ਸੁਖਬੀਰ ਬਾਦਲ ਨੇ ਟਕਸਾਲੀ ਅਕਾਲੀਆਂ ਨੂੰ ਸਰਗਰਮ ਕਰਨ ਲਈ ਬਣਾਈ ਕਮੇਟੀ

Sukhbir Badal Taksali Akalis activate Created committee

ਸੁਖਬੀਰ ਬਾਦਲ ਨੇ ਟਕਸਾਲੀ ਅਕਾਲੀਆਂ ਨੂੰ ਸਰਗਰਮ ਕਰਨ ਲਈ ਬਣਾਈ ਕਮੇਟੀ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ਮੀਨੀ ਪੱਧਰ ਉੱਤੇ ਟਕਸਾਲੀ ਅਕਾਲੀ ਆਗੂਆਂ, ਵਰਕਰਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਸਰਗਰਮ ਕਰਨ ਲਈ ਇੱਕ ਸੱਤ-ਮੈਂਬਰੀ ਕਮੇਟੀ ਬਣਾਈ ਹੈ।ਇਸ ਕਮੇਟੀ ਦੀ ਅਗਵਾਈ ਪਾਰਟੀ ਦੇ ਸਕੱਤਰ ਜਨਰਲ ਸਰਦਾਰ ਸੁਖਦੇਵ ਸਿੰਘ ਢੀਂਡਸਾ ਕਰਨਗੇ।ਕਮੇਟੀ ਦੇ ਬਾਕੀ ਮੈਂਬਰਾਂ ਵਿਚ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੂੰਦੜ, ਸੇਵਾ ਸਿੰਘ ਸੇਖਵਾਂ, ਚਰਨਜੀਤ ਸਿੰਘ ਅਟਵਾਲ, ਤੋਤਾ ਸਿੰਘ ਅਤੇ ਬੀਬੀ ਜੰਗੀਰ ਕੌਰ ਸ਼ਾਮਿਲ ਹਨ।

ਇਸ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਹਰਚਰਨ ਬੈਂਸ ਨੇ ਦੱਸਿਆ ਕਿ ਇਹ ਉਪਰਾਲਾ ਪਾਰਟੀ ਦੀ ਰੂਹ ਅਤੇ ਰੀੜ ਦੀ ਹੱਡੀ ਮੰਨੇ ਜਾਂਦੇ ਪੁਰਾਣੇ ਅਕਾਲੀ ਯੋਧਿਆਂ ਅਤੇ ਟਕਸਾਲੀ ਅਕਾਲੀ ਵਰਕਰਾਂ ਵਿਚਕਾਰ ਆਪਸੀ ਸਹਿਯੋਗ ਵਧਾਉਣ ਲਈ ਕੀਤਾ ਜਾ ਰਿਹਾ ਹੈ।ਪਾਰਟੀ ਰਾਜ ਭਰ ਵਿਚ ਜ਼ਮੀਨੀ ਪੱਧਰ ਉੱਤੇ ਜਾ ਕੇ ਟਕਸਾਲੀ ਆਗੂਆਂ ਅਤੇ ਵਰਕਰਾਂ ਨਾਲ ਰਾਬਤਾ ਬਣਾਏਗੀ।ਸਥਾਨਕ ਵਰਕਰਾਂ ਅਤੇ ਆਗੂਆਂ ਤੋਂ ਫੀਡਬੈਕ ਲੈਣ ਤੋਂ ਇਲਾਵਾ, ਕਮੇਟੀ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣੇਗੀ ਅਤੇ ਜਿੱਥੇ ਵੀ ਸਮੱਸਿਆਵਾਂ ਨਜ਼ਰ ਆਉਂਦੀਆਂ ਹਨ, ਉਹਨਾਂ ਨੂੰ ਹੱਲ ਕਰੇਗੀ।

ਬੈਂਸ ਨੇ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚਾਹੁੰਦੇ ਹਨ ਕਿ ਪਾਰਟੀ ਨੂੰ ਆਪਣੇ ਪੁਰਾਣੇ ਅਕਾਲੀ ਯੋਧਿਆਂ ਦੇ ਤਜਰਬੇ ਅਤੇ ਸਿਆਣਪ ਦਾ ਫਾਇਦਾ ਲੈਣਾ ਚਾਹੀਦਾ ਹੈ।ਸ.ਬਾਦਲ ਦਾ ਵਿਸਵਾਸ਼ ਹੈ ਕਿ ਟਕਸਾਲੀ ਅਕਾਲੀਆਂ ਨਾਲ ਲਗਾਤਾਰ ਸੰਪਰਕ ਬਣਾਏ ਰੱਖਣ ਤੋਂ ਇਲਾਵਾ ਇਹਨਾਂ ਆਗੂਆਂ ਅਤੇ ਵਰਕਰਾਂ ਦੀਆਂ ਸੇਵਾਵਾਂ ਨੂੰ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ।ਇਸ ਤਰ੍ਹਾਂ ਕਮੇਟੀ ਵੱਲੋਂ ਟਕਸਾਲੀ ਅਕਾਲੀ ਵਰਕਰਾਂ ਦੀ ਇੱਕ ਸੂਚੀ ਤਿਆਰ ਕੀਤੀ ਜਾਵੇਗੀ, ਜਿਹਨਾਂ ਨੂੰ ਸਰਦਾਰ ਪਰਕਾਸ਼ ਸਿੰਘ ਬਾਦਲ, ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦੁਆਰਾ ਸਨਮਾਨਿਤ ਕੀਤਾ ਜਾਵੇਗਾ।

ਇਹ ਕਮੇਟੀ ਟਕਸਾਲੀ ਅਕਾਲੀ ਯੋਧਿਆਂ ਅਤੇ ਉਹਨਾਂ ਦੇ ਪਰਿਵਾਰਾਂ ਵੱਲੋ ਪਾਰਟੀ ਵਿਚ ਪਾਏ ਯੋਗਦਾਨ ਸੰਬੰਧੀ ਅੰਕੜੇ ਇਕੱਤਰ ਕਰਕੇ ਇੱਕ ਦਸਤਾਵੇਜ਼ ਤਿਆਰ ਕਰੇਗੀ।ਪਾਰਟੀ ਵੱਲੋਂ ਅਤੀਤ ਵਿਚ ਚਲਾਏ ਧਰਮ ਯੁੱਧ ਮੋਰਚੇ ਵਰਗੇ ਅੰਦੋਲਨਾਂ ਦੌਰਾਨ ਇਹਨਾਂ ਟਕਸਾਲੀ ਯੋਧਿਆਂ ਵੱਲੋਂ ਖਾਲਸਾ ਪੰਥ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੀਤੀਆਂ ਕੁਰਬਾਨੀਆਂ ਉੱਤੇ ਵਿਸ਼ੇਸ਼ ਰੂਪ ਵਿਚ ਚਾਨਣਾ ਪਾਇਆ ਜਾਵੇਗਾ।
-PTCNews