ਪਾਕਿਸਤਾਨ 'ਚ ਸਿੱਖ ਕਤਲ ਮਾਮਲੇ 'ਚ ਸਰਨਾ ਨੇ ਪਾਕਿ ਹਾਈ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ
ਨਵੀਂ ਦਿੱਲੀ: ਪਾਕਿਸਤਾਨ ਵਿੱਚ 2 ਸਿੱਖ ਨੌਜਵਾਨਾਂ ਦੇ ਕਤਲ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਪਰਮਜੀਤ ਸਿੰਘ ਸਰਨਾ ਦਾ ਕਹਿਣਾ ਹੈ ਕਿ ਪਾਕਿਸਤਾਨ 'ਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਘੱਟ ਗਿਣਤੀ ਉੱਤੇ ਹੋ ਰਹੇ ਹਮਲਿਆਂ ਦੀ ਨਿਖੇਧੀ ਕਰਦੇ ਹਾਂ ਅਤੇ ਪਾਕਿਸਤਾਨ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖਾਂ ਦੇ ਕਾਤਲਾਂ ਨੂੰ ਸਖਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਪਾਕਿਸਤਾਨ ਸਰਕਾਰ ਇਸ ਮੁੱਦੇ ਨੂੰ ਬੜੀ ਗੰਭੀਰਤਾ ਨਾਲ ਲਵੇਗੀ।
ਸਰਨਾ ਨੇ ਕਿਹਾ ਹੈ ਕਿ ਅਸੀਂ ਫੈਡਰਲ ਅਤੇ ਸੂਬਾਈ ਪੱਧਰਾਂ ‘ਤੇ ਪਾਕਿਸਤਾਨ ਦੇ ਅਧਿਕਾਰੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਸਿੱਖਾਂ ਵਰਗੀਆਂ ਘੱਟ ਗਿਣਤੀਆਂ ਦੀ ਸੁਰੱਖਿਆ ਅਤੇ ਸੁਰੱਖਿਆ ਲਈ ਸਖ਼ਤ ਕਦਮ ਚੁੱਕਣ ਅਤੇ ਪੇਸ਼ਾਵਰ ਦੇ ਦੋ ਸਿੱਖ ਦੁਕਾਨਦਾਰਾਂ ਦੇ ਕਾਤਲਾਂ ਨੂੰ ਕਾਨੂੰਨ ਦੇ ਕਟਹਿਰੇ ‘ਚ ਲਿਆਉਣ।
ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਅਣਪਛਾਤਿਆਂ ਨੇ ਦੋ ਸਿੱਖਾਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਘਟਨਾ ਨਾਲ ਦੁਨੀਆ ਭਰ ਦੇ ਸਿੱਖਾਂ ਵਿੱਚ ਰੋਸ ਦੀ ਲਹਿਰ ਹੈ। ਕਤਲ ਕੀਤੇ ਗਏ ਦੋਵੇਂ ਸਿੱਖਾਂ ਦੀ ਪਛਾਣ ਕੰਵਲਜੀਤ ਸਿੰਘ ਅਤੇ ਰਣਜੀਤ ਸਿੰਘ ਵੱਜੋਂ ਹੋਈ ਹੈ, ਜੋ ਕਿ ਪੇਸ਼ਾਵਰ ਦੇ ਰਹਿਣ ਵਾਲੇ ਸਨ। ਉਹ ਇਥੇ ਕਈ ਸਾਲਾਂ ਤੋਂ ਦੁਕਾਨ 'ਤੇ ਮਸਾਲਾ ਵੇਚ ਰਹੇ ਸਨ। ਵਿਅਕਤੀਆਂ ਵੱਲੋਂ ਤਾਬਾਤੋੜ ਫਾਇਰਿੰਗ ਕੀਤੀ ਗਈ।