Thu, Apr 25, 2024
Whatsapp

PM ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਮੁਹਾਲੀ, ਚੰਡੀਗੜ੍ਹ 'ਚ ਧਾਰਾ 144 ਲਾਗੂ

Written by  Jasmeet Singh -- August 23rd 2022 07:16 PM -- Updated: August 23rd 2022 07:24 PM
PM ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਮੁਹਾਲੀ, ਚੰਡੀਗੜ੍ਹ 'ਚ ਧਾਰਾ 144 ਲਾਗੂ

PM ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਮੁਹਾਲੀ, ਚੰਡੀਗੜ੍ਹ 'ਚ ਧਾਰਾ 144 ਲਾਗੂ

ਚੰਡੀਗੜ੍ਹ, 23 ਅਗਸਤ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੁੱਧਵਾਰ ਨੂੰ ਹੋਣ ਵਾਲੀ ਪੰਜਾਬ ਫੇਰੀ ਤੋਂ ਪਹਿਲਾਂ ਚੰਡੀਗੜ੍ਹ ਅਤੇ ਮੁਹਾਲੀ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਧਾਰਾ 144 ਲਾਗੂ ਕਰ ਦਿੱਤੀ ਗਈ ਹੈ, ਇਸ ਤੋਂ ਇਲਾਵਾ ਨੋ ਫਲਾਈ ਜ਼ੋਨ ਵੀ ਐਲਾਨ ਦਿੱਤਾ ਗਿਆ ਹੈ। 24 ਅਗਸਤ ਨੂੰ ਚੰਡੀਗੜ੍ਹ ਵਿੱਚ ਕਿਸੇ ਨੂੰ ਵੀ ਲਾਇਸੰਸੀ ਹਥਿਆਰ ਅਤੇ ਗੋਲਾ-ਬਾਰੂਦ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਪ੍ਰਧਾਨ ਮੰਤਰੀ ਦੀ ਪਿਛਲੀ ਫੇਰੀ ਦੌਰਾਨ ਸੁਰੱਖਿਆ 'ਚ ਕੁਤਾਹੀ ਤੋਂ ਸਬਕ ਲੈਂਦੇ ਹੋਏ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਨਰਿੰਦਰ ਮੋਦੀ ਦੇ ਦੌਰੇ ਲਈ ਮੁਹਾਲੀ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਪ੍ਰਧਾਨ ਮੰਤਰੀ ਨਿਊ ਚੰਡੀਗੜ੍ਹ ਸਥਿਤ ਮੁਲਾਂਪੁਰ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨ ਆ ਰਹੇ ਹਨ। ਸਮਾਗਮ ਵਾਲੀ ਥਾਂ ਦੇ 2 ਕਿਲੋਮੀਟਰ ਦੇ ਖੇਤਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਇਲਾਕੇ ਨੂੰ ਨੋ ਫਲਾਈ ਜ਼ੋਨ ਬਣਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੂਰੇ ਇਲਾਕੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪਿਛਲੀ ਫੇਰੀ ਦੌਰਾਨ ਸੁਰੱਖਿਆ 'ਚ ਕਮੀ ਨੂੰ ਮੁਖ ਰੱਖਦਿਆਂ ਇਸ ਵਾਰੀ ਘੱਟੋ-ਘੱਟ 7,000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਘਟਨਾ ਸਥਾਨ ਤੋਂ 2 ਕਿਲੋਮੀਟਰ ਪਹਿਲਾਂ ਪੁਲਿਸ ਨਾਕਾਬੰਦੀ ਕੀਤੀ ਗਈ ਹੈ ਅਤੇ ਇਸ ਖੇਤਰ ਤੋਂ ਬਾਹਰ ਸਿਰਫ਼ ਪਾਸ ਹੋਲਡਰ ਨੂੰ ਹੀ ਜਾਣ ਦੀ ਆਗਿਆ ਹੈ। ਪੰਜਾਬ ਪੁਲਿਸ ਦੇ ਜਵਾਨਾਂ ਤੋਂ ਇਲਾਵਾ ਵਿਸ਼ੇਸ਼ ਸੁਰੱਖਿਆ ਬਲ (SSF) ਦੇ ਜਵਾਨ ਵੀ ਸੁਰੱਖਿਆ ਦੀ ਨਿਗਰਾਨੀ ਕਰ ਰਹੇ ਹਨ ਅਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਮੁਹਾਲੀ ਪਹੁੰਚ ਗਏ ਹਨ। ਇਲਾਕੇ ਵਿੱਚ ਐਸਐਸਐਫ ਦੇ ਗਾਰਡ ਅਤੇ ਸਨਾਈਪਰ ਕਮਾਂਡੋ ਵੀ ਤਾਇਨਾਤ ਕੀਤੇ ਗਏ ਹਨ। ਬੰਬ ਨਿਰੋਧਕ ਦਸਤੇ ਅਤੇ ਡਾਗ ਸਕੁਐਡ ਨੂੰ ਸਟੈਂਡਬਾਏ 'ਤੇ ਰੱਖਿਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ-ਪੰਜਾਬ ਬਾਰਡਰ 'ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਹਸਪਤਾਲ ਦੇ ਸਾਹਮਣੇ ਘੱਟੋ-ਘੱਟ ਤਿੰਨ ਹੈਲੀਪੈਡ ਬਣਾਏ ਗਏ ਹਨ ਅਤੇ ਨੇੜਲੇ ਇਲਾਕਿਆਂ ਤੋਂ ਬਿਜਲੀ ਦੇ ਖੰਭਿਆਂ ਨੂੰ ਹਟਾ ਦਿੱਤਾ ਗਿਆ ਹੈ। ਮੁਲਾਂਪੁਰ ਵਿੱਚ ਸਮਾਗਮ ਵਾਲੀ ਥਾਂ ਨੂੰ ਜਾਂਦੀ ਸੜਕ ਦੀ ਮੁਰੰਮਤ ਕਰ ਦਿੱਤੀ ਗਈ ਹੈ। ਹਾਲਾਂਕਿ ਪੀਐਮ ਮੋਦੀ ਦਾ ਹੈਲੀਕਾਪਟਰ ਰਾਹੀਂ ਆਉਣਾ ਤੈਅ ਹੈ ਪਰ ਪ੍ਰਸ਼ਾਸਨ ਵੱਲੋਂ ਬਦਲਵਾਂ ਰਸਤਾ ਵੀ ਤਿਆਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਦੇ ਫਿਰੋਜ਼ਪੁਰ ਦੌਰੇ ਦੌਰਾਨ ਸੁਰੱਖਿਆ 'ਚ ਕਮੀ, ਵਿਵਾਦਾਂ ਵਿੱਚ ਘਿਰ ਗਈ ਸੀ ਅਤੇ ਕੌਮੀ ਮੁੱਦਾ ਬਣ ਉਭਰੀ ਸੀ। ਸਰਕਾਰੀ ਬਿਆਨਾਂ 'ਚ ਕਿਹਾ ਗਿਆ ਸੀ ਕਿ ਕਿਸਾਨਾਂ ਦੇ ਧਰਨੇ ਕਾਰਨ ਉਨ੍ਹਾਂ ਦਾ ਕਾਫਲਾ ਜਾਮ ਵਿੱਚ ਫਸਿਆ ਰਿਹਾ। ਇਸ ਨੂੰ ਸੁਰੱਖਿਆ ਦੀ ਕਮੀ ਦੱਸਦਿਆਂ ਪ੍ਰਧਾਨ ਮੰਤਰੀ ਦਿੱਲੀ ਪਰਤ ਗਏ ਸਨ ਅਤੇ ਉਸ ਸਮੇਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ। -PTC News


Top News view more...

Latest News view more...