ਦੇਸ਼- ਵਿਦੇਸ਼

ਵਿੱਤ ਮੰਤਰੀ ਦਾ ਬਿਆਨ ਕਿਹਾ ਭਾਰਤ ਨਾਲ ਮੁੜ ਵਪਾਰ ਸ਼ੁਰੂ ਕਰਨਾ ਚਾਹੁੰਦਾ ਹੈ ਪਾਕਿਸਤਾਨ

By Jasmeet Singh -- August 29, 2022 9:19 pm -- Updated:August 29, 2022 9:26 pm

ਨਵੀਂ ਦਿੱਲੀ, 29 ਅਗਸਤ: ਭਿਆਨਕ ਹੜ੍ਹਾਂ ਅਤੇ ਮਹਿੰਗਾਈ ਨਾਲ ਜੂਝ ਰਹੇ ਪਾਕਿਸਤਾਨ ਨੇ ਭਾਰਤ ਨਾਲ ਫਿਰ ਤੋਂ ਵਪਾਰ ਕਰਨ ਦੀ ਮੰਸ਼ਾ ਜ਼ਾਹਿਰ ਕੀਤੀ ਹੈ। ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾਹ ਇਸਮਾਈਲ ਨੇ ਸੋਮਵਾਰ ਨੂੰ ਇਹ ਬਿਆਨ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਹਾਲ ਹੀ ਵਿੱਚ ਆਏ ਹੜ੍ਹਾਂ ਅਤੇ ਫ਼ਸਲਾਂ ਦੀ ਤਬਾਹੀ ਕਾਰਨ ਲੋਕਾਂ ਦੀ ਸਹੂਲਤ ਲਈ ਭਾਰਤ ਤੋਂ ਸਬਜ਼ੀਆਂ ਅਤੇ ਹੋਰ ਖਾਣ-ਪੀਣ ਦੀਆਂ ਵਸਤੂਆਂ ਦਰਾਮਦ ਕਰਨ ਬਾਰੇ ਵਿਚਾਰ ਕਰ ਸਕਦੀ ਹੈ।

ਰੇਡੀਓ ਪਾਕਿਸਤਾਨ ਦੇ ਅਨੁਸਾਰ ਮਿਫਤਾ ਇਸਮਾਈਲ ਨੇ ਇਸਲਾਮਾਬਾਦ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਦੇ ਹੋਏ ਇੱਕ ਸਵਾਲ ਦੇ ਜਵਾਬ ਵਿੱਚ ਇਹ ਗੱਲ ਕਹੀ। ਦੱਸ ਦੇਈਏ ਕਿ ਪਾਕਿਸਤਾਨ ਨੇ 19 ਅਗਸਤ 2019 ਨੂੰ ਭਾਰਤ ਨਾਲ ਆਪਣੇ ਵਪਾਰਕ ਸਬੰਧਾਂ ਨੂੰ ਰਸਮੀ ਤੌਰ 'ਤੇ ਖਤਮ ਕਰ ਦਿੱਤਾ ਸੀ। ਪਾਕਿਸਤਾਨ ਨੇ ਇਹ ਫੈਸਲਾ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾਉਣ ਦੇ ਭਾਰਤ ਦੇ ਫੈਸਲੇ ਦੇ ਪ੍ਰਤੀਕਰਮ ਵਜੋਂ ਲਿਆ ਹੈ।

ਹਾਲਾਂਕਿ ਮਈ ਵਿੱਚ ਵਣਜ ਮੰਤਰਾਲੇ ਨੇ ਪਾਕਿਸਤਾਨ ਦੀ ਸਰਕਾਰ ਵਿੱਚ ਤਬਦੀਲੀ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਰੁਕੇ ਹੋਏ ਦੁਵੱਲੇ ਵਪਾਰ ਨੂੰ ਮੁੜ ਸ਼ੁਰੂ ਹੋਣ ਦੀ ਸੰਭਾਵਨਾ ਤੋਂ ਇਨਕਾਰ ਕਰ ਦਿੱਤਾ ਸੀ। ਦਰਅਸਲ ਸੋਸ਼ਲ ਮੀਡੀਆ 'ਤੇ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਅਗਵਾਈ ਵਾਲੀ ਸਰਕਾਰ ਭਾਰਤ ਨਾਲ ਵਪਾਰ ਮੁੜ ਸ਼ੁਰੂ ਕਰਨ ਦੇ ਪ੍ਰਸਤਾਵ 'ਤੇ ਵਿਚਾਰ ਕਰ ਰਹੀ ਹੈ। ਜਿਸ 'ਤੇ ਵਣਜ ਮੰਤਰਾਲੇ ਤੋਂ ਇਹ ਪ੍ਰਤੀਕਿਰਿਆ ਆਈ ਸੀ ਕਿ ਭਾਰਤ ਨਾਲ ਵਪਾਰ 'ਤੇ ਪਾਕਿਸਤਾਨ ਦੀ ਨੀਤੀ 'ਚ ਕੋਈ ਬਦਲਾਅ ਨਹੀਂ ਹੋਇਆ ਹੈ।

ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਪਾਕਿਸਤਾਨ 'ਚ ਭਿਆਨਕ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ 1000 ਟੱਪ ਗਈ ਹੈ। ਇਸ ਦੇ ਨਾਲ ਹੀ ਵਿੱਤੀ ਸੰਕਟ ਨਾਲ ਜੂਝ ਰਹੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਸਰਕਾਰ ਦੀ ਅਪੀਲ ਤੋਂ ਬਾਅਦ ਕੌਮਾਂਤਰੀ ਮਦਦ ਪਹੁੰਚਣੀ ਸ਼ੁਰੂ ਹੋ ਗਈ ਹੈ। ਪਾਕਿਸਤਾਨ ਦੀ ਜਲਵਾਯੂ ਪਰਿਵਰਤਨ ਮੰਤਰੀ ਸ਼ੈਰੀ ਰਹਿਮਾਨ ਨੇ ਇਸ ਨੂੰ ਦਹਾਕੇ ਦਾ ਸਭ ਤੋਂ ਖਰਾਬ ਮਾਨਸੂਨ ਦੱਸਿਆ ਹੈ।

ਹੜ੍ਹਾਂ ਦੀ ਤੀਬਰਤਾ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ 33 ਲੱਖ ਲੋਕ ਯਾਨੀ ਦੇਸ਼ ਦੀ ਕੁੱਲ ਆਬਾਦੀ ਦਾ ਲਗਭਗ 7ਵਾਂ ਹਿੱਸਾ ਬੇਘਰ ਹੋ ਗਿਆ ਹੈ। ਇਸ ਦੇ ਨਾਲ ਹੀ ਵਿੱਤ ਮੰਤਰੀ ਮਿਫਤਾ ਇਸਮਾਈਲ ਨੇ ਕਿਹਾ ਕਿ ਹੜ੍ਹਾਂ ਕਾਰਨ ਪਾਕਿਸਤਾਨ ਦੀ ਅਰਥਵਿਵਸਥਾ ਨੂੰ 10 ਅਰਬ ਅਮਰੀਕੀ ਡਾਲਰ ਤੱਕ ਦਾ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ: ਹਾਈਕੋਰਟ ਨੇ ਪਠਾਨਕੋਟ, ਗੁਰਦਾਸਪੁਰ ਤੇ ਨੇੜਲੇ ਸਰਹੱਦੀ ਖੇਤਰ 'ਚ ਹਰ ਤਰ੍ਹਾਂ ਦੀ ਮਾਈਨਿੰਗ 'ਤੇ ਲਗਾਈ ਰੋਕ


-PTC News

  • Share