ਮੁੱਖ ਖਬਰਾਂ

ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਵੱਲੋਂ ਰੇਲਵੇ ਦਾ ਚੱਕਾ ਜਾਮ

By Pardeep Singh -- July 31, 2022 2:23 pm

ਚੰਡੀਗੜ੍ਹ: ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੇਲਵੇ ਦਾ ਚੱਕਾ ਜਾਮ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਵੱਖ-ਵੱਖ ਜਿਲ੍ਹਿਆ ਵਿਚ ਰੇਲਾਂ ਰੋਕ ਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਦੀਆਂ ਮੁੱਖ ਮੰਗਾਂ ਐਮਐਸਪੀ ਕਮੇਟੀ ਵਿਚ ਪੰਜਾਬ ਦੀ ਨੁਮਾਇੰਦਗੀ ਲਾਜ਼ਮੀ ਹੋਣੀ ਚਾਹੀਦੀ ਹੈ ਅਤੇ ਲਖੀਮਪੁਰ ਖੀਰੀ ਦੀ ਘਟਨਾ ਸਬੰਧੀ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੀ ਮੁਅਤੱਲੀ ਦੀ ਮੰਗ ਕੀਤੀ ਜਾ ਰਹੀ ਹੈ।

ਸੰਯੁਕਤ ਕਿਸਾਨ ਮੋਰਚੋ ਵੱਲੋਂ ਦਿੱਤੀ ਗਈ ਰੇਲ ਰੋਕੋ ਅੰਦੋਲਨ ਦੇ ਤਹਿਤ ਅੱਜ ਹੁਸ਼ਿਆਰਪੁਰ ਵਿੱਚ ਕਿਸਾਨਾਂ ਵੱਲੋਂ ਰੇਲਵੇ ਸਟੇਸ਼ਨ ਤੇਂ ਇਕੱਠੇ ਹੋ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕੇਂਦਰ ਵੱਲੋਂ ਜੋ ਐਮਐਸਪੀ ਨੂੰ ਲੈ ਕੇ ਕਮੇਟੀ ਗਠਿਤ ਕੀਤੀ ਗਈ ਹੈ ਉਹ ਸਰਾਸਰ ਗਲਤ ਹੈ ਅਤੇ ਕਿਸਾਨਾਂ ਦੇ ਨਾਲ ਧੱਕਾ ਹੈ ਕਿਉਂਕਿ ਉਸ ਕਮੇਟੀ ਵਿੱਚ ਸਰਕਾਰ ਵੱਲੋਂ ਸਿਰਫ ਤੇ ਸਿਰਫ ਆਪਣੇ ਚਹੇਤਿਆਂ ਨੂੰ ਹੀ ਸ਼ਾਮਿਲ ਕੀਤਾ ਗਿਆ ਹੈ ਜਦੋਂ ਕਿ ਪੰਜਾਬ ਦਾ ਇਕ ਵੀ ਕਿਸਾਨ ਉਸ ਵਿੱਚ ਸ਼ਾਮਿਲ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਲਗਾਤਾਰ ਪੰਜਾਬ ਦੇ ਹੱਕਾਂ ਉੱਤੇ ਡਾਕੇ ਮਾਰ ਰਿਹਾ ਹੈ ਅਤੇ ਪੰਜਾਬੀ ਕਦੇ ਵੀ ਇਸਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਨੇ ਕਿਹਾ ਕਿ ਕਿਸਾਨੀ ਦੇ ਨਾਲ-ਨਾਲ ਕੇਂਦਰ ਦੀ ਭਾਜਪਾ ਸਰਕਾਰ ਨੌਜਵਾਨਾਂ ਨੇ ਨਾਲ ਵੀ ਗਲਤ ਵਿਵਹਾਰ ਕਰ ਰਹੀ ਹੈ ਤੇ ਫੌਜ਼ ਦੀ ਭਰਤੀ ਵਿੱਚ ਅਗਨੀਵੀਰ ਯੋਗਨਾ ਲਿਆ ਕੇ ਨੌਜਵਾਨਾਂ ਦੇ ਨਾਲ ਧੋਖਾ ਕੀਤਾ ਹੈ।

ਉਥੇ ਹੀ ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਜਲੰਧਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਰੇਲਾਂ ਰੋਕ ਕੇ ਕੇਂਦਰ ਸਰਕਾਰ ਦੇ ਖਿਲਾਫ਼ ਵੱਡਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਧੱਕੇਸ਼ਾਹੀ ਕਰਦੇ ਆਈ ਹੈ।

ਰਾਜਪੁਰਾ ਦੇ ਰੇਲਵੇ ਸਟੇਸ਼ਨ ਉੱਤੇ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੀ ਗਈ ਅਤੇ ਵਰ੍ਹਦੇ ਮੀਂਹ ਵਿੱਚ ਕਿਸਾਨ ਯੂਨੀਅਨ ਦੇ ਵਰਕਰ  ਧਰਨੇ ਉੱਤੇ ਬੈਠੇ ਰਹੇ। ਧਰਨਾ ਵਿੱਚ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

ਬਠਿੰਡਾ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਲਾਈਨ ਉਤੇ ਬੈਠ ਕੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਸਾਨੂੰ ਵੱਡਾ ਅੰਦੋਲਨ ਕਰਨ ਲਈ ਮਜ਼ਬੂਰ ਨਾ ਕਰੇ।

ਅੰਮ੍ਰਿਤਸਰ ਵਿੱਚ ਵੀ ਕਿਸਾਨਾਂ ਵੱਲੋਂ ਰੇਲਵੇ ਲਾਈਨਾਂ ਉੱਤੇ ਧਰਨਾ ਲਗਾ ਕੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਅੰਮ੍ਰਿਤਸਰ ਤੋਂ ਦਿੱਲੀ ਨੂੰ ਜਾਣ ਵਾਲਾ ਰੇਲਵੇ ਟਰੈਕ ਜਾਮ ਕਰਕੇ ਕੇਂਦਰ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੀ ਕਾਲ ਉੱਤੇ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਥੇ ਹੀ ਕਿਸਾਨਾਂ ਨੇ ਪੰਜਾਬ ਨੂੰ ਬਚਾਉਣ ਲਈ ਇੱਕਠੇ ਹੋਣਾ ਲਾਜ਼ਮੀ ਹੈ।

ਗੁਰਦਾਸਪੁਰ ਰੇਲਵੇ ਸਟੇਸ਼ਨ ਉੱਤੇ ਕਿਸਾਨਾਂ ਨੇ ਰੇਲਾਂ ਰੋਕੀਆ। ਤੁਹਾਨੂੰ ਦੱਸ ਦੇਈਏ ਕਿ ਗੁਰਦਾਸਪੁਰ ਰੇਲਵੇ ਸਟੇਸ਼ਨ ਉੱਤੇ ਕਿਸਾਨਾਂ ਦੇ ਧਰਨੇ ਕਰਕੇ ਚਾਰ ਟ੍ਰੇਨਾਂ ਪ੍ਰਭਾਵਿਤ ਹੋਈਆਂ ਹਨ। ਜਿਨ੍ਹਾਂ ਵਿੱਚ ਜੰਮੂ-ਤਵੀ, ਅੰਮ੍ਰਿਤਸਰ-ਪਠਾਨਕੋਟ, ਰਾਵੀ ਅਤੇ ਅਮ੍ਰਿਤਸਰ-ਕਦੀਆਂ ਸ਼ਾਮਿਲ ਹਨ। ਧਰਨੇ ਵਾਲੀ ਥਾਂ ਉੱਤੇ ਪ੍ਰਸ਼ਾਸਨ ਵੱਲੋਂ ਭਾਰੀ ਫੋਰਸ ਬਲ ਤਾਇਨਾਤ ਕੀਤਾ ਗਿਆ ਸੀ।

ਕੌਮੀ ਪੱਧਰ 'ਤੇ ਸੰਘਰਸ਼ਸ਼ੀਲ ਸੰਯੁਕਤ ਕਿਸਾਨ ਮੋਰਚੇ ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਮੇਤ ਦਿੱਲੀ ਮੋਰਚੇ ਦੀਆਂ ਲਟਕਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਚਾਰ ਘੰਟੇ ਦੇ ਚੱਕਾ ਜਾਮ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮਾਨਸਾ ਵਿੱਚ ਵੀ ਵੱਡਾ ਪ੍ਰਦਰਸ਼ਨ ਕੀਤਾ ਗਿਆ।

ਕਿਸਾਨਾਂ ਵੱਲੋਂ ਅਬੋਹਰ ਰੇਲਵੇ ਸਟੇਸ਼ਨ ’ਤੇ ਧਰਨਾ ਲਾ ਕੇ ਬਠਿੰਡਾ- ਸ੍ਰੀ ਗੰਗਾ ਨਗਰ ਰੇਲਵੇ ਟਰੈਕ ਤੇ ਰੇਲ ਸੇਵਾਵਾਂ ਠੱਪ ਕਰ ਦਿੱਤੀਆਂ ਹਨ।

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਜ਼ਿਲ੍ਹਾ ਪਟਿਆਲਾ ਵਿੱਚ ਰੇਲਵੇ ਸਟੇਸ਼ਨ ਪਿੰਡ ਕੌਲੀ ਵਿਖੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ, ਜਿਸ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਤੋਂ ਸੈਂਕੜੇ ਕਿਸਾਨਾਂ ਅਤੇ ਭਰਾਤਰੀ ਜਥੇਬੰਦੀਆਂ ਦੇ ਲੋਕਾਂ ਨੇ ਭਾਗ ਲਿਆ।

ਇਹ ਵੀ ਪੜ੍ਹੋ:CWG 2022: ਮੀਰਾਬਾਈ ਚਾਨੂ ਦੇ ਗੋਲਡ ਜਿੱਤਣ 'ਤੇ PM ਮੋਦੀ ਸਮੇਤ ਕਈ ਸਿਆਸੀ ਆਗੂਆਂ ਨੇ ਦਿੱਤੀ ਵਧਾਈ 

-PTC News

  • Share