ਮੁੱਖ ਖਬਰਾਂ

ਸੁਖਬੀਰ ਸਿੰਘ ਬਾਦਲ ਵੱਲੋਂ ਕਪੂਰਥਲਾ 'ਚ ਨਵੇਂ ਮੈਡੀਕਲ ਕਾਲਜ ਦੀ ਮਨਜ਼ੂਰੀ ਦੇਣ ਲਈ PM ਮੋਦੀ ਦਾ ਧੰਨਵਾਦ

By Jashan A -- November 29, 2019 9:31 am -- Updated:November 29, 2019 9:33 am

ਸੁਖਬੀਰ ਸਿੰਘ ਬਾਦਲ ਵੱਲੋਂ ਕਪੂਰਥਲਾ 'ਚ ਨਵੇਂ ਮੈਡੀਕਲ ਕਾਲਜ ਦੀ ਮਨਜ਼ੂਰੀ ਦੇਣ ਲਈ PM ਮੋਦੀ ਦਾ ਧੰਨਵਾਦ,ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਕੇਂਦਰੀ ਸਕੀਮ ਤਹਿਤ 325 ਕਰੋੜ ਰੁਪਏ ਦੀ ਲਾਗਤ ਨਾਲ ਕਪੂਰਥਲਾ ਵਿਖੇ ਇੱਕ ਨਵਾਂ ਮੈਡੀਕਲ ਕਾਲਜ ਸਥਾਪਤ ਕਰਨ ਦੀ ਮਨਜ਼ੂਰੀ ਦੇਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਉਹਨਾਂ ਕਿਹਾ ਕਿ ਇਸ ਇੰਸਟੀਚਿਊ ਦੀ ਸਥਾਪਨਾ ਨਾਲ ਜ਼ਿਲ੍ਹਾ ਕਪੂਰਥਲਾ ਅਤੇ ਇਸ ਦੇ ਆਸਪਾਸ ਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਅਤੇ ਮੈਡੀਕਲ ਸਿੱਖਿਆ ਹਾਸਿਲ ਕਰਨ ਦੇ ਮੌਕੇ ਉਪਲੱਬਧ ਹੋਣਗੇ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿਚ ਅਕਾਲੀ ਦਲ ਪ੍ਰਧਾਨ ਨੇ ਕੇਂਦਰ ਸਰਕਾਰ ਦੇ ਕਪੂਰਥਲਾ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਸ ਹਲਕੇ ਦੇ ਲੋਕਾਂ ਦੀ ਇੱਕ ਚਿਰੋਕਣੀ ਮੰਗ ਪੂਰੀ ਕੀਤੀ ਹੈ, ਜਿਹਨਾਂ ਨੂੰ ਜ਼ਿਲ੍ਹੇ ਵਿਚ ਮੁੱਢਲੀਆਂ ਮੈਡੀਕਲ ਸਹੂਲਤਾਂ ਦੀ ਘਾਟ ਕਰਕੇ ਕਾਫੀ ਕਸ਼ਟ ਭੋਗਣਾ ਪੈ ਰਿਹਾ ਸੀ।

ਹੋਰ ਪੜ੍ਹੋ: ਪੰਜਾਬ ਦੇ ਪਾਣੀਆਂ ਨੂੰ ਬਾਹਰ ਨਹੀਂ ਜਾਣ ਦੇਵਾਂਗੇ: ਕੈਪਟਨ ਅਮਰਿੰਦਰ ਸਿੰਘ

ਉਹਨਾਂ ਕਿਹਾ ਕਿ ਇੱਕ ਨਵੇਂ ਮੈਡੀਕਲ ਕਾਲਜ ਦੀ ਸਥਾਪਨਾ ਇਸ ਇਲਾਕੇ ਦੇ ਲੋਕਾਂ ਅਤੇ ਵਿਦਿਆਰਥੀਆਂ ਲਈ ਇੱਕ ਵਰਦਾਨ ਸਾਬਿਤ ਹੋਵੇਗੀ। ਉਹਨਾਂ ਕਿਹਾ ਕਿ ਐਨਡੀਏ ਸਰਕਾਰ ਦੇਸ਼ ਦੇ ਹਰ ਕੋਨੇ ਵਿਚ ਮੁੱਢਲੀਆਂ ਮੈਡੀਕਲ ਸਹੂਲਤਾਂ ਪਹੁੰਚਾਉਣ ਦਾ ਵਾਅਦਾ ਪੂਰਾ ਕਰ ਰਹੀ ਹੈ।

ਇਸ ਪ੍ਰਾਜੈਕਟ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ 325 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਕਪੂਰਥਲਾ ਵਿਖੇ ਮੈਡੀਕਲ ਕਾਲਜ ਦੀ ਉਸਾਰੀ ਵਾਸਤੇ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਦਾ ਭੁਗਤਾਨ ਕੇਂਦਰ ਅਤੇ ਰਾਜ ਸਰਕਾਰ ਦੋਵਾਂ ਵੱਲੋਂ 60:40 ਫੀਸਦੀ ਦੇ ਅਨੁਪਾਤ ਨਾਲ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਇਸ ਰਕਮ ਦਾ ਵੱਡਾ ਹਿੱਸਾ 195 ਕਰੋੜ ਰੁਪਏ ਕੇਂਦਰ ਸਰਕਾਰ ਵੱਲੋਂ ਦਿੱਤਾ ਜਾਵੇਗਾ ਅਤੇ ਬਾਕੀ ਬਚਦੇ 130 ਕਰੋੜ ਰੁਪਏ ਦਾ ਭੁਗਤਾਨ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਉਮੀਦ ਹੈ ਕਿ ਇਸ ਵਾਰ ਕਾਂਗਰਸ ਸਰਕਾਰ ਇਸ ਕੇਂਦਰੀ ਪ੍ਰਾਜੈਕਟ ਦੇ ਰਾਹ ਵਿਚ ਕੋਈ ਅੜਿੱਕਾ ਨਹੀਂ ਪਾਵੇਗੀ, ਜਿਸ ਤਰ੍ਹਾਂ ਕਿ ਇਸ ਨੇ ਲੋੜੀਂਦੀਆਂ ਮਨਜ਼ੂਰੀਆਂ ਨਾ ਦੇ ਕੇ ਏਮਜ਼ ਬਠਿੰਡਾ ਪ੍ਰਾਜੈਕਟ ਦੇ ਰਾਹ ਵਿਚ ਰੁਕਾਵਟਾਂ ਪਾਈਆਂ ਸਨ।

-PTC News

  • Share