ਪੰਜਾਬ

ਪੰਜਾਬ ਦੀ ਨਿੱਜੀ ਯੂਨੀਵਰਸਿਟੀ 'ਚ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ

By Jasmeet Singh -- September 21, 2022 10:02 am -- Updated:September 21, 2022 10:05 am

Suicide by student: ਪੰਜਾਬ ਦੀ ਇੱਕ ਯੂਨੀਵਰਸਿਟੀ ਦਾ MMS ਮਾਮਲਾ ਅਜੇ ਠੰਡਾ ਵੀ ਨਹੀਂ ਹੋਇਆ ਸੀ ਕਿ ਮੰਗਲਵਾਰ ਨੂੰ ਜਲੰਧਰ ਦੀ ਇੱਕ ਨਿੱਜੀ ਯੂਨੀਵਰਸਿਟੀ ਦੇ ਕੈਂਪਸ ਵਿੱਚ ਇੱਕ ਵਿਦਿਆਰਥੀ ਨੇ ਖ਼ੁਦਕੁਸ਼ੀ ਕਰ ਲਈ। ਇਹ ਵਿਦਿਆਰਥੀ ਪਹਿਲੇ ਸਾਲ ਵਿੱਚ ਪੜ੍ਹਦਾ ਸੀ। ਵਿਦਿਆਰਥੀ ਦੀ ਖ਼ੁਦਕੁਸ਼ੀ ਤੋਂ ਬਾਅਦ ਯੂਨੀਵਰਸਿਟੀ 'ਚ ਵਿਦਿਆਰਥੀਆਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪੁਲਿਸ ਮੁਤਾਬਕ ਵਿਦਿਆਰਥੀ ਕੋਲੋਂ ਇੱਕ ਸੁਸਾਈਡ ਨੋਟ ਮਿਲਿਆ ਹੈ। ਉਹ ਬੀ.ਡਿਜ਼ਾਈਨ ਦੇ ਪਹਿਲੇ ਸਾਲ 'ਚ ਪੜ੍ਹਦਾ ਸੀ ਅਤੇ ਮੰਗਲਵਾਰ ਦੁਪਹਿਰ ਉਸਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਯੂਨੀਵਰਸਿਟੀ ਨੇ ਇਸ ਮਾਮਲੇ ਦੀ ਸੂਚਨਾ ਪੁਲਿਸ ਅਤੇ ਪ੍ਰਸ਼ਾਸਨ ਨੂੰ ਦਿੱਤੀ ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਫਗਵਾੜਾ ਦੇ ਡੀਐਸਪੀ ਨੇ ਦੱਸਿਆ ਕਿ ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਵਿਦਿਆਰਥੀ ਕਿਸੇ ਨਿੱਜੀ ਸਮੱਸਿਆ ਤੋਂ ਪੀੜਤ ਸੀ। ਇਹ ਮ੍ਰਿਤਕ ਵਿਦਿਆਰਥੀ ਦੇ ਸੁਸਾਈਡ ਨੋਟ ਤੋਂ ਜਾਪਦਾ ਹੈ। ਵਿਦਿਆਰਥੀ ਦੇ ਮਾਪਿਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਉਹ ਯੂਨੀਵਰਸਿਟੀ ਪਹੁੰਚ ਰਹੇ ਹਨ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨਿੱਜੀ ਯੂਨੀਵਰਸਿਟੀ ਨੇ ਇੱਕ ਬਿਆਨ ਜਾਰੀ ਕਰਕੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਉਸ ਨੇ ਕਿਹਾ ਕਿ ਮੁਢਲੀ ਪੁਲਿਸ ਜਾਂਚ ਅਤੇ ਸੁਸਾਈਡ ਨੋਟ ਦੀ ਸਮੱਗਰੀ ਤੋਂ ਪਤਾ ਚੱਲਦਾ ਹੈ ਕਿ ਵਿਦਿਆਰਥੀ ਨਿੱਜੀ ਸਮੱਸਿਆਵਾਂ ਤੋਂ ਪੀੜਤ ਸੀ। ਯੂਨੀਵਰਸਿਟੀ ਅਗਲੇਰੀ ਜਾਂਚ ਵਿੱਚ ਪੁਲਿਸ ਨੂੰ ਪੂਰਾ ਸਹਿਯੋਗ ਦੇਵੇਗੀ। ਯੂਨੀਵਰਸਿਟੀ ਨੇ ਵਿਦਿਆਰਥੀ ਦੀ ਮੌਤ 'ਤੇ ਡੂੰਘਾ ਅਫ਼ਸੋਸ ਪ੍ਰਗਟਾਇਆ ਹੈ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਇਹ ਵੀ ਪੜ੍ਹੋ: ਪੰਜਾਬ ਦੀਆਂ ਜੇਲ੍ਹਾਂ ਵਿੱਚ ਹੁਣ ਕੈਦੀ ਆਪਣੇ ਜੀਵਨ ਸਾਥੀ ਨਾਲ ਬਿਤਾ ਸਕਣਗੇ ਸਮਾਂ

ਵਿਦਿਆਰਥੀ ਦੀ ਖੁਦਕੁਸ਼ੀ ਦੀ ਖਬਰ ਜਿਵੇਂ ਹੀ ਹੋਸਟਲ 'ਚ ਫੈਲੀ ਤਾਂ ਗੁੱਸੇ 'ਚ ਆਏ ਵਿਦਿਆਰਥੀਆਂ ਨੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਮੀਡੀਆ ਰਿਪੋਰਟਾਂ ਮੁਤਾਬਕ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਪਿਛਲੇ 10 ਦਿਨਾਂ 'ਚ ਕੈਂਪਸ 'ਚ ਖ਼ੁਦਕੁਸ਼ੀ ਦਾ ਇਹ ਦੂਜਾ ਮਾਮਲਾ ਹੈ। ਪਰ ਯੂਨੀਵਰਸਿਟੀ ਪ੍ਰਸ਼ਾਸਨ ਮੂੰਹ ਬੰਦ ਕਰਕੇ ਬੈਠਾ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਹ ਇਸ ਲਈ ਰੋਸ ਪ੍ਰਦਰਸ਼ਨ ਕਰ ਰਹੇ ਹਨ ਤਾਂ ਜੋ ਦੋਵਾਂ ਦੀ ਮੌਤ ਦਾ ਕਾਰਨ ਸਾਹਮਣੇ ਆ ਸਕੇ। ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਪਿਛਲੀ ਖ਼ੁਦਕੁਸ਼ੀ ਦਾ ਮਾਮਲਾ ਚਰਚਾ ਵਿੱਚ ਨਹੀਂ ਆਇਆ ਕਿਉਂਕਿ ਇਹ ਬੰਦ ਦਰਵਾਜ਼ਿਆਂ ਪਿੱਛੇ ਸੁਲਝਾਇਆ ਗਿਆ ਸੀ।


-PTC News

  • Share