Bikram Singh Majithia News : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ 14 ਦਿਨਾਂ ਦੀ ਨਿਆਂਇਕ ਹਿਰਾਸਤ ਅਧੀਨ ਨਾਭਾ ਜੇਲ੍ਹ ’ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬੈਰਕ ਬਦਲਣ ਦੀ ਮੰਗ ਨੂੰ ਲੈ ਕੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਮਜੀਠੀਆ ਨੇ ਮੋਹਾਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿੱਚ ਬਿਕਰਮ ਸਿੰਘ ਮਜੀਠੀਆ ਨੇ ਅਪੀਲ ਕੀਤੀ ਹੈ ਕਿ ਉਸਨੂੰ ਨਾਭਾ ਜੇਲ੍ਹ ਵਿੱਚ ਖ਼ਤਰਾ ਹੈ।ਇਸ ਲਈ ਉਨ੍ਹਾਂ ਨੂੰ ਵੱਖਰੀ ਬੈਰਕ ’ਚ ਰੱਖਿਆ ਜਾਵੇ।ਇਸ ਸਬੰਧੀ 12 ਜੁਲਾਈ ਨੂੰ ਮੋਹਾਲੀ ਅਦਾਲਤ ਨੇ ਵਿਜੀਲੈਂਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਲਈ ਕਿਹਾ ਸੀ ਪਰ ਅੱਜ ਵਿਜੀਲੈਂਸ ਵੱਲੋਂ ਆਪਣਾ ਪੱਖ ਰੱਖਣ ਲਈ ਅਦਾਲਤ ਤੋਂ ਹੋਰ ਸਮਾਂ ਮੰਗਿਆ ਗਿਆ ਹੈ। ਜਿਸ ਤੋਂ ਬਾਅਦ ਅਦਾਲਤ ਫੈਸਲਾ ਕਰੇਗੀ ਕਿ ਬਿਕਰਮ ਸਿੰਘ ਮਜੀਠੀਆ ਨੂੰ ਵੱਖਰੀ ਬੈਰਕ ਵਿੱਚ ਰੱਖਿਆ ਜਾਣਾ ਚਾਹੀਦਾ ਹੈ ਜਾਂ ਨਹੀਂ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ ਨੂੰ ਹੋਵੇਗੀ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ 'ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਆਰੋਪ ਲਗਾਇਆ ਗਿਆ ਹੈ। ਬਿਕਰਮਜੀਤ ਸਿੰਘ ਮਜੀਠੀਆ ਅਦਾਲਤ ਦੇ ਹੁਕਮਾਂ ਅਨੁਸਾਰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਹਨ।