ਮੁੱਖ ਖਬਰਾਂ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

By Jasmeet Singh -- August 22, 2022 2:15 pm

ਚੰਡੀਗੜ੍ਹ, 22 ਅਗਸਤ: ਲੰਮੇ ਸਮੇਂ ਤੋਂ ਭਾਰਤ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਦੀ ਅਗਵਾਈ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੂੰ ਮਿਲਣ ਪਹੁੰਚਿਆ।


ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਚ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲੰਮੇ ਸਮੇਂ ਤੋਂ ਕੇਂਦਰ ਸਰਕਾਰ ਨਾਲ ਇਸ ਮੁੱਦੇ 'ਤੇ ਸੰਪਰਕ ਕਰਦੀ ਆ ਰਹੀ ਹੈ। ਜਥੇਦਾਰ ਪੰਜੋਲੀ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਾਰੀਆਂ ਜਥੇਬੰਦੀਆਂ ਦੀ ਸਾਂਝੀ ਕਨਵੋਕੇਸ਼ਨ ਕਰਕੇ ਸਰਬਸੰਮਤੀ ਨਾਲ ਫੈਸਲਾ ਕਰਕੇ ਇਕ ਕਮੇਟੀ ਗਠਿਤ ਕੀਤੀ ਗਈ ਸੀ ਜੋ ਬੰਦੀ ਸਿੰਘਾਂ ਦੀ ਰਿਹਾਈ ਲਈ ਵੱਡੇ ਪੱਧਰ ਤੇ ਯਤਨ ਆਰੰਭੇਗੀ। ਯਤਨਾਂ ਦੇ ਪਹਿਲੇ ਪੜਾਅ ਦੀ ਕੜੀ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਸਮਾਂ ਮੰਗਿਆ ਸੀ ਪ੍ਰੰਤੂ ਅਜੇ ਤੱਕ ਇਸ ਸਬੰਧੀ ਕਿਸੀ ਵੀ ਦਫ਼ਤਰ ਤੋਂ ਕੋਈ ਜਵਾਬ ਨਹੀਂ ਆਇਆ।

ਇਸ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਦਿੱਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ 'ਤੇ ਪਾਰਲੀਮੈਂਟ ਅੱਗੇ ਧਰਨਾ ਵੀ ਦਿੱਤਾ ਗਿਆ ਸੀ। ਅੱਜ ਤੀਸਰੇ ਪੜਾਅ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਅਨੁਸਾਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਤਿੰਨ ਮੈਂਬਰੀ ਵਫ਼ਦ ਵੱਲੋਂ ਮਿਲ ਕੇ ਮੈਮੋਰੰਡਮ ਸੌਂਪਿਆ ਗਿਆ।

ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਭਾਈ ਲਖਵਿੰਦਰ ਸਿੰਘ ਵੱਲੋਂ ਪਿਛਲੇ ਮਹੀਨੇ ਦੀ 26 ਤਾਰੀਖ਼ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਭੁੱਖ ਹੜਤਾਲ ਵਿੱਢੀ ਗਈ ਹੈ। ਜਿਸ ਸਬੰਧੀ ਉਨ੍ਹਾਂ ਵੱਲੋਂ ਪੰਜਾਬ ਰਾਜਪਾਲ, ਆਈਜੀ ਜੇਲ੍ਹਾਂ ਤੇ ਸੁਪਰਡੈਂਟ ਜੇਲ੍ਹਾਂ ਨੂੰ ਵੀ ਚਿੱਠੀਆਂ ਲਿਖ ਕਿ ਭਾਈ ਲਖਵਿੰਦਰ ਸਿੰਘ ਨੂੰ ਮਿਲਣ ਦਾ ਸਮਾਂ ਮੰਗਿਆ ਗਿਆ ਸੀ ਤਾਂ ਜੋ ਉਨ੍ਹਾਂ ਨਾਲ ਮੁਲਾਕਾਤ ਕਰਕੇ ਲਖਵਿੰਦਰ ਸਿੰਘ ਦੀ ਭੁੱਖ ਹੜਤਾਲ ਖ਼ਤਮ ਕਰਵਾਉਣ ਦਾ ਯਤਨ ਕੀਤਾ ਜਾ ਸਕੇ ਪਰ ਅਜੇ ਤਕ ਉਕਤ ਦਫਤਰਾਂ ਤੋਂ ਵੀ ਕੋਈ ਜਵਾਬ ਨਹੀਂ ਮਿਲਿਆ।

ਸ਼੍ਰੋਮਣੀ ਕਮੇਟੀ ਵੱਲੋਂ ਅਗਲੇ ਪੜਾਅ ਵਿਚ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਕੀਤੇ ਜਾਣਗੇ। ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ 90 ਦੇ ਦਹਾਕੇ ਤੋਂ ਸਿੱਖ ਕੈਦੀ ਵੱਖਰੀਆਂ ਵੱਖਰੀਆਂ ਜੇਲ੍ਹਾਂ ਵਿੱਚ ਬੰਦ ਹਨ ਜੋ 25 ਸਾਲਾਂ ਤੋਂ ਜ਼ਿਆਦਾ ਦਾ ਸਮਾਂ ਬਣਦਾ ਹੈ ਅਤੇ ਜੇਲ੍ਹ ਵਿੱਚ ਰਹਿੰਦਿਆਂ ਇਹਨਾਂ ਸਾਰੇ ਸਿੱਖ ਕੈਦੀਆਂ ਦਾ ਵਿਵਹਾਰ ਬਹੁਤ ਵਧੀਆ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਭਾਰਤ ਦੇ ਆਜ਼ਾਦੀ ਦਿਵਸ ਮੌਕੇ 15 ਅਗਸਤ 2022 ਨੂੰ ਗੁਜਰਾਤ ਸਰਕਾਰ ਨੇ ਬੀਬੀ ਬਿਲਕਿਸ ਬਾਨੋ ਨਾਲ ਸਮੂਹਿਕ ਬਲਾਤਕਾਰ ਅਤੇ ਉਸਦੇ ਪਰਿਵਾਰ ਦੇ 14 ਜੀਆਂ ਦੀ ਕਤਲ ਦੀ ਸਜ਼ਾ ਭੁਗਤ ਰਹੇ 11 ਦੋਸ਼ੀਆਂ ਨੂੰ 15 ਸਾਲਾਂ ਦੀ ਕੈਦ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਹੈ। ਐਸਜੀਪੀਸੀ ਨੇ ਆਪਣੇ ਪੱਤਰ 'ਚ ਕਿਹਾ ਕਿ ਬਹੁਗਿਣਤੀ ਨਾਲ ਸਬੰਧਤ ਇਹਨਾਂ 11 ਦੋਸ਼ੀਆਂ ਨੂੰ ਸਜ਼ਾ ਮੁਕੰਮਲ ਹੋਣ ਤੋਂ ਪਹਿਲਾਂ ਹੀ ਰਿਹਾਅ ਕਰ ਦੇਣਾ ਇਹ ਸਪੱਸ਼ਟ ਕਰਦਾ ਹੈ ਕਿ ਭਾਰਤ ਅੰਦਰ ਵੱਖ-ਵੱਖ ਕੌਮਾਂ ਲਈ ਕਾਨੂੰਨ ਵੀ ਵੱਖੋ-ਵੱਖਰੇ ਹਨ।


-PTC News

  • Share