ਸਰਕਾਰੀ ਵਿਭਾਗਾਂ ਨਾਲ ਜੁੜੀਆਂ ਸ਼ਿਕਾਇਤਾਂ ਲਈ ਪੰਜਾਬ 'ਚ ਸ਼ੁਰੂ ਹੋਈ ਡਿਜੀਟਲ ਸ਼ਿਕਾਇਤ ਨਿਵਾਰਣ ਪ੍ਰਣਾਲੀ

By PTC NEWS - August 18, 2020 3:08 pm

ਚੰਡੀਗੜ੍ਹ - ਸੂਬੇ ਦੇ ਲੋਕਾਂ ਤੱਕ ਨਾਗਰਿਕ ਕੇਂਦ੍ਰਿਤ ਸੇਵਾਵਾਂ ਨਿਰਵਿਘਨ ਪਹੁੰਚਾਉਣ ਦੀ ਕੋਸ਼ਿਸ਼ ਵਜੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਮਵਾਰ ਨੂੰ ਵਨ-ਸਟਾਪ ਵੈੱਬ ਪੋਰਟਲ ਦੇ ਰੂਪ 'ਚ ਇੱਕ ਡਿਜੀਟਲ ਸ਼ਿਕਾਇਤ ਨਿਵਾਰਣ ਪ੍ਰਣਾਲੀ (Public Grievance Redressal System or PGRS) ਸ਼ੁਰੂ ਕੀਤੀ ਗਈ ਹੈ, ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਸਮਾਂਬੱਧ ਢੰਗ ਨਾਲ ਕੀਤਾ ਜਾ ਸਕੇ।
PGRS online system started in Punjab
ਪੋਰਟਲ ਦਾ 'ਵਰਚੁਅਲੀ' ਉਦਘਾਟਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ (ਡੀਜੀਆਰ ਤੇ ਪੀਜੀ) ਵੱਲੋਂ ਵਿਕਸਤ ਕੀਤਾ ਗਿਆ ਇਹ ਵੈੱਬ ਪੋਰਟਲ, ਵੱਖ-ਵੱਖ ਵਿਭਾਗਾਂ 'ਚ ਨਾਗਰਿਕ ਸੇਵਾਵਾਂ ਦੀਆਂ ਪ੍ਰਕਿਰਿਆਵਾਂ ਦੀ ਡਿਜੀਟਲਾਈਜੇਸ਼ਨ ਲਈ ਅਹਿਮ ਸਾਬਿਤ ਹੋਵੇਗਾ। ਇਸ ਬਾਰੇ ਉਨ੍ਹਾਂ ਮੁੱਖ ਸਕੱਤਰ ਪੰਜਾਬ ਨੂੰ ਹਦਾਇਤ ਵੀ ਕੀਤੀ ਹੈ ਕਿ ਉਹ ਸੂਬਾ ਵਾਸੀਆਂ ਨੂੰ ਇਸ ਪ੍ਰਣਾਲੀ ਦੀ ਵਰਤੋਂ ਕਰਨ ਵਾਸਤੇ ਉਤਸ਼ਾਹਿਤ ਕਰਨ ਅਤੇ ਸਰਕਾਰੀ ਅਧਿਕਾਰੀਆਂ ਨੂੰ ਡਿਜੀਟਲ ਪੰਜਾਬ ਦੀ ਮਜ਼ਬੂਤੀ ਲਈ ਇਸ ਪ੍ਰਣਾਲੀ ਦੀ ਵਰਤੋਂ ਕਰਨ ਲਈ ਕਹਿਣ।

ਇਸ ਮਾਮਲੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਕਿਹਾ ਕਿ ਪੋਰਟਲ ਦਾ ਉਦੇਸ਼ ਨਵੀਨਤਮ ਤਕਨਾਲੋਜੀ ਦੀ ਵਰਤੋਂ ਕਰਦਿਆਂ, ਨਾਗਰਿਕ ਕੇਂਦਰੀ ਪ੍ਰਸ਼ਾਸਨ ਨੂੰ ਸੁਖਾਲ਼ਾ ਬਣਾਉਣਾ ਹੈ। ਨਾਗਰਿਕ ਹੁਣ ਆਪਣੀਆਂ ਸ਼ਿਕਾਇਤਾਂ ਸਬੰਧਿਤ ਸਰਕਾਰੀ ਵਿਭਾਗਾਂ ਕੋਲ connect.punjab.gov.in 'ਤੇ ਜਾ ਕੇ ਦਾਖਲ ਕਰਵਾ ਸਕਦੇ ਹਨ। ਸੂਬੇ ਦੇ ਸਾਰੇ ਸਰਕਾਰੀ ਵਿਭਾਗਾਂ ਨੂੰ ਇਸ ਨਾਲ ਜੋੜ ਦਿੱਤਾ ਗਿਆ ਹੈ ਅਤੇ ਸਰਕਾਰੀ ਅਧਿਕਾਰੀਆਂ ਨੂੰ ਵੀ ਚੰਡੀਗੜ੍ਹ ਅਤੇ ਜ਼ਿਲ੍ਹਾ ਪੱਧਰ ਦੇ ਮੁੱਖ ਦਫ਼ਤਰਾਂ ਵਿਖੇ ਇਸ ਦੀ ਵਰਤੋਂ ਬਾਰੇ ਸਿਖਲਾਈ ਦਿੱਤੀ ਗਈ ਹੈ। ਬੁਲਾਰੇ ਨੇ ਕਿਹਾ ਕਿ ਸਮੂਹ ਅਧਿਕਾਰੀ ਨਾਗਰਿਕਾਂ ਦੀਆਂ ਸ਼ਿਕਾਇਤਾਂ ਪ੍ਰਾਪਤ ਕਰਨ ਅਤੇ ਉਨ੍ਹਾਂ ਦੇ ਜਲਦ ਤੇ ਸਹੀ ਹੱਲ ਕਰਨ ਲਈ ਤਿਆਰ ਹਨ।
PGRS online system started in Punjab
ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਪੀਜੀਆਰਐਸ ਕੇਂਦਰੀ ਪੋਰਟਲ ਵਜੋਂ ਕੰਮ ਕਰੇਗੀ ਜਿੱਥੇ ਸਾਰੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਪੋਰਟਲ 'ਤੇ ਜਾ ਕੇ, ਈਮੇਲ, ਡਾਕ ਰਾਹੀਂ ਜਾਂ ਸੇਵਾ ਕੇਂਦਰਾਂ 'ਤੇ ਜਾ ਕੇ ਵਿਅਕਤੀਗਤ ਤੌਰ 'ਤੇ ਦਰਜ ਕਰਵਾਈਆਂ ਜਾ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਮੰਤਰੀ ਮੰਡਲ ਵੱਲੋਂ ਪਹਿਲਾਂ ਹੀ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ 2020 ਦੀ ਨੀਤੀ ਨੂੰ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ, ਜੋ ਨਾਗਰਿਕਾਂ ਨੂੰ ਸਮੇਂ ਸਿਰ ਰਾਹਤ ਦੇਣ ਲਈ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਨਿਰਧਾਰਤ ਕਰਦੀ ਹੈ।
PGRS online system started in Punjab
ਪੋਰਟਲ ਦੇ ਜ਼ਰੀਏ, ਨਾਗਰਿਕ ਆਪਣੀਆਂ ਸ਼ਿਕਾਇਤਾਂ ਦੀ ਸਥਿਤੀ ਬਾਰੇ ਆਨਲਾਈਨ ਜਾਣ ਸਕਣਗੇ ਅਤੇ ਪ੍ਰਕਿਰਿਆ ਦੇ ਹਰ ਪੜਾਅ 'ਤੇ ਉਨ੍ਹਾਂ ਨੂੰ ਐੱਸਐੱਮਐੱਸ ਰਾਹੀਂ ਸੂਚਨਾ ਮਿਲਦੀ ਰਹੇਗੀ। ਸ਼ਿਕਾਇਤ ਦਾ ਹੱਲ ਹੋਣ 'ਤੇ ਉਨ੍ਹਾਂ ਕੋਲ ਫ਼ੋਨ ਕਾਲ ਆਵੇਗੀ, ਅਤੇ ਜੇਕਰ ਕੀਤੇ ਹੱਲ ਤੋਂ ਉਹ ਸੰਤੁਸ਼ਟ ਨਹੀਂ ਹਨ ਤਾਂ ਉਨ੍ਹਾਂ ਦੀ ਸ਼ਿਕਾਇਤ ਉੱਚ-ਅਧਿਕਾਰੀਆਂ ਕੋਲ ਪਹੁੰਚਾਈ ਜਾਵੇਗੀ।

ਇਸੇ ਦੌਰਾਨ ਪ੍ਰਿੰਸੀਪਲ ਸਕੱਤਰ, ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਲੋਕ ਸ਼ੇਖਰ ਨੇ ਕਿਹਾ ਕਿ ਉਕਤ ਵਿਭਾਗਾਂ ਵੱਲੋਂ ਸੁਚਾਰੂ ਕੰਮਕਾਜ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰ ਤੋਂ ਲੈ ਕੇ ਮੁੱਖ ਮੰਤਰੀ ਦਫ਼ਤਰ ਤੱਕ ਹਰ ਪੱਧਰ 'ਤੇ ਸ਼ਿਕਾਇਤਾਂ ਦੀ ਨਿਗਰਾਨੀ ਲਈ ਡਿਜੀਟਲ ਡੈਸ਼ਬੋਰਡ ਤਿਆਰ ਕੀਤੇ ਗਏ ਹਨ, ਅਤੇ ਇਸ ਕਾਰਜ ਨਾਲ ਸੰਬੰਧਿਤ ਇੱਕ ਕਾਲ ਸੈਂਟਰ ਵੀ ਜਲਦ ਸਥਾਪਤ ਕੀਤਾ ਜਾਵੇਗਾ।

adv-img
adv-img