ਰੇਲਵੇ ਨੇ ਪਾਣੀ ਵਾਲੀਆਂ ਬੋਤਲਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਹਟਾਉਣ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਭੇਜੀ ਜਾਣਕਾਰੀ

Railway Water bottles Sri Harmindir Sahib picture Removal SGPC To Sent information

ਰੇਲਵੇ ਨੇ ਪਾਣੀ ਵਾਲੀਆਂ ਬੋਤਲਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਹਟਾਉਣ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਭੇਜੀ ਜਾਣਕਾਰੀ:ਭਾਰਤ ਸਰਕਾਰ ਦੇ ਅਦਾਰੇ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਲਿਮਟਿਡ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜੇ ਗਏ ਇਕ ਪੱਤਰ ਰਾਹੀਂ ਰੇਲ ਨੀਰ ਪਾਣੀ ਦੀਆਂ ਬੋਤਲਾਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਉਤਾਰਨ ਸਬੰਧੀ ਜਾਣਕਾਰੀ ਭੇਜੀ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਕੱਲ੍ਹ ਸ਼ਤਾਬਦੀ ਐਕਸਪ੍ਰੈਸ ਵਿਚ ਪਾਣੀ ਦੀਆਂ ਬੋਤਲਾਂ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦਾ ਮਾਮਲਾ ਸਾਹਮਣੇ ਆਉਣ ਉਪਰੰਤ ਸਿੱਖ ਜਗਤ ਵਿਚ ਭਾਰੀ ਰੋਸ ਪਾਇਆ ਗਿਆ ਸੀ, ਜਿਸ ਦੇ ਮੱਦੇਨਜ਼ਰ ਭਾਰਤੀ ਰੇਲਵੇ ਦੇ ਕੈਟਰਿੰਗ ਤੇ ਟੂਰਿਜ਼ਮ ਕਾਰਪੋਰੇਸ਼ਨ ਪਾਸ ਇਕ ਪੱਤਰ ਰਾਹੀਂ ਸ਼੍ਰੋਮਣੀ ਕਮੇਟੀ ਵੱਲੋਂ ਇਤਰਾਜ਼ ਜਤਾਇਆ ਗਿਆ ਸੀ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਕਾਰਪੋਰੇਸ਼ਨ ਨੂੰ ਪਾਣੀ ਦੀਆਂ ਬੋਤਲਾਂ ਤੋਂ ਤੁਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਉਤਾਰਨ ਲਈ ਕਿਹਾ ਸੀ,ਜਿਸ ’ਤੇ ਅਮਲ ਕਰਦਿਆਂ ਵਿਭਾਗ ਨੇ ਜਿਥੇ ਪਾਣੀ ਦੀਆਂ ਬੋਤਲਾਂ ਦੇ ਲੇਬਲ ਤੁਰੰਤ ਪ੍ਰਭਾਵ ਤੋਂ ਵਾਪਸ ਲੈ ਲਏ ਹਨ ਉਥੇ ਹੀ ਸ਼੍ਰੋਮਣੀ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਅੱਗੇ ਤੋਂ ਕਿਸੇ ਵੀ ਇਸ਼ਤਿਹਾਰ ਵਿਚ ਅਜਿਹਾ ਨਹੀਂ ਕੀਤਾ ਜਾਵੇਗਾ।

ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਭਾਰਤੀ ਰੇਲਵੇ ਦੇ ਸਬੰਧਤ ਮਹਿਕਮੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇਹ ਪੱਤਰ ਲਿਖਿਆ ਗਿਆ ਸੀ।
-PTCNews