Bikram Singh Majithia : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨਾਲ ਸਬੰਧਤ ਪਟੀਸ਼ਨ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ ਹੈ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਸੀਲਬੰਦ ਰਿਪੋਰਟ ਪੇਸ਼ ਕੀਤੀ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 12 ਜੁਲਾਈ ਤੱਕ ਸੁਰੱਖਿਆ ਦਾ ਮੁਲਾਂਕਣ ਕਰਕੇ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਮਜੀਠੀਆ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।ਕੇਂਦਰ ਸਰਕਾਰ ਨੇ ਵੀ ਮਜੀਠੀਆ 'ਤੇ ਖ਼ਤਰੇ ਦੀ ਸੀਲਬੰਦ ਰਿਪੋਰਟ ਸੌਂਪ ਦਿੱਤੀ ਹੈ। ਕੇਂਦਰ ਸਰਕਾਰ ਦੇ ਵਕੀਲ ਨੇ ਜਵਾਬ ਦਾਇਰ ਕਰਦੇ ਹੋਏ ਕਿਹਾ ਕਿ ਅਸੀਂ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਇਸ ਆਧਾਰ 'ਤੇ ਪੰਜਾਬ ਨੇ ਆਪਣੀ ਰਿਪੋਰਟ ਸੌਂਪੀ। ਹੁਣ ਅਦਾਲਤ ਨੇ ਕਿਹਾ ਕਿ ਸੁਰੱਖਿਆ ਦੀ ਪੂਰੀ ਸਮੀਖਿਆ ਕੀਤੀ ਜਾਵੇਗੀ। ਇਸ ਤੋਂ ਬਾਅਦ ਸਰਕਾਰ ਆਪਣੀ ਰਿਪੋਰਟ ਦੇਵੇਗੀ। ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਮੋਗਾ ਦੇ ਇੱਕ ਸੋਸ਼ਲ ਮੀਡੀਆ ਗਰੁੱਪ ਦੀ ਇੱਕ ਚੈਟ ਵਾਇਰਲ ਹੋਈ ਸੀ। ਜਿਸ 'ਚ ਸਾਫ ਹੋਇਆ ਸੀ ਕਿ ਮਜੀਠੀਆ ਦੀ ਜਾਨ ਨੂੰ ਖ਼ਤਰਾ ਹੈ। ਉਸ ਤੋਂ ਬਾਅਦ ਇਸ ਸਬੰਧੀ ਮੋਗਾ ਵਿੱਚ ਵੀ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ। ਜਿਸ ਮਗਰੋਂ ਮਜੀਠੀਆ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਸੁਰੱਖਿਆ 'ਚ ਕਮੀ ਨੂੰ ਰਾਜਨੀਤਿਕ ਬਦਲਾਖੋਰੀ ਕਰਾਰ ਦਿੱਤਾ ਸੀ। ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਗੰਭੀਰ ਖ਼ਤਰਾ ਹੈ ਅਤੇ ਸੁਰੱਖਿਆ ਵਿੱਚ ਕਟੌਤੀ ਕਰਨਾ ਉਸਦੀ ਜਾਨ ਨੂੰ ਖ਼ਤਰੇ 'ਚ ਪਾ ਸਕਦਾ ਹੈ।ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਨੂੰ ਪਹਿਲਾਂ 'ਜ਼ੈੱਡ' ਸ਼੍ਰੇਣੀ ਦੀ ਸੁਰੱਖਿਆ ਮਿਲੀ ਸੀ ਪਰ ਹਾਲ ਹੀ ਵਿੱਚ ਉਨ੍ਹਾਂ ਦੀ ਸੁਰੱਖਿਆ ਘਟਾ ਕੇ 'ਵਾਈ' ਸ਼੍ਰੇਣੀ ਦੀ ਕਰ ਦਿੱਤੀ ਸੀ। ਪਟੀਸ਼ਨ ਵਿੱਚ ਉਨ੍ਹਾਂ ਕਿਹਾ ਕਿ ਪਹਿਲਾਂ ਵੀ ਉਨ੍ਹਾਂ 'ਤੇ ਹਮਲਾ ਕਰਨ ਦੀਆਂ ਕਈ ਸਾਜ਼ਿਸ਼ਾਂ ਹੋ ਚੁੱਕੀਆਂ ਹਨ ਅਤੇ ਅਜਿਹੀ ਸਥਿਤੀ ਵਿੱਚ ਸੁਰੱਖਿਆ ਪ੍ਰਦਾਨ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਅਕਾਲੀ ਦਲ ਨੇ ਵੀ ਇਸ ਮੁੱਦੇ 'ਤੇ ਸਖ਼ਤ ਵਿਰੋਧ ਪ੍ਰਗਟ ਕੀਤਾ ਸੀ ਅਤੇ ਇਸਨੂੰ ਬਦਲੇ ਦੀ ਰਾਜਨੀਤੀ ਕਿਹਾ ਸੀ।