ਹੋਰ ਖਬਰਾਂ

ਟੈੱਟ ਬੇਰੁਜ਼ਗਾਰ ਅਧਿਆਪਕਾਂ ਵੱਲੋਂ 24 ਨਵੰਬਰ ਨੂੰ ਸਾਂਝੇ ਸੰਘਰਸ਼ ਦਾ ਐਲਾਨ , ਪੰਜਾਬ ਭਰ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਹਮਾਇਤ

By Shanker Badra -- November 21, 2019 4:25 pm

ਟੈੱਟ ਬੇਰੁਜ਼ਗਾਰ ਅਧਿਆਪਕਾਂ ਵੱਲੋਂ 24 ਨਵੰਬਰ ਨੂੰ ਸਾਂਝੇ ਸੰਘਰਸ਼ ਦਾ ਐਲਾਨ , ਪੰਜਾਬ ਭਰ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਹਮਾਇਤ:ਸੰਗਰੂਰ  : ਪਿਛਲੇ 75 ਦਿਨਾਂ ਤੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਸ਼ਹਿਰ ਵਿਖੇ ਪੱਕਾ ਮੋਰਚਾ ਲਾ ਕੇ ਸੰਘਰਸ਼ ਕਰ ਰਹੇ ਅਤੇ ਡਾਂਗਾਂ ਦਾ ਸੇਕ ਝੱਲ ਰਹੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਤੇ ਈਟੀਟੀ ਅਧਿਆਪਕਾਂ ਨੇ 24 ਨਵੰਬਰ ਐਤਵਾਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ, ਮਜ਼ਦੂਰ , ਨੌਜਵਾਨ, ਵਿਦਿਆਰਥੀ, ਮੁਲਾਜ਼ਮ ਅਤੇ ਇਨਸਾਫ਼-ਪਸੰਦ ਜਥੇਬੰਦੀਆਂ ਦੇ ਸਹਿਯੋਗ ਨਾਲ ਸਾਂਝੇ ਸੰਘਰਸ਼ ਦਾ ਐਲਾਨ ਕੀਤਾ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਸੰਘਰਸ਼ਸ਼ੀਲ ਜਥੇਬੰਦੀਆਂ ਨਾਲ ਸਾਂਝੀ ਮੀਟਿੰਗ ਉਪਰੰਤ ਦੋਵੇਂ ਜਥੇਬੰਦੀਆਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

TET Pass Teachers Announcement joint Protest on 24 November ਟੈੱਟ ਬੇਰੁਜ਼ਗਾਰ ਅਧਿਆਪਕਾਂ ਵੱਲੋਂ 24 ਨਵੰਬਰ ਨੂੰ ਸਾਂਝੇ ਸੰਘਰਸ਼ ਦਾ ਐਲਾਨ , ਪੰਜਾਬ ਭਰ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਹਮਾਇਤ

ਇਸ ਮੀਟਿੰਗ ਦੌਰਾਨ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਢਿੱਲਵਾਂ, ਬੇਰੁਜ਼ਗਾਰ ਈਟੀਟੀ ਅਧਿਆਪਕ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਭਾਰਤੀ ਕਿਸਾਨ ਯੂਨੀਅਨ-ਉਗਰਾਹਾਂ ਦੇ ਗੁਰਦੀਪ ਸਿੰਘ, ਭਾਰਤੀ ਕਿਸਾਨ ਯੂਨੀਅਨ-ਡਕੌਂਦਾ ਦੇ ਰਣਧੀਰ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਗੁਰਮੀਤ ਦਿੱਤੂਪੁਰ, ਕਿਰਤੀ ਕਿਸਾਨ ਯੂਨੀਅਨ ਦੇ ਭੁਪਿੰਦਰ ਲੌਂਗੋਵਾਲ, ਜਮਹੂਰੀ ਕਿਸਾਨ ਸਭਾ ਦੇ ਭੀਮ ਸਿੰਘ ਆਲਮਪੁਰ, ਮਜ਼ਦੂਰ  ਮੁਕਤੀ ਮੋਰਚਾ ਦੇ ਭਗਵੰਤ ਸਮਾਓਂ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੰਜੀਵ ਮਿੰਟੂ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਬਲਬੀਰ ਚੰਦ ਲੌਂਗੋਵਾਲ, ਰਾਜੀਵ ਕੁਮਾਰ, ਮੇਘ ਰਾਜ, ਦਿਗਵਿਜੇ ਸਿੰਘ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਬੱਗਾ ਸਿੰਘ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਬਲਦੇਵ ਸਿੰਘ, ਡੈਮੋਕ੍ਰੇਟਿਕ ਮੁਲਾਜ਼ਮ ਫਰੰਟ ਦੇ ਜੁਗਰਾਜ ਟੱਲੇਵਾਲ, ਪੰਜਾਬ ਸਟੂਡੈਂਟਸ ਯੂਨੀਅਨ-ਲਲਕਾਰ ਦੇ ਜਸਵਿੰਦਰ, ਇਨਕਲਾਬੀ ਲੋਕ ਮੋਰਚਾ ਦੇ ਸਵਰਨਜੀਤ ਸਿੰਘ, ਤਰਕਸ਼ੀਲ ਸੁਸਾਇਟੀ ਦੇ ਪਰਮਵੇਦ , ਨੌਜਵਾਨ ਭਾਰਤ ਸਭਾ ਦੇ ਦੀਪ ਬਨਾਰਸੀ, ਪੁਰਾਣੀ ਪੈਨਸ਼ਨ ਬਹਾਲੀ ਯੂਨੀਅਨ ਦੇ ਸੰਜੀਵ ਕੁਮਾਰ, ਆਰਟ ਐਂਡ ਕਰਾਫ਼ਟ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਹਰਜਿੰਦਰ ਝੁਨੀਰ, ਬੇਰੁਜ਼ਗਾਰ ਲਾਇਨਮੈਂਨ ਯੂਨੀਅਨ ਦੇ ਭੋਲਾ ਸਿੰਘ ਗੱਗੜਪੁਰ ਨੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਤਾਨਾਸ਼ਾਹ ਕਰਾਰ ਦਿੱਤਾ, ਜੋ ਢਾਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਜ਼ਬਰ ਦੇ ਰਾਹ ਤੁਰੀ ਹੋਈ ਹੈ। ਜਿਹੜੀਆਂ ਸ਼ਰਤਾਂ 'ਤੇ ਬੀਐੱਡ/ਈਟੀਟੀ ਅਤੇ ਟੈੱਟ ਕਰਵਾਏ ਗਏ ਸਨ, ਹੁਣ ਨੌਕਰੀ ਲਈ ਸ਼ਰਤਾਂ ਬਦਲਕੇ ਉਮੀਦਵਾਰਾਂ ਨੂੰ ਅਯੋਗ ਕਰਾਰ ਦਿੱਤਾ ਹੈ।

TET Pass Teachers Announcement joint Protest on 24 November ਟੈੱਟ ਬੇਰੁਜ਼ਗਾਰ ਅਧਿਆਪਕਾਂ ਵੱਲੋਂ 24 ਨਵੰਬਰ ਨੂੰ ਸਾਂਝੇ ਸੰਘਰਸ਼ ਦਾ ਐਲਾਨ , ਪੰਜਾਬ ਭਰ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਹਮਾਇਤ

ਜਥੇਬੰਦੀਆਂ ਦੇ ਬੁਲਾਰਿਆਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਸਮੁੱਚੇ ਭਾਰਤ ਵਿੱਚ ਸਿੱਖਿਆ ਨੂੰ ਲਗਾਤਾਰ ਨਿੱਜੀਕਰਨ, ਵਪਾਰੀਕਰਨ ਦੀਆਂ ਲੀਹਾਂ ‘ਤੇ ਧੱਕਿਆ ਜਾ ਰਿਹਾ ਹੈ। ਸਰਕਾਰ ਲਗਾਤਾਰ ਸਿੱਖਿਆ ਦੇ ਖੇਤਰ ਵਿੱਚੋਂ ਆਪਣੇ ਹੱਥ ਪਿੱਛੇ ਖਿੱਚ ਰਹੀ ਹੈ ਤੇ ਇਸਨੂੰ ਨਿੱਜੀ ਹੱਥਾਂ ਵਿੱਚ ਸੌਂਪ ਕੇ ਇੱਕ ਮੁਨਾਫ਼ਾ ਕੁੱਟਣ ਵਾਲ਼ਾ ਖੇਤਰ ਬਣਾ ਦਿੱਤਾ ਗਿਆ ਹੈ। ਇਸ ਨਾਲ਼ ਸਿੱਖਿਆ ਮਹਿੰਗੀ ਹੁੰਦੀ ਜਾ ਰਹੀ ਹੈ ਤੇ ਸਮਾਜ ਦਾ ਬਹੁਗਿਣਤੀ ਕਿਰਤੀ ਤਬਕਾ ਸਿੱਖਿਆ ਸਹੂਲਤਾਂ ਹਾਸਲ ਕਰਨ ਤੋਂ ਲਗਾਤਾਰ ਦੂਰ ਜਾ ਰਿਹਾ ਹੈ। ਪੰਜਾਬ ਵਿੱਚ ਕਰੀਬ ਸਕੂਲਾਂ ਦੀਆਂ 30 ਹਜ਼ਾਰ ਅਧਿਆਪਕ ਅਸਾਮੀਆਂ ਖਾਲੀ ਦੇ ਬਾਵਜੂਦ ਟੈੱਟ ਪਾਸ ਉਮੀਦਵਾਰ ਬੇਰੁਜ਼ਗਾਰੀ ਦਾ ਸ਼ਿਕਾਰ ਹਨ। ਸਮੁੱਚੇ ਭਾਰਤ ਵਾਂਗ ਪੰਜਾਬ ਵਿੱਚ ਵੀ ਇਹੋ ਚੱਲ ਰਿਹਾ ਹੈ। ਪੰਜਾਬ ਦੇ ਸਿੱਖਿਆ ਢਾਂਚੇ ਦੀ ਬਿਮਾਰ ਹਾਲਤ, ਸਰਕਾਰੀ ਸਕੂਲਾਂ ਦਾ ਡਿੱਗਦਾ ਮਿਆਰ, ਅਧਿਆਪਕਾਂ ਦੀ ਵੱਡੇ ਪੱਧਰ ‘ਤੇ ਘਾਟ ਆਦਿ ਸਮੁੱਚੇ ਭਾਰਤ ਵਰਗੀ ਹੀ ਹੈ। ਇਸ ਦੌਰਾਨ ਪੰਜਾਬ ਕਿਸਾਨ ਯੂਨੀਅਨ ਦੇ ਰੁਲਦੂ ਸਿੰਘ , ਪੰਜਾਬ ਸਟੂਡੈਂਟਸ ਯੂਨੀਅਨ ਦੇ ਗਗਨ ਸੰਗਰਾਮੀ, ਪੰਜਾਬ ਲੋਕ ਸਭਿਆਚਾਰ ਮੰਚ ਦੇ ਕੰਵਲਜੀਤ ਖੰਨਾ, 6060 ਅਧਿਆਪਕ ਯੂਨੀਅਨ ਦੇ ਰਘਬੀਰ ਭਵਾਨੀਗੜ੍ਹ, ਰੁਜ਼ਗਾਰ ਅਧਿਕਾਰ ਅੰਦੋਲਨ ਦੇ ਕੰਵਲਜੀਤ ਸਿੰਘ, ਅਧਿਆਪਕ ਸੰਘਰਸ਼ ਕਮੇਟੀ ਦੇ ਦੇਵੀ ਦਿਆਲ ਨੇ ਵੀ ਜਥੇਬੰਦੀਆਂ ਨੂੰ ਭੇਜੇ ਸੁਨੇਹਿਆਂ ਰਾਹੀਂ ਸੰਘਰਸ਼ ਦੀ ਹਮਾਇਤ ਦਾ ਵਿਸ਼ਵਾਸ ਦਿਵਾਇਆ।
-PTCNews

  • Share