ਸ਼੍ਰੋਮਣੀ ਕਮੇਟੀ ਵੱਲੋਂ 15 ਭਗਤ ਸਾਹਿਬਾਨ ਨੂੰ ਸਮਰਪਿਤ ਗੁਰਮਤਿ ਸਮਾਗਮ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੂਨਾਈਟਡ ਸਿੰਘ ਸਭਾ ਫਾਊਂਡੇਸ਼ਨ ਦੇ ਸਹਿਯੋਗ ਨਾਲ 15 ਭਗਤ ਸਾਹਿਬਾਨ ਦੇ ਜੀਵਨ ਅਤੇ ਬਾਣੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਗੁਰਮਤਿ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜੇ ਦੀਵਾਨ ਵਿਚ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ-ਵੱਖ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀਆਂ ਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਇਤਿਹਾਸ ਨਾਲ ਜੋੜਿਆ।
ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਨ ਸਮੇਂ ਗੁਰੂ ਸਾਹਿਬਾਨ ਦੀ ਬਾਣੀ ਦੇ ਨਾਲ ਨਾਲ 15 ਭਗਤਾਂ ਦੀ ਬਾਣੀ ਨੂੰ ਵੀ ਸ਼ਾਮਲ ਕੀਤਾ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਇਹ ਕਦਮ ਉਸ ਸਮੇਂ ਸਮਾਜ ਵਿਚ ਫੈਲੀ ਜਾਤ-ਪਾਤ ਦੀ ਬੁਰਾਈ ’ਤੇ ਵੱਡੀ ਚੋਟ ਸੀ। ਉਨ੍ਹਾਂ ਸੰਗਤਾਂ ਨੂੰ ਭਗਤ ਸਾਹਿਬਾਨ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।
- PTC NEWS