ਪੰਜਾਬ ਦੇ ਵਫ਼ਦ ਵੱਲੋਂ ਮੇਘਾਲਿਆ ਦੇ ਗ੍ਰਹਿ ਮੰਤਰੀ ਨਾਲ ਮੁਲਾਕਾਤ

ਪੰਜਾਬ ਦੇ ਵਫ਼ਦ ਵੱਲੋਂ ਮੇਘਾਲਿਆ ਦੇ ਗ੍ਰਹਿ ਮੰਤਰੀ ਨਾਲ ਮੁਲਾਕਾਤ,ਸ਼ਿਲੌਂਗ: ਉੱਤਰ-ਪੂਰਬੀ ਸੂਬੇ ਦੇ ਦੌਰੇ ਦੇ ਦੂਜੇ ਦਿਨ ਪੰਜਾਬ ਦੇ ਉੱਚ ਪੱਧਰੀ ਵਫ਼ਦ ਨੇ ਅੱਜ ਸਵੇਰੇ ਮੇਘਾਲਿਆ ਦੇ ਗ੍ਰਹਿ ਮੰਤਰੀ ਜੇਮਜ਼ ਕੇ ਸੰਗਮਾ ਨਾਲ ਮੁਲਾਕਾਤ ਕਰ ਕੇ ਉਨਾਂ ਨੂੰ ਇਸ ਚਿਰੋਕਣੇ ਮਸਲੇ ਦਾ ਛੇਤੀ ਤੇ ਸੁਖਾਵਾਂ ਹੱਲ ਕੱਢਣ ਦੀ ਅਪੀਲ ਕੀਤੀ। ਵਫ਼ਦ ਨੇ ਮੇਘਾਲਿਆ ਸਰਕਾਰ ਵੱਲੋਂ ਇਸ ਮੁੱਦੇ ’ਤੇ ਗਠਿਤ ਉੱਚ ਤਾਕਤੀ ਕਮੇਟੀ ਨੂੰ ਵੀ ਅਪੀਲ ਕੀਤੀ ਕਿ ਕਿਸੇ ਸਿੱਟੇ ’ਤੇ ਪਹੁੰਚਣ ਤੋਂ ਪਹਿਲਾਂ ਸਿੱਖ ਪਰਿਵਾਰਾਂ ਦੀਆਂ ਸਾਰੀਆਂ ਚਿੰਤਾਵਾਂ ਨੂੰ ਵੀ ਵਿਚਾਰਿਆ ਜਾਵੇ।

ਇਹ ਵਫ਼ਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭੇਜਿਆ ਗਿਆ ਹੈ ਤਾਂ ਕਿ ਸ਼ਿਲੌਂਗ ’ਚ ਵਸਦੇ ਸਿੱਖਾਂ ਨੂੰ ਧਮਕੀਆਂ ਦੇਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਜ਼ਮੀਨੀ ਸਥਿਤੀ ਦਾ ਪਤਾ ਲਾਇਆ ਜਾ ਸਕੇ। ਵਫ਼ਦ ਨੇ ਗ੍ਰਹਿ ਮੰਤਰੀ ਨੂੰ ਸ਼ਿਲੌਂਗ ਦੇ ਪੰਜਾਬੀ ਲੇਨ ਏਰੀਏ ਵਿੱਚ ਦਹਾਕਿਆਂ ਤੋਂ ਰਹਿ ਰਹੇ ਸੈਂਕੜੇ ਸਿੱਖ ਪਰਿਵਾਰਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਉਣ ਦੀ ਅਪੀਲ ਕੀਤੀ।

ਉਨਾਂ ਨੇ ਮਹਿਸੂਸ ਕੀਤਾ ਕਿ ਮੇਘਾਲਿਆ ਸਰਕਾਰ ਨੂੰ ਭਾਈਚਾਰੇ ਵਿੱਚ ਵਿਸ਼ਵਾਸ ਕਾਇਮ ਰੱਖਣ ਲਈ ਇਸ ਪਾਸੇ ਵੱਲ ਹੋਰ ਕਦਮ ਚੁੱਕੇ ਜਾਣੇ ਚਾਹੀਦੇ ਹਨ। ਸ਼ਿਲੌਂਗ ਮਿਊਂਸਪਲ ਬੋਰਡ ਵੱਲੋਂ ਉੱਥੇ ਵਸਦੇ ਸਿੱਖਾਂ ਨੂੰ ਜਾਰੀ ਕੀਤੇ ਨੋਟਿਸ ਦੇ ਮੁੱਦੇ ’ਤੇ ਵਫ਼ਦ ਨੇ ਗ੍ਰਹਿ ਮੰਤਰੀ ਨੂੰ ਘੱਟ ਗਿਣਤੀ ਭਾਈਚਾਰੇ ਦੇ ਮਨਾਂ ਵਿੱਚੋਂ ਕਿਸੇ ਕਿਸਮ ਦੇ ਖਦਸ਼ਿਆਂ ਨੂੰ ਦੂਰ ਕਰਨ ਦੀ ਅਪੀਲ ਕੀਤੀ।

ਹੋਰ ਪੜ੍ਹੋ: ਮੀਂਹ ਤੇ ਝੱਖੜ ਨਾਲ ਨੁਕਸਾਨੀਆਂ ਫਸਲਾਂ ਦੀ ਤੁਰੰਤ ਗਿਰਦਾਵਰੀ ਦਾ ਹੁਕਮ ਦੇਣ ਅਮਰਿੰਦਰ: ਸੁਖਬੀਰ ਬਾਦਲ

ਵਫ਼ਦ ਨੇ ਕਿਹਾ ਕਿ ਉੱਥੇ ਵਸਦੇ ਸਿੱਖਾਂ ਨੂੰ ਕੱਢਣ ਲਈ ਸਥਾਨਕ ਅਥਾਰਟੀ ਵੱਲੋਂ ਕੀਤੀ ਜਾਣ ਵਾਲੀ ਕੋਈ ਵੀ ਆਪਹੁਦਰੀ ਕਾਰਵਾਈ ਸਿੱਖ ਭਾਈਚਾਰੇ ਦੀ ਆਜ਼ਾਦੀ ਅਤੇ ਕਿਤੇ ਵੀ ਜਾ ਵਸਣ ਦੇ ਅਧਿਕਾਰ ਦਾ ਹਨਨ ਹੋਵੇਗਾ। ਮੇਘਾਲਿਆ ਸਰਕਾਰ ਵੱਲੋਂ ਸਥਿਤੀ ਨਾਲ ਨਜਿੱਠਣ ਲਈ ਕੀਤੇ ਯਤਨਾਂ ’ਤੇ ਤਸੱਲੀ ਜ਼ਾਹਰ ਕਰਦਿਆਂ ਵਫ਼ਦ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ ਜਿਨਾਂ ਨੇ ਸੰਕਟ ਨੂੰ ਟਾਲਣ ਲਈ ਸਰਗਰਮ ਕੋਸ਼ਿਸ਼ਾਂ ਕੀਤੀਆਂ।

ਇਸ ਦੇ ਨਾਲ ਹੀ ਵਫ਼ਦ ਨੇ ਕੁਝ ਗਰੁੱਪਾਂ ਵੱਲੋਂ ਹੋਰ ਮੁਸ਼ਕਲਾਂ ਖੜੀਆਂ ਕਰਨ ਲਈ ਕੀਤੀਆਂ ਜਾਣ ਵਾਲੀਆਂ ਕੋਸ਼ਿਸ਼ਾਂ ਵਿਰੁੱਧ ਪਹਿਰਾ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਵਫ਼ਦ ਦੇ ਮੁਖੀ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੇਘਾਲਿਆ ਦੇ ਗ੍ਰਹਿ ਮੰਤਰੀ ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਥੋਂ ਦੇ ਮੁੱਖ ਮੰਤਰੀ ਕੋਨਾਰਡ ਸੰਗਮਾ ਨੂੰ ਲਿਖਿਆ ਪੱਤਰ ਵੀ ਸੌਂਪਿਆ।

ਗ੍ਰਹਿ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਮੇਘਾਲਿਆ ਵਿੱਚ ਸਿੱਖਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਯਤਨ ਕੀਤਾ ਜਾਵੇਗਾ। ਉਨਾਂ ਵਫ਼ਦ ਨੂੰ ਇਹ ਵੀ ਵਿਸ਼ਵਾਸ ਦਵਾਇਆ ਕਿ ਉੱਪ ਮੁੱਖ ਮੰਤਰੀ ਦੀ ਅਗਵਾਈ ਵਿੱਚ ਕਾਇਮ ਕੀਤੀ ਉੱਚ ਤਾਕਤੀ ਕਮੇਟੀ ਵੱਲੋਂ ਇਸ ਮੁੱਦੇ ਨਾਲ ਜੁੜੇ ਹਰ ਪਹਿਲੂ ਨੂੰ ਵਿਚਾਰਿਆ ਜਾ ਰਿਹਾ ਹੈ ਅਤੇ ਕੋਈ ਵੀ ਅੰਤਿਮ ਫੈਸਲਾ ਸਿਰਫ਼ ਇਸ ਉੱਪਰ ਹੀ ਮੁਨੱਸਰ ਹੋਵੇਗਾ।

ਪਾਬੰਦੀਸ਼ੁਦਾ ਹਾਈਨੀਟ੍ਰਪ ਨੈਸ਼ਨਲ ਲਿਬਰੇਸ਼ਨ ਕੌਂਸਲ ਵੱਲੋਂ ਦਿੱਤੀਆਂ ਧਮਕੀਆਂ ਦੇ ਮੁੱਦੇ ’ਤੇ ਗ੍ਰਹਿ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਭਾਵੇਂ ਇਸ ਜਥੇਬੰਦੀ ਕੋਈ ਵਜੂਦ ਨਹੀਂ ਹੈ ਪਰ ਫਿਰ ਵੀ ਸੂਬਾ ਸਰਕਾਰ ਪੂਰੀ ਤਰਾਂ ਚੌਕਸ ਹੈ ਅਤੇ ਇਸ ਸਬੰਧੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਚੁੱਕੇ ਹਨ। ਮੀਟਿੰਗ ਦੌਰਾਨ ਸ੍ਰੀ ਸੰਗਮਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਫੋਨ ’ਤੇ ਗੱਲਬਾਤ ਕੀਤੀ ਅਤੇ ਉੱਥੇ ਵਸਦੇ ਪਰਿਵਾਰਾਂ ਨੂੰ ਉਨਾਂ ਦੀ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।

ਗ੍ਰਹਿ ਮੰਤਰੀ ਨੇ ਵਫ਼ਦ ਨੂੰ ਜਾਣੂ ਕਰਵਾਇਆ ਕਿ ਮੁੱਖ ਮੰਤਰੀ ਕੋਨਾਰਡ ਸੰਗਮਾ ਪੰਜਾਬ ਦੇ ਮੁੱਖ ਮੰਤਰੀ ਨਾਲ ਲਗਾਤਾਰ ਸੰਪਰਕ ਵਿੱਚ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਜੋ ਖੁਦ ਨਿਗਰਾਨੀ ਅਤੇ ਜਾਇਜ਼ਾ ਲੈ ਰਹੇ ਹਨ, ਨੂੰ ਸਥਿਤੀ ਬਾਰੇ ਜਾਣੂ ਕਰਵਾਉਂਦੇ ਰਹਿਣਗੇ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਵਫ਼ਦ ਵਿੱਚ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ, ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਕੁਲਬੀਰ ਸਿੰਘ ਜ਼ੀਰਾ ਸ਼ਾਮਲ ਹਨ। ਵਿਸ਼ੇਸ਼ ਸਕੱਤਰ ਯੋਜਨਾਬੰਦੀ ਡੀ.ਐਸ. ਮਾਂਗਟ ਵੀ ਵਫ਼ਦ ਵਿੱਚ ਸ਼ਾਮਲ ਹਨ।

-PTC News