Advocate Arshdeep Singh Kler Death Threat : ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੂੰ ਮਿਲੀ ਧਮਕੀ ਦੇ ਮਾਮਲੇ ਵਿਚ ਆਖ਼ਰਕਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਮੰਡੀ ਬੋਰਡ ਦੇ ਮੁੱਖ ਇੰਜੀਨੀਅਰ ਜਤਿੰਦਰ ਭੰਗੂ ਵਿਰੁੱਧ ਡੀ.ਡੀ.ਆਰ. ਦਾਇਰ ਕਰ ਦਿੱਤੀ ਹੈ।ਸਰਕਾਰ ਵੱਲੋਂ ਇਸ ਨੂੰ ਸਿਰਫ਼ ਧਮਕੀ ਦੇਣ ਦਾ ਮਾਮਲਾ ਬਣਾਉਣ 'ਤੇ ਹਾਈ ਕੋਰਟ ਨੇ ਫਟਕਾਰ ਲਗਾਈ ਤੇ ਕਿਹਾ ਕਿ ਇਸ ਮਾਮਲੇ ਨੂੰ ਕਿਉਂ ਨਾ ਕੇਂਦਰੀ ਜਾਂਚ ਏਜੰਸੀਆਂ ਨੂੰ ਸੌਂਪਿਆ ਜਾਵੇ, ਇਹ ਸਿਰਫ਼ ਧਮਕੀ ਦੇਣ ਦਾ ਮਾਮਲਾ ਕਿਵੇਂ ਹੈ? ਪੰਜਾਬ ਸਰਕਾਰ ਨੇ ਕਿਹਾ ਕਿ ਇਹ ਡੀਡੀਆਰ 5 ਜੁਲਾਈ ਨੂੰ ਦਾਇਰ ਕੀਤੀ ਗਈ ਸੀ, ਜਾਂਚ ਚੱਲ ਰਹੀ ਹੈ। ਜਤਿੰਦਰ ਭੰਗੂ ਵੱਲੋਂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੂੰ ਧਮਕੀ ਦੇ ਮਾਮਲੇ ਵਿੱਚ 12 ਮਈ ਨੂੰ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ। 19 ਮਈ ਨੂੰ ਮਾਮਲੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਕਿਹਾ ਸੀ ,ਇੱਕ ਸਰਕਾਰੀ ਅਧਿਕਾਰੀ ਇਸ ਤਰ੍ਹਾਂ ਜਾਨੋਂ ਮਾਰਨ ਦੀਆਂ ਧਮਕੀਆਂ ਕਿਵੇਂ ਦੇ ਸਕਦਾ ਹੈ? ਹਾਈ ਕੋਰਟ ਨੇ ਪੰਜਾਬ ਸਰਕਾਰ ‘ਤੇ ਤਿੱਖੀ ਟਿੱਪਣੀ ਕਰਦਿਆਂ ਪੁੱਛਿਆ ਸੀ ਤੁਸੀਂ ਹੁਣ ਤੱਕ ਕੀ ਕੀਤਾ ਹੈ…? ਕੀ ਪੰਜਾਬ ਵਿੱਚ ਕੋਈ ਪ੍ਰੋਟੋਕੋਲ ਹੈ..? ਧਮਕਾਉਣ ਵਾਲਾ ਵਿਅਕਤੀ ਇੱਕ ਸਰਕਾਰੀ ਅਧਿਕਾਰੀ ਹੈ..? ਹਾਈਕੋਰਟ ਨੇ ਸਰਕਾਰ ਨੂੰ ਝਾੜ ਪਾਉਂਦਿਆਂ ਪੁੱਛਿਆ, ਕੀ ਪੰਜਾਬ ਵਿੱਚ ਕੋਈ ਪ੍ਰੋਟੋਕੋਲ ਹੈ..?? ਇਹ ਬਹੁਤ ਗੰਭੀਰ ਮੁੱਦਾ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਇਨ੍ਹਾਂ ਸਾਰੇ ਨੁਕਤਿਆਂ ਬਾਰੇ ਅਗਲੀ ਸੁਣਵਾਈ ਤੱਕ ਵਿਸਤ੍ਰਿਤ ਹਲਫ਼ਨਾਮਾ ਦਾਇਰ ਕਰਨ ਦਾ ਹੁਕਮ ਦਿੱਤਾ ਹੈ।ਇਹ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਰਤੇਜ ਸਿੰਘ ਨਰੂਲਾ ਐਡਵੋਕੇਟ ਅਤੇ ਸੀਨੀਅਰ ਐਡਵੋਕੇਟ ਆਰ.ਐਸ. ਚੀਮਾ ਰਾਹੀਂ ਦਾਇਰ ਕੀਤੀ ਗਈ ਸੀ, ਜਿਸ ਵਿੱਚ ਡੀ.ਐਸ. ਸੋਬਤੀ ਐਡਵੋਕੇਟ, ਐਡਵੋਕੇਟ ਅਰਸ਼ਦੀਪ ਸਿੰਘ ਚੀਮਾ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੱਲੋਂ ਪੇਸ਼ ਹੋਏ ਸਨ। ਪਟੀਸ਼ਨ ਰਾਹੀਂ ਕੀ ਮੰਗ ਕੀਤੀ ਗਈ ਸੀ ?ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਮੰਗ ਸੀ ਕੀਤੀ ਹੈ ਕਿ ਮੰਡੀ ਬੋਰਡ ਦੇ ਮੁੱਖ ਇੰਜੀਨੀਅਰ ਜਤਿੰਦਰ ਭੰਗੂ ਵੱਲੋਂ ਦਿੱਤੀ ਗਈ ਜਾਨੋਂ ਮਾਰਨ ਦੀ ਧਮਕੀ ਲਈ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇ ਅਤੇ ਪੂਰੇ ਮਾਮਲੇ ਦੀ ਜਾਂਚ ਸੀਬੀਆਈ ਜਾਂ ਕਿਸੇ ਹੋਰ ਨਿਰਪੱਖ ਜਾਂਚ ਏਜੰਸੀ ਤੋਂ ਕਰਵਾਈ ਜਾਵੇ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਹੁਣ ਤੱਕ ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਵੀ ਦਰਜ ਨਹੀਂ ਕੀਤੀ ਹੈ, ਇਹ ਸਪੱਸ਼ਟ ਹੈ ਕਿ ਇਹ ਸਭ ਕੁਝ ਸਰਕਾਰ ਦੇ ਇਸ਼ਾਰੇ 'ਤੇ ਕੀਤਾ ਗਿਆ ਹੈ, ਅਜਿਹੀ ਸਥਿਤੀ ਵਿੱਚ ਪੰਜਾਬ ਪੁਲਿਸ ਦੀ ਬਜਾਏ ਇਸ ਮਾਮਲੇ ਦੀ ਜਾਂਚ ਸੀਬੀਆਈ ਜਾਂ ਕਿਸੇ ਨਿਰਪੱਖ ਜਾਂਚ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਜਿਸ 'ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਦੱਸ ਦੇਈਏ ਕਿ ਐਡਵੋਕੇਟ ਅਰਸ਼ਦੀਪ ਕਲੇਰ ਨੂੰ ਜਤਿੰਦਰ ਸਿੰਘ ਭੰਗੂ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ, ਜਿਸ ਦੀ ਵ੍ਹਾਟਸਐਪ ਕਾਲ ਦੀ ਵੀਡੀਓ ਰਿਕਾਰਡਿੰਗ ਵੀ ਉਨ੍ਹਾਂ ਵੱਲੋਂ ਜਨਤਕ ਕੀਤੀ ਗਈ ਸੀ। ਇਸ ਸਬੰਧੀ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ ਤੇ ਜਤਿੰਦਰ ਭੰਗੂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ।