SGPC ਸਮੂਹ ਸਿੱਖ ਮਿਸ਼ਨਰੀ ਕਾਲਜਾਂ ਦੇ ਪ੍ਰਚਾਰਕਾਂ ਦੀ ਕਰੇਗੀ ਕਾਨਫਰੰਸ : ਬੀਬੀ ਜਗੀਰ ਕੌਰ

By Shanker Badra - October 01, 2021 8:10 am

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਪ੍ਰਚਾਰਕ ਪੈਦਾ ਕਰਨ ਵਾਲੇ ਸਿੱਖ ਮਿਸ਼ਨਰੀ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਨੁਮਾਇੰਦਿਆਂ ਨਾਲ ਇਕੱਤਰਤਾ ਕਰਕੇ ਧਰਮ ਪ੍ਰਚਾਰ ਲਹਿਰ ਨੂੰ ਸੰਯੁਕਤ ਰੂਪ ਵਿਚ ਅੱਗੇ ਵਧਾਉਣ ਲਈ ਵਿਚਾਰਾਂ ਕੀਤੀਆਂ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਕਾਲਜਾਂ ਦੇ ਨੁਮਾਇੰਦਿਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਆਰੰਭ ਕੀਤੀ ਗਈ ‘ਘਰਿ- ਘਰਿ ਅੰਦਰਿ ਧਰਮਸਾਲ’ ਲਹਿਰ ਵਿਚ ਸਹਿਯੋਗੀ ਬਣਨ ਲਈ ਕਿਹਾ, ਜਿਸ ’ਤੇ ਸਭ ਨੇ ਸਹਿਮਤੀ ਪ੍ਰਗਟਾਈ ਅਤੇ ਆਪੋ-ਆਪਣੇ ਕਾਲਜਾਂ ਦੇ ਵਿਦਿਆਰਥੀਆਂ ਦੀਆਂ ਸੇਵਾਵਾਂ ਦੇਣ ਦਾ ਐਲਾਨ ਕੀਤਾ।

ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਪੂਰੇ ਪੰਜਾਬ ਦੇ ਪਿੰਡਾਂ ਅੰਦਰ ਘਰ- ਘਰ ਤੱਕ ਸਿੱਖੀ ਪ੍ਰਚਾਰ ਕਰਨ ਲਈ ਇਹ ਲਹਿਰ ਸ਼ੁਰੂ ਕੀਤੀ ਗਈ, ਜਿਸ ਤਹਿਤ ਇੱਕੋ ਸਮੇਂ 200 ਪਿੰਡਾਂ ਵਿਚ ਧਰਮ ਪ੍ਰਚਾਰ ਕੀਤਾ ਜਾਂਦਾ ਹੈ। ਪਿੰਡਾਂ ਵਿਚ ਇਕ-ਇਕ ਹਫ਼ਤੇ ਦੇ ਪ੍ਰੋਗਰਾਮ ਤਹਿਤ ਸੰਗਤ ਦੇ ਨਾਲ-ਨਾਲ ਸਿੱਖ ਨੌਜੁਆਨਾਂ ਅਤੇ ਬੱਚਿਆਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਿਆ ਜਾ ਰਿਹਾ ਹੈ। ਇਸੇ ਦੇ ਵਿਸਥਾਰ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਿੱਖ ਮਿਸ਼ਨਰੀ ਕਾਲਜਾਂ ਦੇ ਨਾਲ-ਨਾਲ ਵੱਖ-ਵੱਖ ਸੰਸਥਾਵਾਂ ਵੱਲੋਂ ਚਲਾਏ ਜਾ ਰਹੇ ਸਿੱਖ ਮਿਸ਼ਨਰੀ ਕਾਲਜਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ।

ਇਸ ਸਬੰਧ ਵਿਚ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਵਾਨਤ ਸਿੱਖ ਰਹਿਤ ਮਰਯਾਦਾ ਅਨੁਸਾਰ ਵੱਖ-ਵੱਖ ਸਿੱਖ ਮਿਸ਼ਨਰੀ ਕਾਲਜ ਕਾਰਜਸ਼ੀਲ ਹਨ, ਜਿਨ੍ਹਾਂ ਨੇ ਵੱਡੀ ਪੱਧਰ ‘’ਤੇ ਪ੍ਰਚਾਰਕ, ਰਾਗੀ ਅਤੇ ਤਬਲਾ ਵਾਦਕ ਪੈਦਾ ਕਰਕੇ ਪ੍ਰਚਾਰ ਦੇ ਖੇਤਰ ਵਿਚ ਜ਼ਿਕਰਯੋਗ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮਾਂ ਸੰਯੁਕਤ ਰੂਪ ਵਿਚ ਧਰਮ ਪ੍ਰਚਾਰ ਦੇ ਖੇਤਰ ਵਿਚ ਅੱਗੇ ਵਧਣ ਦਾ ਹੈ, ਜਿਸ ਨੂੰ ਲੈ ਕੇ ਭਾਵਪੂਰਤ ਮੀਟਿੰਗ ਹੋਈ ਹੈ। ਉਨ੍ਹਾਂ ਦੱਸਿਆ ਕਿ ਹਰ ਸਿੱਖ ਮਿਸ਼ਨਰੀ ਅਦਾਰੇ ਨੇ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇਣ ਦੀ ਵਚਨਬੱਧਤਾ ਪ੍ਰਗਟਾਈ ਹੈ ਅਤੇ ਮੌਜੂਦਾ ਸਮੇਂ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਵਿਚ ਆਪਣਾ ਯੋਗਦਾਨ ਦੇਣ ਲਈ ਹਾਮੀ ਭਰੀ ਹੈ।

ਉਨ੍ਹਾਂ ਕਿਹਾ ਕਿ ਇਸ ਲਹਿਰ ਤਹਿਤ ਪੰਜਾਬ ਦੇ ਹਰ ਪਿੰਡ ਤੱਕ ਪਹੁੰਚ ਕਰਕੇ ਘਰ ਘਰ ਅੰਦਰ ਸਿੱਖੀ ਪ੍ਰਚਾਰ ਕੀਤਾ ਜਾਵੇਗਾ। ਹੁਣ ਸਿੱਖ ਮਿਸ਼ਨਰੀ ਕਾਲਜਾਂ ਵਲੋਂ ਆਪਣੇ ਵਿਦਿਆਰਥੀਆਂ ਦੀਆਂ ਸੇਵਾਵਾਂ ਦੇਣ ਨਾਲ ਇਸ ਵਿਚ ਵੱਡਾ ਵਾਧਾ ਹੋਵੇਗਾ ਅਤੇ ਇਕੋ ਸਮੇਂ 200 ਦੀ ਥਾਂ ਹੋਰ ਵੱਡੀ ਪੱਧਰ ’ਤੇ ਪਿੰਡਾਂ ਤੱਕ ਪਹੁੰਚ ਹੋ ਸਕੇਗੀ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਇਹ ਵੀ ਐਲਾਨ ਕੀਤਾ ਕਿ ਅਕਤੂਬਰ ਮਹੀਨੇ ਵਿਚ ਸਿੱਖ ਮਿਸ਼ਨਰੀ ਕਾਲਜਾਂ ਤੋਂ ਸਿੱਖਿਆ ਪ੍ਰਾਪਤ ਕਰਕੇ ਜਾ ਚੁੱਕੇ ਅਤੇ ਪੜ੍ਹ ਰਹੇ ਵਿਦਿਆਰਥੀਆਂ ਦੀ ਇਕ ਕਾਨਫਰੰਸ ਦਾ ਆਯੋਜਨ ਕੀਤਾ ਜਾਵੇਗਾ ਅਤੇ ਇਹ ਸਿਲਸਿਲਾ ਅਗਲੇ ਸਮਿਆਂ ਵਿਚ ਵੀ ਜਾਰੀ ਰੱਖਿਆ ਜਾਵੇਗਾ। ਅੱਜ ਦੀ ਇਕੱਤਰਤਾ ਵਿਚ 26 ਸਿੱਖ ਮਿਸ਼ਨਰੀ ਕਾਲਜਾਂ ਦੇ ਪ੍ਰਤੀਨਿਧਾਂ ਨੇ ਸ਼ਮੂਲੀਅਤ ਕੀਤੀ ਅਤੇ ਆਪੋ ਆਪਣੇ ਵਿਚਾਰ ਦਿੱਤੇ।
-PTCNews

adv-img
adv-img