ਮੁੱਖ ਮੰਤਰੀ ਨੇ ਪੁਲਿਸ ਨੂੰ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੇ ਦਿੱਤੇ ਹੁਕਮ, 11 ਸ਼ੱਕੀ ਹਿਰਾਸਤ 'ਚ ਲਏ
ਮੋਹਾਲੀ 'ਚ ਪੰਜਾਬ ਪੁਲਿਸ ਦੇ ਖੁਫੀਆ ਵਿਭਾਗ ਦੇ ਦਫਤਰ 'ਤੇ ਹੋਏ ਹਮਲੇ ਤੋਂ ਬਾਅਦ ਪੂਰਾ ਪੰਜਾਬ ਹਾਈ ਅਲਰਟ 'ਤੇ ਹੈ। ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਵੇਰੇ ਡੀਜੀਪੀ ਸਮੇਤ ਸਾਰੇ ਵੱਡੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਇਸ ਦੇ ਨਾਲ ਹੀ NIA ਦੀ ਟੀਮ ਵੀ ਮਾਮਲੇ ਦੀ ਜਾਂਚ ਲਈ ਮੋਹਾਲੀ ਆ ਰਹੀ ਹੈ।
ਸੋਮਵਾਰ ਰਾਤ ਮੋਹਾਲੀ 'ਚ ਪੰਜਾਬ ਇੰਟੈਲੀਜੈਂਸ ਦੇ ਦਫਤਰ 'ਤੇ ਚੱਲਦੀ ਕਾਰ 'ਚੋਂ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ। ਪੁਲਿਸ ਸੂਤਰਾਂ ਮੁਤਾਬਕ ਹਮਲਾਵਰ ਸਵਿਫਟ ਕਾਰ 'ਚ ਆਏ ਸਨ ਤੇ ਚੱਲਦੀ ਕਾਰ ਨਾਲ ਹੀ ਇਮਾਰਤ ਨੂੰ ਨਿਸ਼ਾਨਾ ਬਣਾਇਆ ਸੀ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇਸ ਦੇ ਨਾਲ ਹੀ ਰਾਕੇਟ ਲਾਂਚਰ ਤੋਂ ਹਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਮੁਹਾਲੀ ਹੀ ਨਹੀਂ ਟਰਾਈਸਿਟੀ ਦੇ ਅਧਿਕਾਰੀ ਵੀ ਹਰਕਤ ਵਿੱਚ ਆ ਗਏ। ਐਸਐਸਪੀ ਚੰਡੀਗੜ੍ਹ ਕੁਲਦੀਪ ਸਿੰਘ ਚਾਹਲ, ਐਸਐਸਪੀ ਮੁਹਾਲੀ ਵਿਵੇਕਸ਼ੀਲ ਸੋਨੀ ਨੇ ਮੌਕੇ ਉਤੇ ਪਹੁੰਚ ਕੇ ਸਾਰੇ ਤੱਥਾਂ ਦੀ ਪੜਤਾਲ ਕੀਤੀ।
ਸੀਐਮ ਭਗਵੰਤ ਮਾਨ ਨੇ ਪੂਰੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਟਵੀਟ ਕੀਤਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਡੀਜੀਪੀ ਤੋਂ ਪੂਰੇ ਮਾਮਲੇ ਦੀ ਰਿਪੋਰਟ ਮੰਗੀ ਹੈ। ਇਸ ਤੋਂ ਬਾਅਦ ਪੂਰੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੀਨੀਅਰ ਅਧਿਕਾਰੀ ਵੱਲੋਂ ਜਾਂਚ ਜਾਰੀ ਹੈ। ਫੋਰੈਂਸਿਕ ਟੀਮਾਂ ਨੂੰ ਬੁਲਾਇਆ ਗਿਆ ਹੈ।
ਇਸ ਤੋਂ ਇਲਾਵਾ ਡੀਜੀਪੀ ਨੇ ਪੁਲਿਸ ਅਧਿਕਾਰੀਆਂ ਨੂੰ ਪੰਜਾਬ ਦੀਆਂ ਸਰਹੱਦਾਂ ਉਤੇ ਸੁਰੱਖਿਆ ਪ੍ਰਬੰਧ ਪੁਖਤਾ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਸਿੱਖ ਫਾਰ ਜਸਟਿਸ ਦੀ ਹਿਮਾਚਲ ਦੇ ਸੀਐਮ ਨੂੰ ਧਮਕੀ; ਮੋਹਾਲੀ 'ਚ ਹੋਏ ਹਮਲੇ ਤੋਂ ਸਬਕ ਲੈਣ ਲਈ ਕਿਹਾ, ਤੁਸੀਂ ਵੀ ਸੁਣੋ