ਸ਼੍ਰੋਮਣੀ ਅਕਾਲੀ ਦਲ ਵੱਲੋਂ ਗ੍ਰਹਿ ਮੰਤਰੀ ਨੂੰ ਸਿੱਖ ਰੈਫਰੈਂਸ ਲਾਇਬਰੇਰੀ ਦੇ ਖਰੜੇ ਵਾਪਸ ਕਰਨ ਦੀ ਅਪੀਲ

ਸ਼੍ਰੋਮਣੀ ਅਕਾਲੀ ਦਲ ਵੱਲੋਂ ਗ੍ਰਹਿ ਮੰਤਰੀ ਨੂੰ ਸਿੱਖ ਰੈਫਰੈਂਸ ਲਾਇਬਰੇਰੀ ਦੇ ਖਰੜੇ ਵਾਪਸ ਕਰਨ ਦੀ ਅਪੀਲ,ਦਿੱਲੀ/ਚੰਡੀਗੜ੍ਹ/: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪਰੇਸ਼ਨ ਬਲਿਊ ਸਟਾਰ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਮੌਜੂਦ ਸਿੱਖ ਰੈਫਰੈਂਸ ਲਾਇਬਰੇਰੀ ਵਿਚੋਂ ਫੌਜੀ ਅਧਿਕਾਰੀਆਂ ਵੱਲੋਂ ਚੁੱਕੇ ਦੁਰਲੱਭ ਖਰੜਿਆਂ ਅਤੇ ਦਸਤਾਵੇਜ਼ਾਂ ਨੂੰ ਵਾਪਸ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਾਪਸ ਸੌਂਪੇ ਜਾਣ ਦਾ ਮੁੱਦਾ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਕੋਲ ਉਠਾਇਆ ਹੈ।

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਦਾ ਇੱਕ ਉੱਚ ਪੱਧਰੀ ਵਫ਼ਦ ਅੱਜ ਸ਼ਾਮੀਂ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਮਿਲਿਆ ਅਤੇ ਉਹਨਾਂ ਨੂੰ ਜਾਣੂ ਕਰਵਾਇਆ ਕਿ 1984 ਵਿਚ ਕੀਤੀ ਫੌਜੀ ਕਾਰਵਾਈ ਦੌਰਾਨ ਸਿੱਖ ਰੈਫਰੈਂਸ ਲਾਇਬਰੇਰੀ ਦਾ ਇੱਕ ਵੱਡਾ ਹਿੱਸਾ ਤਬਾਹ ਹੋ ਗਿਆ ਸੀ ਅਤੇ ਫੌਜੀ ਅਧਿਕਾਰੀਆਂ ਨੇ ਬਹੁਤ ਸਾਰੇ ਦੁਰਲੱਭ ਖਰੜਿਆਂ, ਗੁਰੂ ਸਾਹਿਬਾਨ ਦੀਆਂ ਨਿਸ਼ਾਨੀਆਂ ਅਤੇ ਦਸਤਾਵੇਜ਼ਾਂ ਨੂੰ ਚੁੱਕ ਲਿਆ ਸੀ।

ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਸਿੱਖ ਸੰਗਤ ਲੰਬੇ ਸਮੇਂ ਤੋਂ ਇਹਨਾਂ ਦੁਰਲੱਭ ਖਰੜਿਆਂ ਨੂੰ ਵਾਪਸ ਐਸਜੀਪੀਸੀ ਨੂੰ ਸੌਂਪੇ ਜਾਣ ਦੀ ਮੰਗ ਕਰਦੀ ਆ ਰਹੀ ਹੈ। ਉਹਨਾਂ ਅਮਿਤ ਸ਼ਾਹ ਨੂੰ ਇਹ ਮਾਮਲਾ ਫੌਜੀ ਅਧਿਕਾਰੀਆਂ ਕੋਲ ਉਠਾ ਕੇ ਇਸ ਦਾ ਢੁੱਕਵਾਂ ਹੱਲ ਕੱਢਣ ਦੀ ਅਪੀਲ ਕੀਤੀ।

ਹੋਰ ਪੜ੍ਹੋ:ਬ੍ਰਹਮ ਮਹਿੰਦਰਾ ਜੀ! ਤੁਸੀਂ ਆਪਣੀ ਡਿਊਟੀ ਕਿਉਂ ਨਹੀਂ ਕਰ ਰਹੇ ਹੋ: ਹਰਸਿਮਰਤ ਬਾਦਲ

ਅਕਾਲੀ ਦਲ ਪ੍ਰਧਾਨ ਨੇ ਗ੍ਰਹਿ ਮੰਤਰੀ ਨੂੰ ਇਸ ਗੱਲ ਤੋਂ ਵੀ ਜਾਣੂ ਕਰਵਾਇਆ ਕਿ ਉਸ ਗੜਬੜ ਵਾਲੇ ਦੌਰ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮ ਉੱਤੇ ਸ੍ਰੀ ਦਰਬਾਰ ਸਾਹਿਬ ਉਤੇ ਕੀਤੇ ਗਏ ਫੌਜੀ ਹਮਲੇ ਤੋਂ ਬਾਅਦ ਵੱਡੀ ਗਿਣਤੀ ਵਿਚ ਫੌਜ ਵਿਚ ਸੇਵਾ ਨਿਭਾ ਰਹੇ ਸਿੱਖ ਨੌਜਵਾਨਾਂ ਨੂੰ ਭਾਰੀ ਸਦਮਾ ਲੱਗਿਆ ਸੀ ਅਤੇ ਉਹ ਧਾਰਮਿਕ ਤੌਰ ਤੇ ਜਜ਼ਬਾਤੀ ਹੋਏ ਆਪਣੀਆਂ ਛਾਉਣੀਆਂ ਛੱਡ ਕੇ ਸ੍ਰੀ ਹਰਿਮੰਦਰ ਸਾਹਿਬ ਪੁੱਜ ਗਏ ਸਨ।

ਉਸ ਸਮੇਂ ਦੇ ਹਾਲਾਤਾਂ ਦੀ ਡੂੰਘਾਈ ਵਿਚ ਘੋਖੇ ਬਗੈਰ ਇਹਨਾਂ ਫੌਜੀਆਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਇਹਨਾਂ ਸਾਬਕਾ ਫੌਜੀਆਂ ਦਾ ਮੁੜ ਵਸੇਬਾ ਕੀਤਾ ਜਾਣਾ ਚਾਹੀਦਾ ਹੈ ਅਤੇ ਉਹਨਾਂ ਨੂੰ ਫੌਜ ਦੀ ਸੇਵਾ ਲਈ ਪੈਨਸ਼ਨ ਸਮੇਤ ਸਾਰੇ ਲਾਭ ਦਿੱਤੇ ਜਾਣੇ ਚਾਹੀਦੇ ਹਨ।ਸਾਂਸਦ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ,ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਡਾਕਟਰ ਦਲਜੀਤ ਸਿੰਘ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਆਦਿ ਮੈਂਬਰਾਂ ਵਾਲੇ ਇਸ ਅਕਾਲੀ ਵਫ਼ਦ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਕੇਂਦਰ ਸਰਕਾਰ ਵੱਲੋਂ ਚੁੱਕੇ ਵਿਸ਼ੇਸ਼ ਕਦਮਾਂ ਬਾਰੇ ਵੀ ਚਰਚਾ ਕੀਤੀ।

ਅਕਾਲੀ ਵਫ਼ਦ ਨੇ ਗ੍ਰਹਿ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਐਸਜੀਪੀਸੀ ਅਤੇ ਡੀਐਸਜੀਐਮਐਸ ਵੱਲੋਂ ਸ੍ਰੀ ਨਨਕਾਣਾ ਸਾਹਿਬ ਵਿਚ ਨਗਰ ਕੀਰਤਨ ਲਿਜਾਣ ਦੇ ਮੁੱਦੇ ਨੂੰ ਪਾਕਿਸਤਾਨ ਦੀ ਸਰਕਾਰ ਕੋਲ ਉਠਾਉਣ। ਵਫ਼ਦ ਦੇ ਮੈਂਬਰਾਂ ਨੇ ਇਹ ਵੀ ਕਿਹਾ ਕਿ ਇਸ ਸੰਬੰਧ ਵਿਚ ਸਿੱਖ ਸੰਗਤ ਵੱਲੋਂ ਐਸਜੀਪੀਸੀ ਅਤੇ ਡੀਐਸਜੀਐਮਐਸ ਦੋਵਾਂ ਸੰਸਥਾਵਾਂ ਕੋਲ ਮੰਗ ਰੱਖੀ ਜਾ ਚੁੱਕੀ ਹੈ। ਜੇਕਰ ਕੇਂਦਰ ਸਰਕਾਰ ਪਾਕਿਸਤਾਨ ਦੀ ਸਰਕਾਰ ਨਾਲ ਲੋੜੀਂਦਾ ਵਿਚਾਰ ਵਟਾਂਦਰਾ ਕਰਕੇ ਇਸ ਦੀ ਪ੍ਰਵਾਨਗੀ ਦਿਵਾ ਦੇਵੇ ਤਾਂ ਇਹ ਬਹੁਤ ਹੀ ਨੇਕ ਅਤੇ ਉਸਾਰੂ ਕਦਮ ਹੋਵੇਗਾ।

ਅਕਾਲੀ ਵਫ਼ਦ ਨੇ ਕਿਹਾ ਕਿ 6 ਜੂਨ ਦਾ ਦਿਹਾੜਾ ਸਿੱਖਾਂ ਨੂੰ ਇੰਦਰਾ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਵੱਲੋਂ 1984 ਵਿਚ ਸਿੱਖਾਂ ਉੱਤੇ ਢਾਹੇ ਜ਼ੁਲਮਾਂ ਦੀ ਯਾਦ ਦਿਵਾਉਂਦਾ ਹੈ, ਜਦੋਂ ਸਿੱਖਾਂ ਦੇ ਸਭ ਤੋ ਪਾਵਨ ਸਥਾਨ ਸ੍ਰੀ ਹਰਿਮੰਦਰ ਸਾਹਿਬ ਅਤੇ ਸਭ ਤੋਂ ਉੱਚੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਤੋਪਾਂ ਅਤੇ ਟੈਂਕਾਂ ਨਾਲ ਹਮਲਾ ਕਰਕੇ ਸਿੱਖਾਂ ਨੂੰ ਕਦੇ ਨਾ ਭਰਨ ਵਾਲੇ ਜ਼ਖ਼ਮ ਦਿੱਤੇ ਗਏ ਸਨ।

ਉਸ ਦਿਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਉੱਤੇ ਸ੍ਰੀ ਦਰਬਾਰ ਸਾਹਿਬ ਵਿਖੇ ਇਕੱਠੇ ਹੋਏ ਸੈਂਕੜੇ ਨਿਰਦੋਸ਼ ਸ਼ਰਧਾਲੂਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਵਫ਼ਦ ਨੇ ਕਿਹਾ ਕਿ 35 ਸਾਲਾਂ ਸਿੱਖਾਂ ਨੂੰ ਇਨਸਾਫ ਨਹੀਂ ਮਿਲਿਆ ਅਤੇ ਹੁਣ ਐਨਡੀਏ ਸਰਕਾਰ ਦੇ ਦੁਬਾਰਾ ਸੱਤਾ ਵਿਚ ਪਰਤਣ ਮਗਰੋਂ ਸਿੱਖਾਂ ਅੰਦਰ ਉਮੀਦ ਜਾਗੀ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਉੱਤੇ ਮੰਦਭਾਗੇ ਹਮਲੇ ਨਾਲ ਸੰਬੰਧਿਤ ਕੁੱਝ ਅਹਿਮ ਮੁੱਦਿਆਂ ਦਾ ਹੁਣ ਜਲਦੀ ਹੱਲ ਨਿਕਲ ਆਵੇਗਾ।

-PTC News