਆਂ ’ਤੇ ਵਿਚਾਰ ਵਟਾਂਦਰਾ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਦੀਆਂ 23 ਜਥੇਬੰਦੀਆਂ ਦੇ ਆਗੂਆਂ ਦੀ ਬਿਜਲੀ ਮੰਤਰੀ ਪੰਜਾਬ ਨਾਲ ਮੀਟਿਗਾਂ ਨਿਰਧਾਰਿਤ ਕੀਤੀ ਗਈ ਹੈ।
ਸੰਯੁਕਤ ਕਿਸਾਨ ਮੋਰਚਾ ਹੀ ਇਸ ਮੀਟਿੰਗ ਵਿਚ ਸ਼ਾਮਿਲ ਹੋਵੇਗਾ। ਚੋਣਾਂ ਵਿਚ ਹਿਸਾ ਲੈਣ ਵਾਲੀਆਂ ਜਥੇਬੰਦੀਆਂ ਮੀਟਿੰਗ ਦਾ ਹਿੱਸਾ ਨਹੀਂ ਹੋਣਗੀਆਂ। ਦੱਸਣਯੋਗ ਹੈ ਕਿ ਬੀਤੇ ਦਿਨੀ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਦੀਆਂ 23 ਕਿਸਾਨ ਜਥੇਬੰਦੀਆਂ ਨਾਲ ਹੋਈ ਪਹਿਲੀ ਮੀਟਿੰਗ ਵਿਚ ਵੱਡੇ ਫ਼ੈਸਲੇ ਲਏ ਗਏ ਸਨ। ਇਸ ਵਿਚ ਐੱਮ. ਐੱਸ. ਪੀ. ਤੋਂ ਇਲਾਵਾ ਕਣਕ ਦੇ ਨੁਕਸਾਨ ਦੇ ਬਦਲੇ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦਾ ਵੀ ਭਰੋਸਾ ਦਿੱਤਾ ਗਿਆ ਹੈ।
ਮੀਟਿੰਗ ਤੋਂ ਬਾਅਦ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਇਹ ਮੀਟਿੰਗ ਬਹੁਤ ਹੀ ਖੁਸ਼ਗਵਾਰ ਮਾਹੌਲ ਵਿਚ ਹੋਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਣੀ ਬਚਾਉਣ ਅਤੇ ਫਸਲੀ ਵਿਭਿੰਨਤਾ ਦੀ ਗੱਲ ਆਖੀ ਹੈ। ਜਿਸ ’ਤੇ ਅਸੀਂ ਕਿਹਾ ਕਿ ਮੂੰਗੀ, ਮੱਕੀ ਅਤੇ ਬਾਸਮਤੀ ’ਤੇ ਐੱਮ. ਐੱਸ. ਪੀ. ਦਿਓ, ਜਿਸ ’ਤੇ ਮੁੱਖ ਮੰਤਰੀ ਨੇ ਸਹਿਮਤੀ ਪ੍ਰਗਟਾਈ ਹੈ। ਇਸ ਤੋਂ ਇਲਾਵਾ ਬਿਜਲੀ ਦੇ ਮਾਮਲੇ ’ਤੇ ਵੀ ਉਹ ਮੰਨ ਗਏ ਹਨ ਕਿ ਜੂਨ ਦੀ ਬਜਾਏ ਮਈ ਤੋਂ ਹੀ ਹਾਲਾਤ ਸੁਧਾਰਣਗੇ।
-PTC News