ਪੰਜਾਬ

ਸੁਖਬੀਰ ਸਿੰਘ ਬਾਦਲ ਨੇ PM ਮੋਦੀ ਨੂੰ ਚਿੱਠੀ ਲਿਖ ਕੇ BSF ਦਾ ਅਧਿਕਾਰ ਖੇਤਰ ਵਧਾਉਣ ਦੇ ਫੈਸਲੇ ਨੂੰ ਰੱਦ ਕਰਵਾਉਣ ਦੀ ਕੀਤੀ ਅਪੀਲ

By Riya Bawa -- October 19, 2021 8:10 pm -- Updated:Feb 15, 2021

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੁੰ ਆਖਿਆ ਕਿ ਉਹ ਤੁਰੰਤ ਦਖਲ ਦੇ ਕੇ ਪੰਜਾਬ ਦੇ ਵੱਡੇ ਹਿੱਸੇ 'ਤੇ ਬਾਰਡਰ ਸਕਿਓਰਿਟੀ ਫੋਰਸ (ਬੀਐਸਐਫ) ਦੇ ਅਧਿਕਾਰ ਖੇਤਰ ਵਿਚ ਵਾਧਾ ਕਰਨ ਦੇ ਫੈਸਲੇ ਦੇ ਨਾਲ ਨਾਲ ਤਿੰਨ ਖੇਤੀ ਕਾਨੂੰਨੀ ਰੱਦ ਕਰਵਾਉਣ। ਇਥੇ ਸ਼ਹਿਰ ਦੇ ਦੌਰੇ ਦੌਰਾਨ ਵੱਡੇ ਰੋਡ ਸ਼ੌਅ ਵਿਚ ਭਾਗ ਲੈਣ ਤੋਂ ਇਲਾਵਾ ਸਮਾਜ ਦੇ ਵੱਖ ਵੱਖ ਵਰਗਾਂ ਦੇ ਲੋਕਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹਨੇ ਇਸ ਮਾਮਲੇ 'ਤੇ ਪ੍ਰਧਾਨ ਮੰਤਰੀ ਨੁੰ ਪੱਤਰ ਲਿਖਿਆ ਹੈ ਅਤੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਪਾਕਿਸਤਾਨ ਨਾਲ ਲੱਗਦੀ ਸਰਹੱਦ ਤੋਂ 50 ਕਿਲੋਮੀਟਰ ਤੱਕ ਬੀ ਐਸ ਐਫ ਦੇ ਅਧਿਕਾਰ ਖੇਤਰ ਵਿਚ ਵਾਧਾ ਕਰਨ ਦੇ ਫੈਸਲੇ ਦੀ ਤੁਰੰਤ ਸਮੀਖਿਆ ਕਰਨ ਦੀ ਜ਼ਰੂਰਤ ਹੈ।

ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਉਹਨਾਂ ਨੇ ਪ੍ਰਧਾਨ ਮੰਤਰੀ ਨੁੰ ਚੇਤੇ ਕਰਵਾਇਆ ਹੈ ਕਿ ਉਹ ਹਮੇਸ਼ਾ ਸੰਘਵਾਦ ਦੇ ਸਿਧਾਂਤਾਂ ਦੇ ਮੁਦੱਈ ਰਹੇ ਹਨ ਅਤੇ ਉਹਨਾਂ ਹਮੇਸ਼ਾ ਰਾਜਾਂ ਨੁੰ ਵਧੇਰੇ ਵਿੱਤੀ ਤੇ ਸਿਆਸੀ ਖੁਦਮੁਖ਼ਤਿਆਰੀ ਦੇਣ ਦੀ ਹਮਾਇਤ ਕੀਤੀ ਹੈ। ਉਹਨਾਂ ਕਿਹਾ ਕਿ ਗੁਜਰਾਤ ਦਾ ਮੁੱਖ ਮੰਤਰੀ ਹੁੰਦਿਆਂ ਮੋਦੀ ਨੇ ਆਪ ਉਸ ਵੇਲੇ ਦੀ ਯੂ ਪੀ ਏ ਸਰਕਾਰ ਵੱਲੋਂ ਕੀਤੀ ਅਜਿਹੀ ਹੀ ਹਦਾਇਤ ਦਾ ਪੁਰਜ਼ੋਰ ਵਿਰੋਧ ਕੀਤਾ ਸੀ। ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਉਹਨਾਂ ਨੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਬੀ ਐਸ ਐਫ ਦੀ ਤਾਇਨਾਤੀ ਤੇ ਇਸਨੁੰ ਖੁੱਲ੍ਹੀਆਂ ਤਾਕਤਾਂ ਦੇਣਾ ਸੂਬੇ ਵਿਚ ਪਿਛਲੇ ਦਰਵਾਜ਼ੇ ਰਾਹੀਂ ਰਾਸ਼ਟਰਪਤੀ ਰਾਜ ਲਾਗੂ ਕਰਨ ਦੇ ਬਰਾਬਰ ਹੈ।

ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਤਾਂ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੂਬੇ ਦੇ ਹੱਕ ਕੇਂਦਰ ਅੱਗੇ ਸਰੰਡਰ ਕਰਨ ਦੀ ਨਿਖੇਧੀ ਕੀਤੀ ਤੇ ਚੰਨੀ ਨੂੰ ਆਖਿਆ ਕਿ ਉਹ ਸਪਸ਼ਟ ਕਰਨ ਕਿ ਉਨ੍ਹਾਂ ਨੇ 5 ਅਕਤੂਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਆਪਣੀ ਮੀਟਿੰਗ ਦੌਰਾਨ ਇਸ ਤਜਵੀਜ਼ ਲਈ ਸਹਿਮਤੀ ਕਿਉਂ ਦਿੱਤੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਵੱਲੋਂ ਸਿਰਫ ਤਸਵੀਰਾਂ ਖਿੱਚਵਾਉਣ 'ਤੇ ਹੀ ਲੱਕ ਬੰਨਣ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਹੁਣ ਵੀ ਉਹਨਾਂ ਵੱਲੋਂ ਵੱਖ ਵੱਖ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣ ਕੇ ਲੋਕਾਂ ਨੂੰ ਮੂਰਖ ਬਣਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਨੀਂਹ ਪੱਥਰ ਵੀ ਇਸੇ ਤਰੀਕੇ ਧਰੇ ਧਰਾਏ ਰਹਿ ਜਾਣਗੇ ਕਿਉਂਕਿ ਅਗਲੇ ਦੋ ਮਹੀਨਿਆਂ ਵਿਚ ਹੀ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਉਨ੍ਹਾਂ ਨੇ ਚੰਨੀ ਨੂੰ ਇਹ ਵੀ ਕਿਹਾ ਕਿ ਉਹ ਆਪਣਾ ਕੰਮ ਦਰੁੱਸਤ ਕਰ ਕੇ ਕਿਸਾਨਾਂ ਨੂੰ ਸਮੇਂ ਸਿਰ ਡੀ ਪੀ ਏ ਖਾਦ ਮਿਲਣੀ ਯਕੀਨੀ ਬਣਾਉਣ।

ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੋ ਮਹੀਨੇ ਪਹਿਲਾਂ ਹੀ ਖਾਦਾਂ ਦੀ ਖਰੀਦ ਯਕੀਨੀ ਬਣਾਉਂਦੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਸਿਰਫ ਸਿਖ਼ਰਲੀ ਕੁਰਸੀ ਦੀ ਲੜਾਈ ਵਿਚ ਲੱਗੇ ਰਹਿਣ ਦਾ ਪਤਾ ਹੈ ਤੇ ਇਸਨੇ ਕਿਸਾਨਾਂ ਨੂੰ ਕਾਰਪੋਰੇਟਾਂ ਦੇ ਰਹਿਮੋ ਕਰਮ 'ਤੇ ਛੱਡ ਦਿੱਤਾ ਹੈ। ਉਨ੍ਹਾਂ ਨੇ ਚੰਨੀ ਨੂੰ ਇਹ ਵੀ ਕਿਹਾ ਕਿ ਉਹ ਪੰਜਾਬ ਇਨਵੈਸਟ ਵਿਭਾਗ ਦਾ ਭੋਗ ਪਾ ਕੇ ਕੇ ਨਿਵੇਸ਼ ਨਕਲੀ ਨਿਵੇਸ਼ ਸੰਮੇਲਨ ਸੱਦਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਪਿਛਲੇ ਤਕਰੀਬਨ ਪੰਜ ਸਾਲਾਂ ਦੌਰਾਨ ਪੰਜਾਬ ਵਿਚ ਕੋਈ ਨਿਵੇਸ਼ ਨਹੀਂ ਕੀਤਾ ਗਿਆ ਤੇ ਨਾ ਹੀ ਅਗਲੇ ਦੋ ਮਹੀਨਿਆਂ ਵਿਚ ਅਜਿਹਾ ਹੋਣਾ ਹੈ।

ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਇਸਦੀ ਥਾਂ 'ਤੇ ਉਹ ਸੂਬੇ ਵਿਚ ਡੇਂਗੁ ਦੇ ਪਸਾਰ ਨੁੰ ਰੋਕਣ ਲਈ ਕਦਮ ਚੁੱਕਣ। ਇਕ ਹੋਰ ਸਵਾਲ ਦੇ ਜਵਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਜਵਾਬ ਦੇਵੇ ਕਿ ਜੰਮੂ ਕਸ਼ਮੀਰ ਵਿਚ ਅਮਨ ਕਾਨੁੰਨ ਵਿਵਸਥਾ ਇੰਨੀ ਵਿਗੜਣ ਦੀ ਆਗਿਆ ਕਿਉਂ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਜੰਮੂ ਕਸ਼ਮੀਰ ਨੁੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਇਆ ਗਿਆ ਤੇ ਇਥੇ ਅਮਨ ਕਾਨੂੰਨ ਵਿਵਸਥਾ ਬਰਕਰਾਰ ਰੱਖਣੀ ਹੁਣ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਤੇ ਨਾਲ ਹੀ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਦੀ ਸੁਰੱਖਿਆ ਵੀ ਉਸਦੇ ਸਿਰ ਹੈ।

-PTC News