ਕਿਸਾਨਾਂ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ-ਬਸਪਾ ਦਾ ਪੰਜਾਬ ਸਰਕਾਰ ਖਿਲਾਫ਼ ਹੱਲਾ-ਬੋਲ

By Riya Bawa - October 03, 2021 4:10 pm

ਬਠਿੰਡਾ: ਨਰਮੇ ਦੀ ਫ਼ਸਲ ਦੇ ਨੁਕਸਾਨ ਦੇ ਮੁਆਵਜ਼ੇ ਲਈ ਅਕਾਲੀ ਦਲ-ਬਸਪਾ ਵੱਲੋਂ ਅੱਜ ਬਠਿੰਡਾ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਪ੍ਰਕਾਸ਼ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਬਸਪਾ ਦੇ ਪ੍ਰਧਾਨ ਤੇ ਕਈ ਹੋਰ ਆਗੂ ਸ਼ਾਮਿਲ ਹੋਏ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ ਪੰਜਾਬ ਸਰਕਾਰ ਨੂੰ ਗੁਲਾਬੀ ਗੁਲਾਬੀ ਸੁੰਡੀ ਹਮਲੇ ਨਾਲ ਪ੍ਰਭਾਵਿਤ ਨਰਮੇ ਦੀ ਫ਼ਸਲ ਲਈ ਕਿਸਾਨਾਂ ਲਈ ਮੁਆਵਜ਼ਾ ਜਾਰੀ ਕਰਨ ਦੀ ਅਪੀਲ ਕੀਤੀ ਹੈ, ਨਹੀਂ ਤਾਂ ਪਾਰਟੀ ਅੰਦੋਲਨ ਸ਼ੁਰੂ ਕਰੇਗੀ। ਕਿਸਾਨਾਂ ਦੇ ਨਾਲ ਅਕਾਲੀ-ਬਸਪਾ ਲੀਡਰਸ਼ਿਪ ਬਠਿੰਡਾ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੀ ਹੈ।

ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਇੱਕ ਮਜ਼ਬੂਤ ਮੁੱਖ ਮੰਤਰੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਲਾਬੀ ਸੁੰਡੀ ਹਮਲੇ ਕਰਕੇ ਨਰਮੇ ਦੀ ਫ਼ਸਲਾਂ ਜੋ ਨੁਕਸਾਨ ਹੋਇਆ ਉਸ ਕਰਕੇ ਕਿਸਾਨ ਪ੍ਰਭਾਵਿਤ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੇ ਕਈ ਥਾਵਾਂ ਦਾ ਦੌਰਾ ਕੀਤਾ ਅਤੇ ਗੁਲਾਬੀ ਸੁੰਡੀ ਦੇ ਹਮਲੇ ਨਾਲ ਪ੍ਰਭਾਵਿਤ ਹੋਏ ਕਿਸਾਨਾਂ ਦੀ ਸਥਿਤੀ ਨੂੰ ਵੇਖ ਕੇ ਬਹੁਤ ਦੁਖੀ ਹੋਏ।ਜਦੋਂ ਸ਼੍ਰੋਮਣੀ ਅਕਾਲੀ ਦਲ ਸੱਤਾ ਵਿੱਚ ਸੀ, ਪਾਰਟੀ ਨੇ ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਲੋਕਾਂ ਨੂੰ ਕਰੋੜਾਂ ਦਾ ਮੁਆਵਜ਼ਾ ਜਾਰੀ ਕੀਤਾ ਸੀ, ਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਿਸਾਨਾਂ ਲਈ ਮੁਆਵਜ਼ਾ ਜਾਰੀ ਕਰਨ ਲਈ ਕਿਹਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿੱਚ ਅਸਫਲ ਰਹੀ ਤਾਂ ਐਸਡੀ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ।

ਇਸ ਰੋਸ ਰੈਲੀ ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ ਨੇ ਇਸ ਇਕੱਠ ਨੂੰ ਸੰਬੋਧਿਤ ਕੀਤਾ। ਉਨ੍ਹਾਂ ਨੇ ਇਸ ਦੌਰਾਨ ਖੇਤੀ ਕਾਨੂੰਨਾਂ ਬਾਰੇ ਬੋਲਦਿਆਂ ਕਿਹਾ ਕਿ ਅਸੀਂ ਇਹ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਰਹਾਂਗੇ। ਉਨ੍ਹਾਂ ਕਿ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਸ਼ਹਾਦਤ ਦਾ ਬਦਲਾ ਲਿਆ ਜਾਵੇਗਾ । ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਦੇ ਹਿੱਤਾਂ 'ਤੇ ਲੋੜਾਂ ਲਈ ਹਮੇਸ਼ਾਂ ਲੜਨ ਲਈ ਤਿਆਰ ਹਾਂ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਰੋਧੀ ਪਾਰਟੀਆਂ 'ਤੇ ਹਮਲਾ ਬੋਲਿਆ।

ਉਨ੍ਹਾਂ ਨੇ ਵਿਰੋਧੀ ਪਾਰਟੀਆਂ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਦੀਆਂ ਵਿਰੋਧੀਆਂ ਪਾਰਟੀਆਂ ਲੀਰੋ-ਲੀਰ ਹੋਈਆਂ ਪਈਆਂ ਹਨ ਤੇ ਕੁਰਸੀ ਪਿੱਛੇ ਲੜ ਰਹੀਆਂ ਹਨ। ਇਹ ਪਾਰਟੀਆਂ ਲੋਕਾਂ ਦੀਆਂ ਜ਼ਰੂਰਤਾਂ ਨੂੰ ਭੁੱਲ ਗਈਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਗਿਆ ਸੀ ਕਿ ਗੁਲਾਬੀ ਸੁੰਡੀ ਕਰ ਕੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ੇ ਦਾ ਐਲਾਨ ਕੀਤਾ ਜਾਵੇ, ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਇਸ ਅਪੀਲ ਨੂੰ ਨਜ਼ਰ ਅੰਦਾਜ਼ ਕੀਤਾ ਗਿਆ । ਜਿਸ ਕਾਰਨ ਬਹੁਤ ਸਾਰੇ ਕਿਸਾਨ ਖ਼ੁਦਕੁਸ਼ੀ ਕਰਨ ਲਈ ਮਜ਼ਬੂਰ ਹੋ ਗਏ ਹਨ।

ਇਸ ਰੈਲੀ ਦੌਰਾਨ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ 'ਚ ਪੰਜਾਬ ਲਈ ਕੋਈ ਕੰਮ ਨਹੀਂ ਕੀਤਾ ਜਿਹੜੇ ਵੀ ਵਿਕਾਸ ਪੰਜਾਬ 'ਚ ਹੋਏ ਹਨ ਉਹ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਹਨ ਅਤੇ ਬਠਿੰਡਾ 'ਚ ਤਿੰਨ ਯੂਨੀਵਰਸਿਟੀਆਂ ਵੀ ਬਣਾਈਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਜਿੰਨੇ ਵੀ ਕੰਮ ਹੋਏ ਹਨ ਉਹ ਅਸੀਂ ਗਿਣਾ ਨਹੀਂ ਸਕਦੇ।

ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਵੀ ਪੰਜਾਬ ਸਰਕਾਰ ਨੂੰ ਗੁਲਾਬੀ ਸੁੰਡੀ ਕਰਕੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ੇ ​ਜਾਰੀ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਧਦੀ ਮਹਿੰਗਾਈ ਕਾਰਨ ਕਿਸਾਨ ਬਹੁਤ ਜੱਦੋ ਜਹਿਦ ਕਰ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਜੇਕਰ ਤੁਸੀਂ ਪੰਜਾਬ ਵਿੱਚ ਚੰਗੇ ਦਿਨ ਚਾਹੁੰਦੇ ਹੋ ਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੋਟ ਦਿਓ।

-PTC News

adv-img
adv-img