Sat, Apr 20, 2024
Whatsapp

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਵਾਪਰੀ ਮੰਦਭਾਗੀ ਘਟਨਾ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਸ਼ਚਾਤਾਪ ਸਮਾਗਮ

Written by  Riya Bawa -- December 21st 2021 03:20 PM
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਵਾਪਰੀ ਮੰਦਭਾਗੀ ਘਟਨਾ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਸ਼ਚਾਤਾਪ ਸਮਾਗਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਵਾਪਰੀ ਮੰਦਭਾਗੀ ਘਟਨਾ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਸ਼ਚਾਤਾਪ ਸਮਾਗਮ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਮੰਦਭਾਗੀ ਘਟਨਾ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਪਸ਼ਚਾਤਾਪ ਸਮਾਗਮ ਕੀਤਾ ਗਿਆ। ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਗੁਰਚਰਨ ਸਿੰਘ ਨੇ ਪਸ਼ਚਾਤਾਪ ਦੀ ਅਰਦਾਸ ਕੀਤੀ। ਇਸ ਮੌਕੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਹੋਈਆਂ। ਪਸ਼ਚਾਤਾਪ ਸਮਾਗਮ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਾ ਸਾਹਿਬਾਨ ਅੰਦਰ ਹਰ ਸਮੇਂ ਸੇਵਾਦਾਰਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ, ਕਿਉਂਕਿ ਪੰਥ ਵਿਰੋਧੀ ਤਾਕਤਾਂ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦਾ ਯਤਨ ਕਰ ਰਹੀਆਂ ਹਨ। ਉਨ੍ਹਾਂ ਆਖਿਆ ਕਿ ਬੇਅਦਬੀ ਮਾਮਲਿਆਂ ਵਿਚ ਪੰਜਾਬ ਦੀ ਸਰਕਾਰ ਨਾਕਾਮ ਸਾਬਤ ਹੋਈ ਹੈ ਅਤੇ ਇਸੇ ਦਾ ਨਤੀਜਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਸਮੇਂ ਦੌਰਾਨ ਫੜਾਏ ਗਏ ਦੋਸ਼ੀਆਂ ਨੂੰ ਕੋਈ ਵੀ ਸਜ਼ਾ ਨਹੀਂ ਮਿਲ ਸਕੀ। ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਘਟਨਾ ਬੇਹੱਦ ਦੁੱਖੀ ਕਰਨ ਵਾਲੀ ਹੈ। ਉਨ੍ਹਾਂ ਆਖਿਆ ਕਿ ਇਸ ਤੋਂ ਚਾਰ ਦਿਨ ਪਹਿਲਾਂ ਇਥੇ ਹੀ ਪਵਿੱਤਰ ਗੁਟਕਾ ਸਾਹਿਬ ਨੂੰ ਪਾੜ ਕੇ ਸਰੋਵਰ ਵਿਚ ਸੁੱਟਿਆ ਗਿਆ, ਪਰ ਸ਼੍ਰੋਮਣੀ ਕਮੇਟੀ ਦੋਸ਼ੀ ਨੂੰ ਪੁਲਿਸ ਹਵਾਲੇ ਕਰਨ ਮਗਰੋਂ ਵੀ ਉਸ ਪਾਸੋਂ ਕੋਈ ਸੱਚ ਸਾਹਮਣੇ ਨਹੀਂ ਲਿਆਂਦਾ ਗਿਆ। ਇਹ ਸਰਕਾਰ ਦੀ ਵੱਡੀ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਘਟਨਾ ਸਬੰਧੀ ਸਰਕਾਰ ਵੱਲੋਂ ਬਣਾਈ ਗਈ ਸਿੱਟ ਵੀ ਬਹੁਤ ਹੇਠਲੇ ਦਰਜੇ ਦੀ ਹੈ ਅਤੇ ਇਸ ਤੋਂ ਕਿਸੇ ਵੀ ਸਿੱਟੇ ਦੀ ਆਸ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਦੇ ਸਬੰਧ ਵਿਚ ਮੌਜੂਦਾ ਜਾਂ ਸਾਬਕਾ ਜੱਜ ਦੀ ਅਗਵਾਈ ਵਿਚ ਜਾਂਚ ਕਮਿਸ਼ਨ ਗਠਤ ਕੀਤਾ ਜਾਵੇ। -PTC News


Top News view more...

Latest News view more...