ਕੇਂਦਰ ਸਰਕਾਰ ਕਿਸਾਨਾਂ ਨੂੰ ਗਲਤ ਪਾਸੇ ਨਾ ਤੋਰੇ: ਡਾ. ਦਲਜੀਤ ਸਿੰਘ ਚੀਮਾ
ਚੰਡੀਗੜ : 24 ਨਵੰਬਰ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਦੇ ਇਸ਼ਾਰੇ 'ਤੇ ਹਰਿਆਣਾ ਸਰਕਾਰ ਵੱਲੋਂ ਕੇਂਦਰੀ ਖੇਤੀਬਾੜੀ ਕਾਨੂੰਨਾਂ ਖਿਲਾਫ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਦਮਨਕਾਰੀ ਨੀਤੀਆਂ ਅਪਣਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਗੈਰ ਲੋਕਤੰਤਰੀ ਤਰੀਕਿਆਂ ਨਾਲ ਲੋਕ ਲਹਿਰ ਨੂੰ ਦਬਾਇਆ ਨਹੀਂ ਜਾ ਸਕਦਾ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਹਰਿਆਣਾ ਦੀਆਂ ਸਰਹੱਦਾਂ ਸੀਲ ਕਰਨ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੱਤਾ।
Dr daljit cheemaਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਕੋਲ ਸੜਕਾਂ 'ਤੇ ਕਿਸਾਨਾਂ ਨੂੰ ਲੰਘਣ ਤੋਂ ਰੋਕਣ ਦਾ ਕੋਈ ਅਧਿਕਾਰ ਨਹੀਂ ਹੈ। ਉਹਨਾਂ ਕਿਹਾ ਕਿ ਸਿਕਾਨਾਂ ਦਾ ਅਧਿਕਾਰ ਹੈ ਕਿ ਉਹ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਰੋਸ ਪ੍ਰਗਟ ਕਰਨ ਲਈ ਦਿੱਲੀ ਜਾਣ। ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਸਿਰਫ ਕੇਂਦਰ ਸਰਕਾਰ ਨੂੰ ਖੁਸ਼ ਕਰਨ ਵਾਸਤੇ ਅੰਨਦਾਤਾ ਨੂੰ ਦਬਾਉਣ ਲਈ ਜਬਰ ਵਾਲੇ ਤਰੀਕੇ ਨਹੀਂ ਅਪਣਾਉਣੇ ਚਾਹੀਦੇ।
ਡਾ. ਦਲਜੀਤ ਸਿੰਘ ਚੀਮਾ ਨੇ ਕੇਂਦਰ ਸਰਕਾਰ 'ਤੇ ਵੀ ਦੋਸ਼ ਲਾਇਆ ਕਿ ਉਹ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਨੂੰ ਗੈਰ ਲੋਕਤੰਤਰੀ ਤਰੀਕੇ ਵਰਤਣ ਲਈ ਹਰੀ ਝੰਡੀ ਦੇ ਕੇ ਕਿਸਾਨਾਂ ਨੁੰ ਗਲਤ ਰਾਹ ਪਾ ਰਹੀ ਹੈ ਜਦਕਿ ਕਿਸਾਨ ਆਪਣੇ ਐਲਾਨ ਅਨੁਸਾਰ 26 ਅਤੇ 27 ਨਵੰਬਰ ਨੁੰ ਦਿੱਲੀ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਵਾਸਤੇ ਆ ਰਹੇ ਹਨ।