Amritsar School Bomb Threat : ਅੰਮ੍ਰਿਤਸਰ ਵਿੱਚ ਸਕੂਲਾਂ ਨੂੰ ਮਿਲੀਆਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਤੋਂ ਬਾਅਦ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਮੋਡ ‘ਚ ਆ ਗਿਆ ਹੈ। ਜਲੰਧਰ ਅਤੇ ਚੰਡੀਗੜ੍ਹ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਵੀ ਕਈ ਨਾਮੀ ਸਕੂਲਾਂ ਨੂੰ ਧਮਕੀ ਭਰੀਆਂ ਈਮੇਲਾਂ ਮਿਲਣ ਦੀ ਖਬਰ ਸਾਹਮਣੇ ਆਈ ਹੈ, ਜਿਸ ਦੇ ਚਲਦੇ ਡਿਪਟੀ ਕਮਿਸ਼ਨਰ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਕਈ ਸਕੂਲ ਬੰਦ ਕਰਵਾ ਦਿੱਤੇ ਗਏ ਹਨ। ਅੰਮ੍ਰਿਤਸਰ ਦੇ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸਵੇਰੇ ਸਕੂਲ ਨੂੰ ਇਕ ਧਮਕੀ ਭਰੀ ਮੇਲ ਪ੍ਰਾਪਤ ਹੋਈ ਸੀ। ਇਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਸਕੂਲ ਦੀ ਪੂਰੀ ਤਰ੍ਹਾਂ ਚੈਕਿੰਗ ਕੀਤੀ ਗਈ। ਇਸ ਦੇ ਨਾਲ ਹੀ ਐਂਟੀ ਸਬੋਟਾਜ ਟੀਮ ਵੱਲੋਂ ਵੀ ਜਾਂਚ ਕੀਤੀ ਗਈ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਪ੍ਰਬੰਧਨ ਵੱਲੋਂ ਤੁਰੰਤ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਅਤੇ ਬੱਚਿਆਂ ਦੇ ਮਾਤਾ-ਪਿਤਾ ਨੂੰ ਸੂਚਿਤ ਕਰ ਦਿੱਤਾ ਗਿਆ ਕਿ ਉਹ ਆਪਣੇ ਬੱਚਿਆਂ ਨੂੰ ਸਕੂਲ ਤੋਂ ਲੈ ਜਾਣ। ਇਸ ਮੌਕੇ ‘ਤੇ ਵੱਡੀ ਗਿਣਤੀ ਵਿੱਚ ਮਾਤਾ-ਪਿਤਾ ਸਕੂਲ ਪਹੁੰਚੇ ਅਤੇ ਆਪਣੇ ਬੱਚਿਆਂ ਨੂੰ ਘਰ ਲੈ ਕੇ ਗਏ।ਮਾਤਾ-ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਸਕੂਲ ਵੱਲੋਂ ਫੋਨ ਕਰਕੇ ਬੱਚਿਆਂ ਨੂੰ ਘਰ ਲੈ ਜਾਣ ਲਈ ਕਿਹਾ ਗਿਆ ਸੀ, ਜਿਸ ਤੋਂ ਬਾਅਦ ਉਹ ਤੁਰੰਤ ਸਕੂਲ ਪਹੁੰਚੇ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਕੂਲ ਤੋਂ ਮਿਲੀ ਸੂਚਨਾ ਤੋਂ ਬਾਅਦ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਪੂਰੀ ਜਾਂਚ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਸਕੂਲ ਦੇ ਅੰਦਰੋਂ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਕਾਬੂ ‘ਚ ਹੈ। ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਧਮਕੀ ਭਰੀਆਂ ਮੇਲਾਂ ਪੰਜਾਬ ਭਰ ਦੇ ਕਈ ਸਕੂਲਾਂ ਨੂੰ ਮਿਲੀਆਂ ਹਨ ਅਤੇ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।ਇਹ ਵੀ ਪੜ੍ਹੋ : Gurdaspur Accident News : ਤੇਜ਼ ਰਫ਼ਤਾਰ ਟਰੱਕ ਨੇ ਨੌਜਵਾਨ ਨੂੰ ਕੁਚਲਿਆ, ਹਾਲਤ ਗੰਭੀਰ; ਹਾਦਸੇ ਦੀ CCTV ਵੀਡੀਓ ਵਾਇਰਲ