ਬਿਨ੍ਹਾਂ ਮੁਕਾਬਲੇ ਜਿਨ੍ਹਾਂ ਥਾਵਾਂ 'ਤੇ ਕਾਂਗਰਸ ਨੇ ਹਾਸਿਲ ਕੀਤੀ ਜਿੱਤ, ਉਥੇ ਮੁੜ ਹੋਣ ਚੋਣਾਂ : ਸ਼੍ਰੋਮਣੀ ਅਕਾਲੀ ਦਲ

By Jagroop Kaur - February 07, 2021 5:02 pm

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਜਿਹੜੀਆਂ ਥਾਵਾਂ ’ਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਕੇ ਕਾਂਗਰਸੀ ਉਮੀਦਵਾਰ ਬਿਨਾਂ ਮੁਕਾਬਲੇ ਜਿੱਤੇ ਹਨ, ਉਨ੍ਹਾਂ ਦੀ ਚੋਣ ਰੱਦ ਕੀਤੀ ਜਾਵੇ ਅਤੇ ਇਨ੍ਹਾਂ ਵਿਚ ਮੁੜ ਚੋਣਾਂ ਕਰਵਾਈਆਂ ਜਾਣ ਅਤੇ ਪਾਰਟੀ ਨੇ ਮੰਗ ਕੀਤੀ ਕਿ ਰਹਿੰਦੀਆਂ ਥਾਵਾਂ ’ਤੇ ਆਜ਼ਾਦ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਪੈਰਾ ਮਿਲਟਰੀਫੋਰਸ ਤਾਇਨਾਤ ਕੀਤੀ ਜਾਵੇ। ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜ਼ੀਰਾ ਵਿਚ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਕਾਗਜ਼ ਸਮੂਹਿਕ ਤੌਰ ’ਤੇ ਰੱਦ ਕੀਤੇ ਗਏ, ਜਿਥੇ ਸਾਰੇ 17 ਕਾਂਗਰਸੀ ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਕਰਾਰ ਦਿੱਤੇ ਗਏ ਹਨ।

ਪੜ੍ਹੋ ਹੋਰ ਖ਼ਬਰਾਂ : ਖੇਤੀ ਕਾਨੂੰਨਾਂ ਖ਼ਿਲਾਫ਼ ਜਲੰਧਰ ਵਿਖੇ ਕਿਸਾਨਾਂ ਵੱਲੋਂ ਵੱਖ -ਵੱਖ ਹਾਈਵੇਜ਼ ਉਤੇ ਚੱਕਾ ਜਾਮ

ਉਨ੍ਹਾਂ ਕਿਹਾ ਕ ਇਸੇ ਤਰੀਕੇ ਗੁਰੂਹਰਿਸਹਾਏ ਵਿਚ 15 ਵਿਚੋਂ 8 ਸੀਟਾਂ ’ਤੇ ਕਾਂਗਰਸੀ ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਕਰਾਰ ਦਿੱਤੇ ਗਏ ਹਨ, ਮਲੂਕਾ ਵਿਚ 11 ਵਿਚੋਂ 7, ਮਹਿਰਾਜ ਵਿਚ 13 ਵਿਚੋਂ 5, ਭਾਈ ਰੂਪਾ ਵਿਚ 13 ਵਿਚੋਂ ਚਾਰ, ਮੰਡੀ ਗੋਬਿੰਦਗੜ੍ਹ ਵਿਚ 6 ਅਤੇ ਫਿਰੋਜ਼ਪੁਰ ਵਿਚ 8 ਸੀਟਾਂ ’ਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਕੇ ਕਾਂਗਰਸੀ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਗਿੱਦੜਬਾਹਾ ਵਿਚ 7 ਸੀਟਾਂ ’ਤੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ ਹਨ।

ਇਨ੍ਹਾਂ ਸਾਰੀਆਂ ਸੀਟਾਂ ’ਤੇ ਮੁੜ ਚੋਣਾਂ ਕਰਵਾਏ ਜਾਣ ਦੀ ਮੰਗ ਕਰਦਿਆ ਡਾ. ਚੀਮਾ ਨੇ ਕਿਹਾ ਕਿ ਕਾਂਗਰਸ ਦੇ ਵਿਧਾਇਕਾਂ ਦੇ ਕਹਿਣ ’ਤੇ ਕਾਗਜ਼ਾਂ ਦੀ ਪੜਤਾਲ ਦਾ ਸਮਾਂ ਖ਼ਤਮ ਹੋਣ ਤੋਂ ਬਾਅਦ ਵੀ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਸਪੱਸ਼ਟ ਹੈ ਕਿ ਇਹ ਮਿਊਂਸਪਲ ਚੋਣਾਂ ਅਜਿਹੀਆਂ ਹਨ ਜਿਸ ਵਿਚ ਸਰਕਾਰ ਲੋਕਾਂ ਖ਼ਿਲਾਫ਼ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਵਿਚ ਭਾਈਵਾਲ ਬਣ ਗਏ ਹਨ ਤੇ ਹਾਲ ਹੀ ਵਿਚ ਹੋਈ ਸਰਬ ਪਾਰਟੀ ਮੀਟਿੰਗ ਵਿਚ ਆਜ਼ਾਦ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੇ ਆਪਣੇ ਵਾਅਦੇ ਤੋਂ ਭੱਜ ਗਏ ਹਨ।
ਅਕਾਲੀ ਆਗੂ ਨੇ ਕਿਹਾ ਕਿ ਅਕਾਲੀ ਦਲ ਕੋਲ ਹੁਣ ਕੋਈ ਚਾਰਾ ਨਹੀਂ ਰਿਹਾ ਤੇ ਉਹ ਅਦਾਲਤਾਂ ਤੇ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਕੋਲ ਪਹੁੰਚ ਕਰੇਗਾ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਲਈ ਬਹੁਤ ਹੀ ਮਾੜਾ ਦਿਨ ਹੈ ਜਦੋਂ ਸੂਬਾ ਚੋਣ ਕਮਿਸ਼ਨਰ ਵਰਗੀ ਸੰਵਿਧਾਨਕ ਅਥਾਰਟੀ ਨੇ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਤਿਆਗ ਦਿੱਤੀ ਹੈ ਤੇ ਉਹ ਕਾਂਗਰਸ ਪਾਰਟੀ ਤੇ ਰਾਜ ਸਰਕਾਰ ਸਰਕਾਰ ਨੂੰ ਸੂਬੇ ਵਿਚ ਲੋਕਤੰਤਰ ਦਾ ਕਤਲ ਕਰਨ ਦੀ ਆਗਿਆ ਦੇ ਰਿਹਾ ਹੈ।

ਪੜ੍ਹੋ ਹੋਰ ਖ਼ਬਰਾਂ : ਦਿੱਲੀ ਦੇ ਮੈਟਰੋ ਸਟੇਸ਼ਨ ਬੰਦ, ਆਉਣ -ਜਾਣ ਵਾਲੇ ਗੇਟ ਬੰਦ

ਉਨ੍ਹਾਂ ਕਿਹਾ ਕਿ ਪਹਿਲਾਂ ਕਦੇ ਸੂਬਾ ਚੋਣ ਕਮਿਸ਼ਲ ਪ੍ਰਭਾਵਹੀਣ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਇਸਨੇ ਤਾਂ ਵਿਰੋਧੀ ਧਿਰ ਦੇ ਕਾਗਜ਼ ਸਮੂਹਿਕ ਤੌਰ ’ਤੇ ਰੱਦ ਕੀਤੇ ਜਾਣ ਦਾ ਵੀ ਨੋਟਿਸ ਲੈਣ ਤੋਂ ਨਾਂਹ ਕਰ ਦਿੱਤੀ ਤੇ ਇਸਨੇ ਕਾਂਗਰਸੀਆਂ ਨਾਲ ਰਲ ਕੇ ਵਿਰੋਧੀ ਧਿਰ ਖ਼ਿਲਾਫ਼ ਹਿੰਸਾ ਕਰ ਰਹੇ ਸਿਵਲ ਤੇ ਪੁਲਸ ਅਧਿਕਾਰੀਆਂ ਖ਼ਿਲਾਫ਼ ਵੀ ਕੋਈ ਕਦਮ ਨਹੀਂ ਚੁੱਕਿਆ।
ਚੀਮਾ ਨੇ ਦੱਸਿਆ ਕਿ ਕਾਂਗਰਸੀ ਕੌਂਸਲਰਾਂ ਵੱਲੋਂ ਅਕਾਲੀ ਉਮੀਦਵਾਰਾਂ ਦੇ ਘਰਾਂ ’ਤੇ ਹਮਲੇ ਕਰਨ, ਵਾਹਨ ਭੰਨ ਤੋੜ ਦੇਣ ਤੇ ਉਨ੍ਹਾਂ ’ਤੇ ਸ਼ਰ੍ਹੇਆਮ ਗੋਲੀਆਂ ਚਲਾਉਣ ਦੇ ਵੀਡੀਓ ਸਬੂਤ ਮੌਜੂਦ ਹਨ। ਉਨ੍ਹਾਂ ਕਿਹਾ ਕਿ ਸੂਬਾ ਚੋਣ ਕਮਿਸ਼ਨ ਨੇ ਇਨ੍ਹਾਂ ਸਬੂਤਾਂ ਦਾ ਨੋਟਿਸ ਲੈਣ ਤੋਂ ਇਨਕਾਰ ਕਰ ਕੇ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਵਿਚ ਦਮ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਸੂਬਾ ਚੋਣ ਕਮਿਸ਼ਨ ਦੇ ਕਾਂਗਰਸ ਪਾਰਟੀ ਤੇ ਰਾਜ ਸਰਕਾਰ ਨਾਲ ਰਲੇ ਹੋਣ ਦਾ ਤੱਥ ਆਉਂਦੇ ਦਿਨਾਂ ਵਿਚ ਰਾਜਪਾਲ ਤੇ ਅਦਾਲਤਾਂ ਅੱਗੇ ਪੇਸ਼ ਕਰਾਂਗੇ।
adv-img
adv-img