ਹੁਸ਼ਿਆਰਪੁਰ, 6 ਜਨਵਰੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਚਾਈਨਾ ਡੋਰ ਵੇਚਣ ਤੇ ਖਰੀਦਣ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਦੇ ਹੋਏ ਇਸ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕਣ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਸਬੰਧੀ ਸਖ਼ਤ ਕਾਰਵਾਈ ਕਰ ਸਕਦਾ ਹੈ, ਪਰੰਤੂ ਮਾਪਿਆਂ ਦੀ ਜ਼ਿੰਮੇਵਾਰੀ ਵੀ ਬਣਦੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਚਾਈਨਾ ਡੋਰ ਨਾਲ ਪਤੰਗ ਉਡਾਉਣ ਤੋਂ ਰੋਕਣ ਅਤੇ ਇਸ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ ਜਾਗਰੂਕ ਕਰਨ। ਚੀਨੀ ਡੋਰ ਵੇਚਣ ਤੇ ਸਟੋਰ ਕਰਨ ਵਾਲਿਆਂ ਖਿਲਾਫ਼ ਹੈਲਪਲਾਈਨ ਨੰਬਰ 01882-247506 ਅਤੇ 01882-246508 ’ਤੇ ਸੂਚਨਾ ਵੀ ਦਿੱਤੀ ਜਾ ਸਕਦੀ ਹੈ।