ਜਹਾਂਗੀਰਪੁਰੀ 'ਚ ਮੁੜ ਤਣਾਅ, ਦਿੱਲੀ ਪੁਲਿਸ ਨੇ 23 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਨਵੀਂ ਦਿੱਲੀ: ਦਿੱਲੀ ਦੇ ਜਹਾਂਗੀਰਪੁਰੀ ਵਿੱਚ ਹੋਈ ਹਿੰਸਾ ਵਿੱਚ ਹੁਣ ਤੱਕ ਦਿੱਲੀ ਪੁਲਿਸ ਨੇ 23 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਦੇ ਜਹਾਂਗੀਰਪੁਰੀ ਇਲਾਕੇ 'ਚ ਅਜੇ ਹਾਲਾਤ ਸੁਧਰੇ ਨਹੀਂ ਹਨ। ਅੱਜ ਮਾਮਲੇ ਦੀ ਜਾਂਚ ਲਈ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮ 'ਤੇ ਪੱਥਰ ਸੁੱਟੇ ਗਏ। ਮੁੱਖ ਗੇਟ ਬੰਦ ਕਰ ਦਿੱਤਾ ਗਿਆ ਹੈ ਤੇ ਪੁਲਿਸ ਸਥਿਤੀ ਨੂੰ ਸੰਭਾਲਣ ਦੀ ਕੋਸ਼ਿਸ਼ ਕਰ ਰਹੀ ਹੈ। ਜਾਣਕਾਰੀ ਅਨੁਸਾਰ ਵੀਡੀਓ ਵਿੱਚ ਨਜ਼ਰ ਆ ਰਹੇ ਸ਼ੱਕੀ ਸੋਨੂੰ ਚਿਕਨਾ ਨੂੰ ਗ੍ਰਿਫ਼ਤਾਰ ਕਰਨ ਲਈ ਟੀਮ ਉੱਥੇ ਪਹੁੰਚੀ ਤਾਂ ਲੋਕਾਂ ਨੇ ਪਥਰਾਅ ਸ਼ੁਰੂ ਕਰ ਦਿੱਤਾ। ਜਿਵੇਂ ਹੀ ਟੀਮ ਸੋਨੂੰ ਨੂੰ ਫੜਨ ਲਈ ਗਲੀ 'ਚ ਪਹੁੰਚੀ ਤਾਂ ਤੀਜੀ ਮੰਜ਼ਲ ਤੋਂ ਪੱਥਰਬਾਜ਼ੀ ਸ਼ੁਰੂ ਹੋ ਗਈ। ਦਿੱਲੀ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ 23 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 8 ਲੋਕ ਅਜਿਹੇ ਹਨ ਜੋ ਪਿਛਲੇ ਸਮੇਂ ਵਿੱਚ ਕਿਸੇ ਨਾ ਕਿਸੇ ਕੇਸ ਵਿੱਚ ਮੁਲਜ਼ਮ ਹਨ। ਇੰਨਾ ਹੀ ਨਹੀਂ ਅਸਥਾਨਾ ਨੇ ਕਿਹਾ ਕਿ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਹੋਵੇਗੀ, ਇਸ ਹਿੰਸਾ 'ਚ ਸਿੱਧੇ ਜਾਂ ਅਸਿੱਧੇ ਤੌਰ 'ਤੇ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਦੀ ਰਿਹਾਇਸ਼ ਅੱਗੇ ਧਰਨਾ ਦੇਣ ਵਾਲੇ 'ਆਪ' ਆਗੂ ਮੁਅੱਤਲ ਇਹ ਪੁੱਛੇ ਜਾਣ 'ਤੇ ਕਿ ਕੀ ਜਹਾਂਗੀਰਪੁਰੀ 'ਚ ਹਿੰਸਾ ਮਸਜਿਦ 'ਤੇ ਭਗਵਾ ਝੰਡਾ ਲਹਿਰਾਉਣ ਤੋਂ ਬਾਅਦ ਹੋਈ, ਰਾਕੇਸ਼ ਅਸਥਾਨਾ ਨੇ ਕਿਹਾ, ''ਇਸ 'ਚ ਕੋਈ ਸੱਚਾਈ ਨਹੀਂ ਹੈ। ਮਾਮੂਲੀ ਗੱਲ ਨੂੰ ਲੈ ਕੇ ਝਗੜਾ ਸ਼ੁਰੂ ਹੋ ਗਿਆ। ਬਾਅਦ ਵਿੱਚ ਇਹ ਹਿੰਸਾ ਵਿੱਚ ਬਦਲ ਗਿਆ। ਰਾਕੇਸ਼ ਅਸਥਾਨਾ ਨੇ ਦੱਸਿਆ ਕਿ ਹਿੰਸਾ 'ਚ 9 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ 'ਚੋਂ 8 ਪੁਲਸ ਕਰਮਚਾਰੀ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਪੁਲਿਸ ਨੇ ਦੋਵਾਂ ਧਿਰਾਂ ਨੂੰ ਵੱਖ ਕਰ ਦਿੱਤਾ। ਇਸ ਕਾਰਨ ਆਮ ਨਾਗਰਿਕਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਇੰਨਾ ਹੀ ਨਹੀਂ ਜਦੋਂ ਅਸਥਾਨਾ ਤੋਂ ਪੁੱਛਿਆ ਗਿਆ ਕਿ ਕੀ ਜਹਾਂਗੀਰਪੁਰੀ ਹਿੰਸਾ ਮਾਮਲੇ 'ਚ ਇਕਤਰਫਾ ਕਾਰਵਾਈ ਕੀਤੀ ਜਾ ਰਹੀ ਹੈ, ਤਾਂ ਉਸਨੇ ਜਵਾਬ ਦਿੱਤਾ, "ਨਹੀਂ... ਹਿੰਸਾ ਵਿੱਚ ਸ਼ਾਮਲ ਦੋਵੇਂ ਧਿਰਾਂ ਦੇ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।" ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਦੀ ਰਿਹਾਇਸ਼ ਅੱਗੇ ਧਰਨਾ ਦੇਣ ਵਾਲੇ 'ਆਪ' ਆਗੂ ਮੁਅੱਤਲ -PTC News