
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਚੀਫ ਖਾਲਸਾ ਦੀਵਾਨ ਸਿੱਖ ਕੌਮ ਦੀ ਪੁਰਾਤਨ ਸੰਸਥਾ ਹੈ, ਜਿਸ ਨੇ ਸਿੱਖਿਆ ਦੇ ਖੇਤਰ ਵਿਚ ਚੰਗਾ ਕਾਰਜ ਕੀਤਾ ਹੈ।
ਇਸ ਸੰਸਥਾ ਦੇ ਆਗੂ ਵਜੋਂ ਕਾਰਜਸ਼ੀਲ ਹੋਣਾ ਵੱਡਾ ਮਹੱਤਵ ਰੱਖਦਾ ਹੈ ਅਤੇ ਆਸ ਹੈ ਕਿ ਡਾ. ਨਿੱਜਰ ਸਿੱਖ ਸੰਸਥਾ ਦੀਆਂ ਪ੍ਰੰਪਰਾਵਾਂ ਅਤੇ ਰਵਾਇਤਾਂ ਦੀ ਰੌਸ਼ਨੀ ਵਿਚ ਸੇਵਾ ਨਿਭਾਉਣਗੇ। ਐਡਵੋਕੇਟ ਧਾਮੀ ਨੇ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਸ਼ੁਭ ਕਾਮਨਾਵਾਂ ਭੇਟ ਕੀਤੀਆਂ।
ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ 11 ਮਈ ਨੂੰ ਹੋਣ ਵਾਲੀ ਪੰਥਕ ਇਕੱਤਰਤਾ ਵਿੱਚ ਸਮੂਹ ਜਥੇਬੰਦੀਆਂ ਤੇ ਦਲਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਇਹ ਪੰਥਕ ਇਕੱਠ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦਿਆ ਗਿਆ ਹੈ।
-PTC News