ਮੁੱਖ ਖਬਰਾਂ

ਕੋਟਕਪੂਰਾ ਫਾਇਰਿੰਗ ਮਾਮਲੇ 'ਚ ਅਕਾਲੀ ਦਲ ਦੇ ਪ੍ਰਧਾਨ ਨੂੰ ਨਹੀਂ ਦਿੱਤਾ ਗਿਆ ਸੰਮਨ - ਅਰਸ਼ਦੀਪ ਕਲੇਰ

By Jasmeet Singh -- August 30, 2022 7:20 pm -- Updated:August 30, 2022 7:35 pm

ਚੰਡੀਗੜ੍ਹ, 30 ਅਗਸਤ: ਸ਼੍ਰੋਮਣੀ ਅਕਾਲੀ ਦਲ ਨੇ ਮੰਗਲਵਾਰ ਨੂੰ ਸਪੱਸ਼ਟ ਕੀਤਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 2015 ਦੇ ਕੋਟਕਪੂਰਾ ਗੋਲੀ ਕਾਂਡ ਦੇ ਸਬੰਧ ਵਿਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਕੋਈ ਵੀ ਸੰਮਨ ਜਾਰੀ ਨਹੀਂ ਕੀਤਾ ਗਿਆ ਹੈ। ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਆਪਣੇ ਬਿਆਨ ਵਿਚ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ "ਨਿੱਜੀ ਤੌਰ 'ਤੇ" ਕੋਈ ਸੰਮਨ ਨਹੀਂ ਭੇਜਿਆ ਗਿਆ।

ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਵਿਸ਼ੇਸ਼ ਜਾਂਚ ਟੀਮ ਕੋਲੋਂ ਇਸ ਮੁੱਦੇ 'ਤੇ ਸਪੱਸ਼ਟੀਕਰਨ ਮੰਗਿਆ ਹੈ।

2015 ਵਿੱਚ ਜਦੋਂ ਇਹ ਘਟਨਾ ਵਾਪਰੀ ਸੀ ਉਸ ਸਮੇਂ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਸਨ ਅਤੇ ਉਨ੍ਹਾਂ ਕੋਲ ਗ੍ਰਹਿ ਮਾਮਲਿਆਂ ਦਾ ਵਿਭਾਗ ਵੀ ਸੀ। ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਨੂੰ ਕਿਸੇ ਹੋਰ ਮਾਮਲੇ ਵਿੱਚ ਫਿਰੋਜ਼ਪੁਰ ਦੀ ਜ਼ੀਰਾ ਅਦਾਲਤ ਵਿੱਚ ਪੇਸ਼ ਹੋਣਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਅਕਾਲੀ ਦਲ ਦੇ ਪ੍ਰਧਾਨ ਨੂੰ ਕੋਟਕਪੂਰਾ ਗੋਲੀ ਕਾਂਡ ਵਿੱਚ ਸੰਮਨ ਜਾਰੀ ਕਰਨ ਦੀਆਂ ਖ਼ਬਰਾਂ ਚਲਾਈਆਂ ਜਾ ਰਹੀਆਂ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਵੀ ਕਥਿਤ ਤੌਰ 'ਤੇ ਐਸਆਈਟੀ ਨੂੰ ਇਹ ਸਪੱਸ਼ਟ ਕਰਨ ਲਈ ਲਿਖਿਆ ਹੈ ਕਿ ਕੀ ਵਿਭਾਗ ਵੱਲੋਂ ਸੰਮਨ ਜਾਰੀ ਕੀਤੇ ਗਏ ਸਨ। ਐਸਆਈਟੀ ਨੇ ਕਥਿਤ ਤੌਰ 'ਤੇ ਕੋਟਕਪੂਰਾ ਗੋਲੀ ਕਾਂਡ ਵਿੱਚ ਪੁੱਛਗਿੱਛ ਲਈ ਅਕਾਲੀ ਦਲ ਦੇ ਪ੍ਰਧਾਨ ਨੂੰ 30 ਅਗਸਤ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ।

ਕਾਬਿਲੇਗੌਰ ਹੈ ਕਿ ਅਕਤੂਬਰ 2015 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਬਹਿਬਲ ਕਲਾਂ 'ਚ ਦੋ ਵਿਅਕਤੀ ਮਾਰੇ ਗਏ ਸਨ ਜਦਕਿ ਫ਼ਰੀਦਕੋਟ ਦੇ ਕੋਟਕਪੂਰਾ 'ਚ ਕੁਝ ਲੋਕ ਜ਼ਖ਼ਮੀ ਹੋਏ ਸਨ।

ਇਹ ਵੀ ਪੜ੍ਹੋ: ਸੱਤਾ ਦੇ ਨਸ਼ੇ 'ਚ ਡੁੱਬੇ ਹੋ ਕੇਜਰੀਵਾਲ, ਤੁਹਾਡੀ ਕਹਿਣੀ ਤੇ ਕਰਨੀ 'ਚ ਫਰਕ ਹੈ - ਅੰਨਾ ਹਜ਼ਾਰੇ

ਅਨੁਵਾਦ ਨੂੰ ਛੱਡ ਕੇ, ਇਸ ਕਹਾਣੀ ਨੂੰ ਪੀਟੀਸੀ ਸਟਾਫ਼ ਦੁਆਰਾ ਸੰਪਾਦਿਤ ਨਹੀਂ ਕੀਤਾ ਗਿਆ ਹੈ ਅਤੇ ਇੱਕ ਸਿੰਡੀਕੇਟਿਡ ਫੀਡ ਤੋਂ ਪ੍ਰਕਾਸ਼ਿਤ ਹੈ


-PTC News

  • Share