ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਦੇ ਐਸ.ਏ.ਐਸ ਨਗਰ ‘ਚ ਸ਼ਰਾਬ ਦੀ ਹੋਮ ਡਿਲਵਰੀ ਸ਼ੁਰੂ ਕਰਨ ਦੇ ਪ੍ਰਸਤਾਵ ਦੀ ਨਿਖੇਧੀ

SAD

ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਦੇ ਐਸ.ਏ.ਐਸ ਨਗਰ ‘ਚ ਸ਼ਰਾਬ ਦੀ ਹੋਮ ਡਿਲਵਰੀ ਸ਼ੁਰੂ ਕਰਨ ਦੇ ਪ੍ਰਸਤਾਵ ਦੀ ਨਿਖੇਧੀ

ਮੁੱਖ ਮੰਤਰੀ ਨੂੰ ਇਸ ਬੁਰਾਈ ਨੂੰ ਜੜ੍ਹ ਵਿਚ ਹੀ ਦਬਾਉਣ ਲਈ ਕਿਹਾ

ਅਜਿਹੇ ਪ੍ਰਸਤਾਵ ਲਈ ਮੰਤਰੀ ਦੀ ਭੂਮਿਕਾ ਦੀ ਜਾਂਚ ਕਰਵਾਉਣ ਅਤੇ ਅਧਿਕਾਰੀਆਂ ਖ਼ਿਲਾਫ ਕਾਰਵਾਈ ਦੀ ਮੰਗ ਕੀਤੀ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਦੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਸ਼ਰਾਬ ਦੀ ਹੋਮ ਡਿਲੀਵਰੀ ਸ਼ੁਰੂ ਕਰਨ ਦੇ ਪ੍ਰਸਤਾਵ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਘਰ ਘਰ ਰੁਜ਼ਗਾਰ ਦੇਣ ਦੇ ਵਾਅਦੇ ਤੋਂ ਭੱਜ ਚੁੱਕੀ ਸਰਕਾਰ ਹੁਣ ‘ਘਰ ਘਰ ਸ਼ਰਾਬ’ ਪਹੁੰਚਾਉਣ ਦੀ ਯੋਜਨਾ ਬਣਾ ਰਹੀ ਹੈ।

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅੰਦਰ ਇੱਕ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਸਰਕਾਰ ਦੇ ਇਸ ਪ੍ਰਸਤਾਵ ਨੂੰ ਬੇਹੱਦ ਸ਼ਰਮਨਾਕ ਅਤੇ ਲੋਕਾਂ ਦੀਆਂ ਭਾਵਨਾਵਾਂ ਤੋਂ ਕੋਰਾ ਕਰਾਰ ਦਿੰਦਿਆਂ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਭ ਤੋਂ ਪਹਿਲੀ ਗੱਲ ਕਿ ਜਿਸ ਤਰ੍ਹਾਂ ਇਸ ਪ੍ਰਸਤਾਵ ਦਾ ਪ੍ਰਚਾਰ ਕੀਤਾ ਗਿਆ ਹੈ, ਇਸ ਆਪਣੇ ਆਪ ਕਾਂਗਰਸ ਸਰਕਾਰ ਦੀ ਮਾਨਸਿਕਤਾ ਬਿਆਨ ਕਰਦਾ ਹੈ।

ਉਹਨਾਂ ਕਿਹਾ ਕਿ ਇਹ ਬੇਰਹਿਮ ਸਰਕਾਰ ਆਪਣੇ ਚਹੇਤਿਆਂ ਦੇ ਖਜ਼ਾਨੇ ਭਰਨ ਲਈ ਕੁੱਝ ਵੀ ਕਰ ਸਕਦੀ ਹੈ, ਪਰ ਉਹਨਾਂ ਲੱਖਾਂ ਬੇਰੁਜ਼ਗਾਰ ਨੌਜਵਾਨਾਂ ਦੀ ਜ਼ਿੰਦਗੀ ਸੁਧਾਰਨ ਲਈ ਇੱਕ ਕੰਮ ਨਹੀਂ ਕਰ ਸਕਦੀ, ਜਿਹਨਾਂ ਨਾਲ ਸਰਕਾਰ ਵੱਲੋਂ ਨੌਕਰੀ ਦਿੱਤੇ ਜਾਣ ਤਕ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਗਿਆ ਸੀ।

ਹੋਰ ਪੜ੍ਹੋ: ਕਾਂਗਰਸ ਸਰਕਾਰ ਵੱਲੋਂ ਇੰਡਸਟਰੀ ਨਾਲ ਕੀਤੀ ਵਾਅਦਾ ਖ਼ਿਲਾਫੀ ਅਤੇ ਅਮਨ-ਕਾਨੂੰਨ ਦੀ ਖਸਤਾ ਹਾਲਤ ਕਰਕੇ ਨਿਵੇਸ਼ ਸੰਮੇਲਨ ਸਾਬਿਤ ਹੋਇਆ ‘ਠੁੱਸ’ : ਸ਼੍ਰੋਮਣੀ ਅਕਾਲੀ ਦਲ

ਉਹਨਾਂ ਕਿਹਾ ਕਿ ਨੌਕਰੀ ਦਾ ਵਾਅਦਾ ਪੂਰਾ ਕਰਨ ਦੀ ਥਾਂ ਹੁਣ ਸਰਕਾਰ ਚਾਹੁੰਦੀ ਹੈ ਕਿ ਨੌਜਵਾਨ ਸ਼ਰਾਬ ਦਾ ਆਨਲਾਇਨ ਆਰਡਰ ਕਰਕੇ ਆਪਣੇ ਦੁੱਖਾਂ ਨੂੰ ਨਸ਼ੇ ਵਿਚ ਡੋਬ ਦੇਣ। ਉਹਨਾਂ ਕਿਹਾ ਕਿ ਇਸ ਨਾਲ ਨਾ ਸਿਰਫ ਨੌਜਵਾਨਾਂ ਅੰਦਰ ਸ਼ਰਾਬ ਦੀ ਲਤ ਵਧੇਗੀ, ਸਗੋਂ ਅਮਨ-ਕਾਨੂੰਨ ਦੀ ਸਮੱਸਿਆ ਖੜ੍ਹੀ ਹੋਵੇਗੀ।

ਮੁੱਖ ਮੰਤਰੀ ਨੂੰ ਇਸ ਬੁਰਾਈ ਨੂੰ ਜੜ੍ਹ ਵਿਚ ਹੀ ਦਬਾ ਦੇਣ ਲਈ ਆਖਦਿਆਂ ਡਾਕਟਰ ਚੀਮਾ ਨੇ ਉਹਨਾਂ ਅਧਿਕਾਰੀਆਂ ਖ਼ਿਲਾਫ ਕਾਰਵਾਈ ਦੀ ਮੰਗ ਕੀਤੀ, ਜਿਹੜੇ ਇਸ ਪ੍ਰਸਤਾਵ ਨੂੰ ਲਾਗੂ ਕਰਨਾ ਚਾਹੁੰਦੇ ਹਨ, ਜਿਸ ਨਾਲ ਨਾ ਸਿਰਫ ਲੋਕਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੇਗੀ, ਸਗੋਂ ਸਮਾਜ ਅੰਦਰ ਅਰਾਜਕਤਾ ਵੀ ਵਧੇਗੀ।

ਉਹਨਾਂ ਕਿਹਾ ਕਿ ਇਸ ਗੱਲ ਦੀ ਵੀ ਪੜਤਾਲ ਹੋਣੀ ਚਾਹੀਦੀ ਹੈ ਕਿ ਕੀ ਇਹ ਫੈਸਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਕਾਂਗਰਸੀ ਮੰਤਰੀ ਨੂੰ ਫਾਇਦਾ ਪਹੁੰਚਾਉਣ ਲਈ ਲਿਆ ਗਿਆ ਹੈ, ਜੋ ਕਿ ਸ਼ਰਾਬ ਦਾ ਧੰਦਾ ਕਰਦਾ ਹੈ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਇਸ ਸ਼ਰਮਨਾਕ ਪ੍ਰਸਤਾਵ ਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ, ਜੋ ਕਿ ਸੰਵਿਧਾਨ ਦੇ ਵੀ ਖ਼ਿਲਾਫ ਹੈ, ਜਿਸ ਦੇ ਸੈਕਸ਼ਨ 47 ਵਿਚ ਸਪੱਸ਼ਟ ਤੌਰ ਤੇ ਲਿਖਿਆ ਹੈ ਕਿ ਸਰਕਾਰ ਨੂੰ ਨਸ਼ਿਆਂ ਨੂੰ ਰੋਕਣ ਵਾਸਤੇ ਕੰਮ ਕਰਨਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਸਾਡੇ ਇੱਥੇ ਇੱਕ ਅਜਿਹੀ ਸਰਕਾਰ ਹੈ, ਜਿਹੜੀ ਨਾ ਸਿਰਫ ਸ਼ਰਾਬ ਪੀਣ ਲਈ ਹੱਲਾਸ਼ੇਰੀ ਦੇ ਰਹੀ ਹੈ, ਸਗੋਂ ਇਸ ਨੇ ਸ਼ਰਾਬ ਦੀ ਹੋਮ ਡਿਲੀਵਰੀ ਨੂੰ ਇੱਕ ਸਰਕਾਰੀ ਨੀਤੀ ਬਣਾ ਧਰਿਆ ਹੈ।

ਡਾਕਟਰ ਚੀਮਾ ਨੇ ਕਿਹਾ ਕਿ ਅਕਾਲੀ ਦਲ ਨੌਜਵਾਨਾਂ ਨੂੰ ਸ਼ਰਾਬ ਵੱਲ ਧੱਕੇ ਜਾਣ ਦੀ ਇਸ ਸਾਜ਼ਿਸ਼ ਨੂੰ ਕਿਸੇ ਵੀ ਕੀਮਤ ਉੱਤੇ ਕਾਮਯਾਬ ਨਹੀਂ ਹੋਣ ਦੇਵੇਗਾ। ਉਹਨਾਂ ਕਿਹਾ ਕਿ ਅਸੀਂ ਸੂਬੇ ਅੰਦਰ ਸ਼ਰਾਬ ਦੀ ਹੋਮ ਡਿਲੀਵਰੀ ਸ਼ੁਰੂ ਕਰਨ ਖ਼ਿਲਾਫ ਇੱਕ ਅੰਦੋਲਨ ਸ਼ੁਰੂ ਕਰਾਂਗੇ। ਉਹਨਾਂ ਕਿਹਾ ਕਿ ਸਰਕਾਰ ਨੂੰ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਉੱਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਨਾ ਕਿ ਉਹਨਾਂ ਦੇ ਭਵਿੱਖ ਨੂੰ ਪੂਰੀ ਤਰ੍ਹਾਂ ਤਬਾਹ ਕਰਨ ਵਾਲੇ ਕਦਮ ਚੁੱਕਣੇ ਚਾਹੀਦੇ ਹਨ।

-PTC News