Punjab Weather Update : ਪੰਜਾਬ 'ਚ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ,ਇਨ੍ਹਾਂ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ
Punjab Weather Update : ਪੰਜਾਬ ਵਿੱਚ ਅੱਜ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਮੋਹਾਲੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ਵਿੱਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਬੁੱਧਵਾਰ ਤੱਕ ਹਲਕੀ ਜਾਂ ਆਮ ਬਾਰਿਸ਼ ਹੋਣ ਦੀ ਉਮੀਦ ਹੈ।
ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਪੰਜਾਬ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਮੋਹਾਲੀ ਲਈ ਜਾਰੀ ਕੀਤਾ ਗਿਆ ਹੈ।
ਪਹਾੜਾਂ ਵਿੱਚ ਭਾਰੀ ਬਾਰਿਸ਼ ਕਾਰਨ ਨਦੀਆਂ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਬਿਆਸ ਅਤੇ ਉੱਜ ਦਰਿਆਵਾਂ ਦੇ ਵਧਦੇ ਪਾਣੀ ਦੇ ਪੱਧਰ ਕਾਰਨ ਪਠਾਨਕੋਟ ਦੇ ਆਲੇ-ਦੁਆਲੇ ਰਹਿਣ ਲਈ ਅਲਰਟ ਜਾਰੀ ਕੀਤਾ ਗਿਆ ਹੈ। ਜ਼ਮੀਨ ਖਿਸਕਣ ਅਤੇ ਸੜਕਾਂ 'ਤੇ ਡਿੱਗ ਰਹੇ ਮਲਬੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕਾਂ ਨੂੰ ਬਹਾਲ ਕਰਨ ਦਾ ਕੰਮ ਚੱਲ ਰਿਹਾ ਹੈ ਪਰ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਇਸ ਵਿੱਚ ਰੁਕਾਵਟਾਂ ਪੈਦਾ ਕਰ ਰਹੀ ਹੈ।
ਇਸ ਦੇ ਨਾਲ ਹੀ, ਬੀਬੀਐਮਬੀ ਪੌਂਗ ਡੈਮ ਪ੍ਰਬੰਧਨ ਨੇ ਪੰਜਾਬ ਅਤੇ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪੌਂਗ ਡੈਮ ਵਿੱਚ ਪਾਣੀ ਦੇ ਵਧ ਰਹੇ ਪੱਧਰ ਨੂੰ ਲੈ ਕੇ ਇੱਕ ਚੇਤਾਵਨੀ ਪੱਤਰ ਲਿਖਿਆ ਹੈ। ਕਿਹਾ ਗਿਆ ਹੈ ਕਿ 2 ਅਗਸਤ ਦੀ ਸਵੇਰ ਨੂੰ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1361.07 ਫੁੱਟ ਦਰਜ ਕੀਤਾ ਗਿਆ ਸੀ। ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੂਰਤ ਵਿੱਚ ਇਹ ਹੋਰ ਵੀ ਵੱਧ ਸਕਦਾ ਹੈ, ਜਿਸ ਤੋਂ ਬਾਅਦ ਸਪਿਲਵੇਅ ਰਾਹੀਂ ਵਾਧੂ ਪਾਣੀ ਛੱਡਿਆ ਜਾ ਸਕਦਾ ਹੈ। ਅਧਿਕਾਰੀਆਂ ਨੂੰ ਬਿਆਸ ਦਰਿਆ ਦੇ ਕੰਢੇ ਰਹਿਣ ਵਾਲੇ ਲੋਕਾਂ ਨੂੰ ਸੁਚੇਤ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
- PTC NEWS