ਮੁੱਖ ਖਬਰਾਂ

ਸਰਕਾਰੀ ਹਸਪਤਾਲ ਬਠਿੰਡਾ ਦੇ ਨਸ਼ਾ ਛੁਡਾਊ ਕੇਂਦਰ 'ਚੋਂ ਛੇ ਨੌਜਵਾਨ ਫ਼ਰਾਰ

By Ravinder Singh -- September 21, 2022 8:16 pm

ਬਠਿੰਡਾ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਾ ਛੁਡਵਾਉਣ ਲਈ ਜਿੱਥੇ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਗਏ ਹਨ ਉਥੇ ਹੀ ਇਨ੍ਹਾਂ ਨਸ਼ਾ ਛੁਡਾਊ ਕੇਂਦਰਾਂ ਦੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਹੁਣ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚ ਸਥਿਤ ਨਸ਼ਾ ਛੁਡਾਊ ਕੇਂਦਰ ਵਿੱਚੋਂ ਬੀਤੀ ਰਾਤ ਕਰੀਬ ਛੇ ਨੌਜਵਾਨ ਦਰਵਾਜ਼ਾ ਤੋੜ ਕੇ ਫ਼ਰਾਰ ਹੋ ਗਏ ਹਨ। ਇਸ ਘਟਨਾ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਡਾਕਟਰ ਸਵੇਰੇ ਆ ਕੇ ਇਨ੍ਹਾਂ ਦੀ ਹਾਜ਼ਰੀ ਚੈੱਕ ਕੀਤੀ।

ਸਰਕਾਰੀ ਹਸਪਤਾਲ ਬਠਿੰਡਾ ਦੇ ਨਸ਼ਾ ਛੁਡਾਊ ਕੇਂਦਰ 'ਚੋਂ ਛੇ ਨੌਜਵਾਨ ਫ਼ਰਾਰ

ਨਸ਼ਾ ਛੁਡਾਊ ਕੇਂਦਰ ਦੇ ਹੈੱਡ ਡਾ. ਅਰੁਣ ਬਾਂਸਲ ਨੇ ਦੱਸਿਆ ਕਿ ਉਨ੍ਹਾਂ ਕੋਲ ਨਸ਼ਾ ਛੱਡਣ ਲਈ ਆਏ ਨੌਜਵਾਨਾਂ ਵਿਚੋਂ ਕਰੀਬ 6 ਨੌਜਵਾਨ ਬੀਤੀ ਰਾਤ ਬਾਥਰੂਮ ਦਾ ਦਰਵਾਜ਼ਾ ਤੋੜ ਕੇ ਪਾਈਪਾਂ ਰਾਹੀਂ ਫ਼ਰਾਰ ਹੋ ਗਏ ਹਨ। ਇਸ ਸਬੰਧੀ ਉਨ੍ਹਾਂ ਵੱਲੋਂ ਬਕਾਇਦਾ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ ਹੈ ਤੇ ਫ਼ਰਾਰ ਹੋਏ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਜਦੋਂ ਰਾਬਤਾ ਕੀਤਾ ਗਿਆ ਤਾਂ ਉਹ ਸੁਰੱਖਿਅਤ ਘਰ ਪਹੁੰਚ ਗਏ ਹਨ।

ਇਹ ਵੀ ਪੜ੍ਹੋ : ਐਸਜੀਪੀਸੀ ਦੇ ਯਤਨਾਂ ਨੂੰ ਪਿਆ ਬੂਰ ; ਸਿੱਖੀ ਛੱਡ ਕੇ ਗਏ 56 ਪਰਿਵਾਰਾਂ ਦੀ ਹੋਈ ਘਰ ਵਾਪਸੀ

ਉਧਰ ਦੂਸਰੇ ਪਾਸੇ ਸਿਵਲ ਹਸਪਤਾਲ ਦੀ ਚੌਂਕੀ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਫਿਲਹਾਲ ਉਨ੍ਹਾਂ ਨੂੰ ਇਸ ਸਬੰਧੀ ਲਿਖਤੀ ਤੌਰ ਉੱਪਰ ਕੋਈ ਪੱਤਰ ਪ੍ਰਾਪਤ ਨਹੀਂ ਹੋਇਆ ਜਦੋਂਵੀ ਪ੍ਰਸ਼ਾਸਨ ਵੱਲੋਂ ਕਿਸੇ ਤਰ੍ਹਾਂ ਦਾ ਪੱਤਰ ਪ੍ਰਾਪਤ ਹੋਵੇਗਾ ਉਸ ਸਬੰਧੀ ਕਾਰਵਾਈ ਕੀਤੀ ਜਾਵੇਗੀ। ਨਸ਼ਾ ਛੁਡਾਊ ਕੇਂਦਰਾਂ ਵਿੱਚ ਵਾਪਰੀ ਇਸ ਘਟਨਾ ਨੇ ਜਿੱਥੇ ਸਿਵਲ ਹਸਪਤਾਲ ਦੇ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੋਲ੍ਹੀ ਹੈ ਉਥੇ ਹੀ ਨਸ਼ਾ ਛੁਡਾਊ ਕੇਂਦਰ ਵਿਚ ਦਾਖ਼ਲ ਨੌਜਵਾਨਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਇਸ ਤਰ੍ਹਾਂ ਪ੍ਰਸ਼ਾਸਨ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੁੱਲ੍ਹ ਗਈ ਹੈ।

-PTC News

  • Share