
ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਕਰਵਾਏ ਗਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਇਸ ਸਬੰਧ ਵਿਚ 4 ਜੁਲਾਈ ਨੂੰ ਭੋਗ ਮਗਰੋਂ ਸਮਾਗਮ ਆਯੋਜਤ ਕੀਤਾ ਜਾ ਰਿਹਾ ਹੈ।
ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 4 ਜੁਲਾਈ 1955 ਨੂੰ ਸਰਕਾਰ ਦੇ ਹੁਕਮਾਂ ’ਤੇ ਪੁਲਿਸ ਵੱਲੋਂ ਸਿੱਖਾਂ ਦੇ ਕੇਂਦਰੀ ਅਸਥਾਨ ਉੱਤੇ ਹਮਲਾ ਕੀਤਾ ਗਿਆ ਸੀ, ਜਿਸ ਦੀ ਯਾਦ ਵਿਚ 4 ਜੁਲਾਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ ਹੋਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਕਥਾਵਾਚਕ ਭਾਈ ਹਰਮਿੱਤਰ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਹਰਭਜਨ ਸਿੰਘ ਵਕਤਾ, ਮੈਨੇਜਰ ਸੁਖਰਾਜ ਸਿੰਘ, ਨਰਿੰਦਰ ਸਿੰਘ, ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।
-PTC News