ਮੁੱਖ ਖਬਰਾਂ

ਸ਼੍ਰੋਮਣੀ ਅਕਾਲੀ ਦਲ ਦੀ ਬੇਨਤੀ 'ਤੇ PM ਮੋਦੀ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮ 'ਚ ਭਾਗ ਲੈਣ ਦੀ ਭਰੀ ਹਾਮੀ

By Jashan A -- July 01, 2019 6:07 pm -- Updated:Feb 15, 2021

ਸ਼੍ਰੋਮਣੀ ਅਕਾਲੀ ਦਲ ਦੀ ਬੇਨਤੀ 'ਤੇ PM ਮੋਦੀ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮ 'ਚ ਭਾਗ ਲੈਣ ਦੀ ਭਰੀ ਹਾਮੀ,ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਬੇਨਤੀ ਨੂੰ ਸਵੀਕਾਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾ ਰਹੇ ਸਮਾਗਮ ਵਿਚ ਭਾਗ ਲੈਣ ਦੀ ਹਾਮੀ ਭਰ ਦਿੱਤੀ ਹੈ।

ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਦਾ ਇੱਕ ਵਫ਼ਦ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਡੀਐਸਜੀਐਮਸੀ ਅਤੇ ਸ੍ਰੀ ਪਟਨਾ ਸਾਹਿਬ ਬੋਰਡ ਦੇ ਨੁੰਮਾਇਦੇ ਵੀ ਸ਼ਾਮਿਲ ਸਨ।

ਅੱਜ ਨਵੀਂ ਦਿੱਲੀ ਵਿਚ ਪ੍ਰਧਾਨ ਮੰਤਰੀ ਨੂੰ ਮਿਲਿਆ ਅਤੇ ਉਹਨਾਂ ਨੂੰ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਕੀਤੇ ਜਾਣ ਵਾਲੇ ਸਮਾਗਮ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਅਕਾਲੀ ਵਫ਼ਦ ਨੇ ਪ੍ਰਧਾਨ ਮੰਤਰੀ ਨੂੰ ਪਹਿਲੀ ਪਾਤਸ਼ਾਹੀ ਦੇ 550ਵੇਂ ਪਰਕਾਸ਼ ਪੁਰਬ ਮੌਕੇ ਕੀਤੇ ਜਾ ਰਹੇ ਵੱਖ ਵੱਖ ਪ੍ਰੋਗਰਾਮਾਂ ਤੋਂ ਵੀ ਜਾਣੂ ਕਰਵਾਇਆ।

ਸੁਖਬੀਰ ਸਿੰਘ ਬਾਦਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਇਸ ਸਮਾਗਮ ਵਿਚ ਭਾਗ ਲੈਣ ਲਈ ਸਹਿਮਤ ਹੋ ਗਏ ਹਨ ਅਤੇ ਉਹਨਾਂ ਨੇ ਮਹਾਨ ਗੁਰੂ ਸਾਹਿਬ ਦੀ ਜਨਮ ਭੂਮੀ ਸ੍ਰੀ ਨਨਕਾਣਾ ਸਾਹਿਬ ਤੋਂ 25 ਜੁਲਾਈ ਨੂੰ ਨਗਰ ਕੀਰਤਨ ਆਰੰਭ ਕਰਵਾਉਣ ਲਈ ਵਿਦੇਸ਼ ਮੰਤਰਾਲੇ ਨੂੰ ਨਿਰਦੇਸ਼ ਦੇ ਦਿੱਤੇ ਹਨ।

ਹੋਰ ਪੜ੍ਹੋ:ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਆਮਦ 'ਚ ਕੈਨੇਡਾ ਦੀ ਧਰਤੀ ਤੋਂ ਮੋਟਰਸਾਈਕਲਾਂ 'ਤੇ ਪੰਜਾਬ ਆਵੇਗਾ 6 ਸਿੱਖਾਂ ਦਾ ਜੱਥਾ

ਇਸ ਦੌਰਾਨ ਅਕਾਲੀ ਵਫ਼ਦ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਦੱਸਿਆ ਕਿ ਦੁਨੀਆਂ ਭਰ ਵਿਚ ਬੈਠੀ ਸਿੱਖ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਵਾਲੀਆਂ ਸਾਰੀਆਂ ਥਾਂਵਾਂ ਉੱਤੇ ਢੁੱਕਵੇਂ ਯਾਦਗਾਰੀ ਸਮਾਗਮ ਕਰਵਾ ਕੇ 550ਵੇਂ ਪਰਕਾਸ਼ ਪੁਰਬ ਦੇ ਜਸ਼ਨਾਂ ਨੂੰ ਮਨਾਉਣਾ ਚਾਹੁੰਦੀ ਹੈ। ਪ੍ਰਧਾਨ ਮੰਤਰੀ ਨੇ ਵਿਦੇਸ਼ਾਂ ਵਿਚ ਭਾਰਤੀ ਦੂਤਾਵਾਸਾਂ ਜ਼ਰੀਏ ਇਸ ਸਾਰੇ ਸਮਾਗਮ ਕਰਵਾਉਣ ਦਾ ਭਰੋਸਾ ਦਿਵਾਇਆ ਹੈ ਅਤੇ ਇਸ ਸੰਬੰਧੀ ਪ੍ਰਬੰਧਕਾਂ ਨੂੰ ਲੋੜੀਂਦੀ ਮੱਦਦ ਦੇਣ ਦਾ ਵੀ ਭਰੋਸਾ ਦਿਵਾਇਆ ਹੈ।

ਸ਼੍ਰੋਮਣੀ ਕਮੇਟੀ ਵੱਲੋ ਉਹਨਾਂ ਸਾਰੀਆਂ ਥਾਂਵਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ, ਜਿੱਥੇ ਇਹ ਸਾਰੇ ਸਮਾਗਮ ਕਰਵਾਏ ਜਾਣਗੇ ਅਤੇ ਇਹ ਸੂਚੀ ਜਲਦੀ ਹੀ ਸਿੱਖ ਸੰਗਤ ਵਾਸਤੇ ਜਾਰੀ ਕਰ ਦਿੱਤੀ ਜਾਵੇਗੀ।ਇਸ ਵਫ਼ਦ ਵਿਚ ਸਾਂਸਦ ਬਲਵਿੰਦਰ ਸਿੰਘ ਭੂੰਦੜ, ਡੀਐਸਜੀਐਮਸੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਸ੍ਰੀ ਪਟਨਾ ਸਾਹਿਬ ਦੇ ਨੁੰਮਾਇਦੇ ਅਵਤਾਰ ਸਿੰਘ ਹਿੱਤ ਵੀ ਸ਼ਾਮਿਲ ਸਨ।

-PTC News