ਮੁੱਖ ਖਬਰਾਂ

ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ: ਐਡਵੋਕੇਟ ਧਾਮੀ

By Pardeep Singh -- May 25, 2022 5:21 pm

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ’ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਬਾਰੇ ਮਾਣਯੋਗ ਹਾਈਕੋਰਟ ਵਿਚ ਪੰਜਾਬ ਦੇ ਹਿੱਤਾਂ ਨੂੰ ਸਾਹਮਣੇ ਰੱਖ ਕੇ ਪੱਖ ਪੂਰਿਆ ਜਾਣਾ ਚਾਹੀਦਾ ਸੀ, ਜਿਸ ਵਿਚ ਪੰਜਾਬ ਦੀ ਸਰਕਾਰ ਨਾਕਾਮ ਨਜ਼ਰ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਕਿਸੇ ਵੀ ਕੀਮਤ ’ਤੇ ਕੇਂਦਰੀ ਯੂਨੀਵਰਸਿਟੀ ਨਹੀਂ ਬਣਨੀ ਚਾਹੀਦੀ ਅਤੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਸੰਜੀਦਾ ਹੋਣ ਦੀ ਲੋੜ ਹੈ। ਸਰਕਾਰ ਇਸ ਮਾਮਲੇ ’ਚ ਵੱਡੇ ਵਕੀਲਾਂ ਨਾਲ ਮਸ਼ਵਰਾ ਕਰਕੇ ਮਾਮਲਾ ਅੱਗੇ ਵਧਾਏ, ਤਾਂ ਜੋ ਪੰਜਾਬ ਦੀ ਵਿਰਾਸਤ ਸੁਰੱਖਿਅਤ ਰਹੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰ ਦੇ ਸੇਵਾ ਨਿਯਮ ਲਾਗੂ ਕਰਨ ਦਾ ਪੰਜਾਬ ਵਿਰੋਧੀ ਫੈਸਲਾ ਸਾਹਮਣੇ ਆਇਆ ਸੀ ਅਤੇ ਹੁਣ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਕੇਸ ਵਿਚ ਇਹ ਯੂਨੀਵਰਸਿਟੀ ਪੰਜਾਬ ਤੋਂ ਖੁਸਦੀ ਨਜ਼ਰ ਆ ਰਹੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਹੱਕਾਂ ਤੇ ਹਿੱਤਾਂ ’ਤੇ ਡਾਕਾ ਬਰਦਾਸ਼ਤਯੋਗ ਨਹੀਂ ਹੈ, ਲਿਹਾਜ਼ਾ ਪੰਜਾਬ ਸਰਕਾਰ ਪੰਜਾਬ ਨਾਲ ਜੁੜੇ ਸਰੋਕਾਰਾਂ ਪ੍ਰਤੀ ਸੰਜੀਦਾ ਹੋਵੇ।

 

ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਨੁੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਮਾਮਲੇ ਵਿਚ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਨਾਕਾਮ ਰਹਿਣ ਅਤੇ ਮਾਮਲਾ ਸਹੀ ਢੰਗ ਨਾਲ ਕੇਂਦਰ ਸਰਕਾਰ ਕੋਲ ਪੇਸ਼ ਕਰਨ ਤੇ ਕੇਂਦਰ ਸਰਕਾਰ ਕੋਲ ਸਹੀ ਤਰੀਕੇ ਮਾਮਲਾ ਚੁੱਕਣ ਵਿਚ ਨਾਕਾਮ ਰਹਿਣ ਦੀ ਨਿਖੇਧੀ ਕੀਤੀ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬੀਆਂ ਦੇ ਮਾਣ ਸਨਮਾਨ ਦਾ ਪ੍ਰਤੀਕ ਹੈ ਤੇ ਪੰਜਾਬੀ ਨਹੀਂ ਚਾਹੁੰਦੇ ਕਿ ਇਸਦੇ ਵਿਲੱਖਣ ਚਰਿੱਤਰ ਨਾਲ ਕੋਈ ਛੇੜਛਾੜ ਕੀਤੀ ਜਾਵੇ ਪਰ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸਹੀ ਤਰੀਕੇ ਸੂਬੇ ਦੇ ਸਟੈਂਡ ਦੀ ਪੈਰਵੀ ਨਹੀਂ ਕੀਤੀ। ਉਹਨਾਂ ਕਿਹਾ ਕਿ ਇਸ ਕਾਰਨ ਪੰਜਾਬ ਦੇ ਕੇਸ ਦਾ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੁੰ ਇਸ ਮਾਮਲੇ ਦਾ ਤੁਰੰਤ ਨੋਟਿਸ ਲੈਣਾ ਚਾਹੀਦਾ ਹੈ ਅਤੇ ਨਾ ਸਿਰਫ ਸੂਬੇ ਦਾ ਕੇਂਦਰ ਸਰਕਾਰ ਕੋਲ ਰੱਖਣਾ ਚਾਹੀਦਾ ਹੈ ਬਲਕਿ ਇਹ ਅਦਾਲਤ ਵਿਚ ਵੀ ਰੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੇ ਅਮੀਰ ਸਭਿਆਚਾਰ ਦੀ ਪ੍ਰਤੀਕ ਹੈ ਤੇ ਹਿਸਦੇ ਅਧਿਕਾਰ ਖੇਤਰ ਵਿਚ ਕੇਂਦਰ ਵੱਲੋਂ ਛੇੜਛਾੜ ਕਰਨਾ ਸੂਬੇ ਅਤੇ ਇਸਦੇ ਲੋਕਾਂ ਦੇ ਖਿਲਾਫ ਹੋਵੇਗਾ।

ਇਹ ਵੀ ਪੜ੍ਹੋ:ਸਰਹੱਦੀ ਇਲਾਕੇ 'ਚ ਡਰੋਨ ਉਡਾਉਣ 'ਚ ਲੱਗੀ ਪਾਬੰਦੀ

-PTC News

  • Share