Fri, Apr 26, 2024
Whatsapp

ਟੇਂਡੀਵਾਲਾ ਬੰਨ੍ਹ ਦੀ ਮਜ਼ਬੂਤੀ ਲਈ ਫੌਜ ਨਾਲ ਸਾਂਝੀ ਕਾਰਜ ਯੋਜਨਾ ਉਲੀਕੀ ਜਾਵੇ : ਕੈਪਟਨ ਅਮਰਿੰਦਰ ਸਿੰਘ

Written by  Jashan A -- August 25th 2019 05:33 PM
ਟੇਂਡੀਵਾਲਾ ਬੰਨ੍ਹ ਦੀ ਮਜ਼ਬੂਤੀ ਲਈ ਫੌਜ ਨਾਲ ਸਾਂਝੀ ਕਾਰਜ ਯੋਜਨਾ ਉਲੀਕੀ ਜਾਵੇ : ਕੈਪਟਨ ਅਮਰਿੰਦਰ ਸਿੰਘ

ਟੇਂਡੀਵਾਲਾ ਬੰਨ੍ਹ ਦੀ ਮਜ਼ਬੂਤੀ ਲਈ ਫੌਜ ਨਾਲ ਸਾਂਝੀ ਕਾਰਜ ਯੋਜਨਾ ਉਲੀਕੀ ਜਾਵੇ : ਕੈਪਟਨ ਅਮਰਿੰਦਰ ਸਿੰਘ

ਟੇਂਡੀਵਾਲਾ ਬੰਨ੍ਹ ਦੀ ਮਜ਼ਬੂਤੀ ਲਈ ਫੌਜ ਨਾਲ ਸਾਂਝੀ ਕਾਰਜ ਯੋਜਨਾ ਉਲੀਕੀ ਜਾਵੇ : ਕੈਪਟਨ ਅਮਰਿੰਦਰ ਸਿੰਘ ਡਿਪਟੀ ਕਮਿਸ਼ਨਰਾਂ ਨੂੰ ਰਾਹਤ ਅਤੇ ਬਚਾਅ ਕਾਰਜ ਤੇਜ਼ ਕਰਨ ਲਈ ਆਖਿਆ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਮੁੱਖ ਮੰਤਰੀ ਦੀ ਮੰਗ ਸਵੀਕਾਰ - ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ ਹੈ।ਇਹ ਹਦਾਇਤਾਂ ਮੁੱਖ ਮੰਤਰੀ ਨੇ ਜਾਰੀ ਕੀਤੀਆਂ ਭਾਵੇਂ ਕਿ ਉਨ੍ਹਾਂ ਵੱਲੋਂ ਬੀਤੇ ਦਿਨ ਕੇਂਦਰ ਸਰਕਾਰ ਨੂੰ ਕੀਤੀ ਅਪੀਲ 'ਤੇ ਹੁੰਗਾਰਾ ਭਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਵਾਲੀ ਕੇਂਦਰੀ ਟੀਮ ਨੂੰ ਪੰਜਾਬ ਵਿੱਚ ਵੀ ਭੇਜਣ ਦਾ ਫੈਸਲਾ ਕੀਤਾ। ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਨੇ ਸੂਬਾ ਸਰਕਾਰ ਨੂੰ ਜਾਣਕਾਰੀ ਦਿੱਤੀ ਕਿ ਹੜ੍ਹਗ੍ਰਸਤ 11 ਸੂਬਿਆਂ ਤੋਂ ਇਲਾਵਾ ਕੇਂਦਰੀ ਟੀਮ ਪੰਜਾਬ ਆ ਕੇ ਵੀ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਲਾਂਕਣ ਕਰੇਗੀ।ਫ਼ਿਰੋਜ਼ਪੁਰ, ਜਲੰਧਰ, ਕਪੂਰਥਲਾ ਅਤੇ ਰੋਪੜ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਟੇਂਡੀਵਾਲ ਦੇ ਬੰਨ੍ਹ ਦੀ ਮਜ਼ਬੂਤੀ ਦਾ ਕੰਮ ਜੰਗੀ ਪੱਧਰ 'ਤੇ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ ਤਾਂ ਕਿ ਨੇੜਲੇ ਪਿੰਡਾਂ ਵਿੱਚ ਹੜ੍ਹਾਂ ਨੂੰ ਟਾਲਿਆ ਜਾ ਸਕੇ। ਮੁੱਖ ਮੰਤਰੀ ਨੇ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਹੜ੍ਹਾਂ ਨਾਲ ਪੈਦਾ ਹੋਣ ਵਾਲੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਣ ਵਾਸਤੇ ਐਨ.ਡੀ.ਆਰ.ਐਫ. ਦੀਆਂ ਟੀਮਾਂ ਨੂੰ ਵੀ ਤਿਆਰ ਰੱਖਣ ਦੇ ਹੁਕਮ ਦਿੱਤੇ।ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਉਨ੍ਹਾਂ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਸੂਬੇ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਸ਼ਾਮਲ ਹੋਏ। ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਮੁਤਾਬਕ ਮਖੂ ਤੇ ਹੁਸੈਨੀਵਾਲਾ ਇਲਾਕੇ ਦੇ ਹੜ੍ਹ ਪ੍ਰਭਾਵਿਤ 15 ਪਿੰਡਾਂ ਵਿੱਚੋਂ ਲਗਭਗ 500 ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ ਜਦਕਿ 630 ਵਿਅਕਤੀਆਂ ਨੂੰ ਲੋੜੀਂਦੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਗਈ। ਇਸ ਤੋਂ ਇਲਾਵਾ ਲੋਕਾਂ ਨੂੰ ਭੋਜਨ ਦੇ 950 ਪੈਕੇਟ ਮੁਹੱਈਆ ਕਰਵਾਉਣ ਤੋਂ ਇਲਾਵਾ ਪਸ਼ੂਆਂ ਲਈ ਫੀਡ ਅਤੇ ਚਾਰੇ ਦੀ ਸਪਲਾਈ ਲਈ ਵੀ ਢੁਕਵੇਂ ਬੰਦੋਬਸਤ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਪਿੰਡ ਟੇਂਡੀਵਾਲਾ ਵਿਖੇ ਬੰਨ੍ਹ ਦੀ ਮਜ਼ਬੂਤੀ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਪਾੜ ਨੂੰ ਪੂਰਨ ਲਈ ਫੌਜ ਵੀ ਸਹਾਇਤਾ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਟੇਂਡੀਵਾਲ ਵਿਖੇ ਚੱਲ ਰਹੇ ਕੰਮ 'ਤੇ ਨੇੜਿਓਂ ਨਿਗ੍ਹਾ ਰੱਖਣ ਦੇ ਹੁਕਮ ਦਿੱਤੇ ਤਾਂ ਕਿ ਇਸ ਨੂੰ ਛੇਤੀ ਤੋਂ ਛੇਤੀ ਮੁਕੰਮਲ ਕੀਤਾ ਜਾ ਸਕੇ। ਜਲੰਧਰ ਵਿੱਚ ਰਾਹਤ ਤੇ ਮੁੜ ਵਸੇਬਾ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਕਿ ਮੋਬਾਈਲ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 1690 ਜੀਆਂ ਵਾਲੇ 389 ਪਰਿਵਾਰਾਂ ਦੀ ਦੇਖਭਾਲ ਕੀਤੀ ਗਈ ਹੈ। ਇਸੇ ਤਰ੍ਹਾਂ ਇਨ੍ਹਾਂ ਟੀਮਾਂ ਵੱਲੋਂ ਹੋਰ 665 ਮਰੀਜ਼ਾਂ ਨੂੰ ਓ.ਪੀ.ਡੀ. ਵਿਖੇ ਇਲਾਜ ਮੁਹੱਈਆ ਕਰਵਾਇਆ ਗਿਆ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹੁਣ ਤੱਕ 4600 ਵਿਅਕਤੀ ਮੈਡੀਕਲ ਕੈਂਪਾਂ ਵਿੱਚ ਜਾ ਚੁੱਕੇ ਹਨ। ਲਗਭਗ 31 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਰਾਹਤ ਕੈਂਪਾਂ ਵਿੱਚ ਲਿਜਾਇਆ ਗਿਆ।ਜਲੰਧਰ ਜ਼ਿਲ੍ਹੇ ਵਿੱਚ ਸਥਾਨਕ ਵਾਸੀਆਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਯਤਨਾਂ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਮਾਓ ਸਾਹਿਬ ਅਤੇ ਮਿਓਵਾਲ ਵਿਖੇ ਸਤਲੁਜ ਦਰਿਆ ਵਿੱਚ ਦੋ ਵੱਡੇ ਪਾੜ ਪੂਰ ਦਿੱਤੇ ਹਨ ਜਦਕਿ ਫਿਲੌਰ ਦੇ ਪਿੰਡ ਭੋਵਾਹਾਰੀ ਸੇਲਕਿਆਨਾ ਅਤੇ ਸ਼ਾਹਕੋਟ ਵਿੱਚ ਪਿੰਡ ਜਾਨੀਆਂ ਚਾਹਲ ਵਿਖੇ ਪਏ ਹੋਰ ਪਾੜ ਪੂਰੇ ਜਾਣ ਦਾ ਕੰਮ ਮੁਕੰਮਲ ਹੋਣ ਦੇ ਨੇੜੇ ਹੈ। ਕਪੂਰਥਲਾ ਜ਼ਿਲ੍ਹੇ ਦੇ ਸਬੰਧ ਵਿੱਚ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਇਸ ਜ਼ਿਲ੍ਹੇ ਵਿੱਚ ਮਨੁੱਖੀ ਜਾਂ ਪਸ਼ੂ ਧਨ ਦਾ ਕੋਈ ਨੁਕਸਾਨ ਹੋਣ ਦੀ ਰਿਪੋਰਟ ਨਹੀਂ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਪੱਧਰ 'ਤੇ 20 ਹੜ੍ਹ ਰਾਹਤ ਟੀਮਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਨੂੰ 24 ਘੰਟਿਆਂ ਲਈ ਬੁਰੀ ਤਰ੍ਹਾਂ ਪ੍ਰਭਾਵਿਤ ਇਲਾਕਿਆਂ ਵਿੱਚ ਤਾਇਨਾਤ ਕੀਤਾ ਗਿਆ। ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ 1415 ਵਿਅਕਤੀਆਂ ਨੂੰ ਲੋੜੀਂਦਾ ਇਲਾਜ ਮੁਹੱਈਆ ਕਰਵਾਇਆ ਗਿਆ ਜਦਕਿ 640 ਪਸ਼ੂਆਂ ਦੀ ਦੇਖਭਾਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸੁੱਕੇ ਰਾਸ਼ਨ ਦੇ ਪੈਕੇਟਾਂ ਤੇ ਹੋਰ ਰਾਹਤ ਸਮੱਗਰੀ ਵੰਡਣ ਦਾ ਕੰਮ ਜ਼ੋਰਾਂ 'ਤੇ ਜਾਰੀ ਹੈ।ਡਿਪਟੀ ਕਮਿਸ਼ਨਰ ਰੋਪੜ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਹੜ੍ਹ ਪ੍ਰਭਾਵਿਤ ਖੇਤਾਂ ਵਿੱਚ ਪਾਣੀ ਦਾ ਪੱਧਰ ਕੁੱਲ ਮਿਲਾ ਕੇ ਘਟਿਆ ਹੈ। ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚੋਂ ਲਗਭਗ 500 ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ ਅਤੇ ਇਨ੍ਹਾਂ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਅਤੇ ਬਿਜਲੀ ਦੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ। ਪ੍ਰਸ਼ਾਸਨ ਵੱਲੋਂ ਸਥਾਪਤ ਕੀਤੇ 13 ਸਥਾਈ ਅਤੇ 22 ਮੋਬਾਈਲ ਕੈਂਪਾਂ ਵਿੱਚ ਤਕਰੀਬਨ 3300 ਵਿਅਕਤੀਆਂ ਨੂੰ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਹੰਗਾਮੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਤਿੰਨ ਐਂਬੂਲੈਂਸਾਂ ਨੂੰ ਇਸ ਕੰਮ ਵਿੱਚ ਲਾਇਆ ਗਿਆ ਹੈ। ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੀਆਂ 20 ਟੀਮਾਂ ਨੂੰ ਜ਼ਿਲ੍ਹੇ ਵਿੱਚ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਫੀਡ ਅਤੇ ਚਾਰੇ ਦੀ ਢੁੱਕਵੀਂ ਸਪਲਾਈ ਯਕੀਨੀ ਬਣਾਉਣ ਤੋਂ ਇਲਾਵਾ ਪਸ਼ੂਆਂ ਦੀ ਦੇਖਭਾਲ ਵੀ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਰੋਪੜ ਅਤੇ ਨਵਾਂ ਸ਼ਹਿਰ ਦੇ ਡਿਪਟੀ ਕਮਿਸ਼ਨਰਾਂ ਨੂੰ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸਲਾਂ ਅਤੇ ਬੁਨਿਆਦੀ ਢਾਂਚੇ ਨੂੰ ਪਹੁੰਚੇ ਨੁਕਸਾਨ ਦਾ ਅਨੁਮਾਨ ਲਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਵਾਸਤੇ ਵਿਸਥਾਰਤ ਪ੍ਰੋਗਰਾਮ ਉਲੀਕਣ ਦੇ ਵੀ ਹੁਕਮ ਦਿੱਤੇ।ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਇਹ ਵੀ ਹਦਾਇਤ ਕੀਤੀ ਕਿ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਨੂੰ ਉਨ੍ਹਾਂ ਦੇ ਦਰਾਂ ਤੱਕ ਹਰ ਸੰਭਵ ਸਹਾਇਤਾ ਮੁਹੱਈਆ ਕਰਵਾ ਕੇ ਮੁਸ਼ਕਲ ਦੀ ਇਸ ਘੜੀ ਵਿੱਚ ਉਨ੍ਹਾਂ ਨੂੰ ਢਾਰਸ ਦਿੱਤੀ ਜਾਵੇ। ਦੱਸਣਯੋਗ ਹੈ ਕਿ ਮੁੱਖ ਮੰਤਰੀ ਸੂਬੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਪਹਿਲਾਂ ਹੀ ਚੁੱਕੇ ਹਨ। ਮੁਢਲੇ ਅਨੁਮਾਨਾਂ ਮੁਤਾਬਕ ਸੂਬੇ ਨੂੰ ਹੜ੍ਹਾਂ ਨਾਲ 1700 ਕਰੋੜ ਰੁਪਏ ਦਾ ਨੁਕਸਾਨ ਪਹੁੰਚਿਆ ਹੈ। ਜ਼ਿਕਰਯੋਗ ਹੈ ਕਿ ਸਥਿਤੀ ਦੀ ਗੰਭੀਰਤਾ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਹੜ੍ਹਗ੍ਰਸਤ ਜ਼ਿਲ੍ਹਿਆਂ ਰੋਪੜ, ਜਲੰਧਰ ਅਤੇ ਕਪੂਰਥਲਾ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਚਾਰ ਕੈਬਨਿਟ ਮੰਤਰੀਆਂ ਚਰਨਜੀਤ ਸਿੰਘ ਚੰਨੀ, ਸੁੰਦਰ ਸ਼ਾਮ ਅਰੋੜਾ, ਗੁਰਪ੍ਰੀਤ ਸਿੰਘ ਕਾਂਗੜ ਅਤੇ ਭਾਰਤ ਭੂਸ਼ਨ ਆਸ਼ੂ ਨੂੰ ਪਹਿਲਾਂ ਹੀ ਤਾਇਨਾਤ ਕੀਤਾ ਹੋਇਆ ਹੈ। ਮੁੱਖ ਮੰਤਰੀ ਨੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਪਾਵਰਕਾਮ ਦੇ ਚੇਅਰਮੈਨ ਬੀ.ਐਸ. ਸਰਾ ਨੂੰ ਵੀ ਹੜ੍ਹਾਂ ਦੀ ਲਪੇਟ ਵਿੱਚ ਆਏ ਪਿੰਡਾਂ ਵਿੱਚ ਬਿਜਲੀ ਦੀ ਸਪਲਾਈ ਬਹਾਲ ਕਰਨ ਦੇ ਕੰਮਾਂ ਦੀ ਨਿਗਰਾਨੀ ਕਰਨ ਲਈ ਆਖਿਆ। ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ ਸਬੰਧਤ ਮੰਤਰੀ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਕਰ ਰਹੇ ਹਨ। -PTC News


Top News view more...

Latest News view more...