ਭਾਜਪਾ ਤੇ ਢੀਂਡਸਾ ਨਾਲ ਮਿਲ ਕੇ ਲੜਾਂਗਾ ਵਿਧਾਨਸਭਾ ਚੋਣਾਂ : ਕੈਪਟਨ ਅਮਰਿੰਦਰ ਸਿੰਘ
Punjab Assembly election 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਛੱਡ ਕੇ ਨਵੀਂ ਸਿਆਸੀ ਪਾਰੀ ਲਈ ਸਰਗਰਮ ਹੋ ਗਏ ਹਨ। ਸੋਮਵਾਰ ਯਾਨੀ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਦੇ ਸੈਕਟਰ 9 ਵਿਖੇ ਆਪਣੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦੇ ਦਫਤਰ ਦਾ ਉਦਘਾਟਨ ਕੀਤਾ। ਕਿਹਾ ਜਾ ਰਿਹਾ ਹੈ ਕਿ ਇੱਥੇ 2022 ਵਿੱਚ ਹੋਣ ਵਾਲੀਆਂ ਪੰਜਾਬ ਚੋਣਾਂ ਲਈ ਸਿਆਸੀ ਰਣਨੀਤੀ ਬਣਾਈ ਜਾਵੇਗੀ।
ਇਸ ਦੌਰਾਨ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਆਪਣੀ ਪੁਰਾਣੀ ਪਾਰਟੀ ਕਾਂਗਰਸ ਵੱਲੋਂ ਆਏ ਦਿਨ ਕੀਤੇ ਜਾਂਦੇ ਵਾਅਦਿਆਂ 'ਤੇ ਤੰਜ ਕਰਦਿਆਂ ਕਿਹਾ ਕਿ ਐਲਾਨ ਕਰਨ ਅਤੇ ਉਹਨਾਂ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਵਿੱਚ ਸਮਾਂ ਲੱਗਦਾ ਹੈ,ਥੋੜ੍ਹੇ ਦਿਨ ਵਿੱਚ ਹੀ ਚੋਣ ਜ਼ਾਬਤਾ ਲੱਗ ਜਾਵੇਗਾ। ਹੁਣ ਕਾਂਗਰਸ ਸਿਰਫ ਡਰਾਮੇ ਕਰ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਭਾਜਪਾ ਅਤੇ ਅਕਾਲੀ ਦਲ(ਸੰਯੁਕਤ) ਨਾਲ ਮਿਲ ਕੇ ਲੜਨ ਦੀ ਗੱਲ ਨੂੰ ਦੁਹਰਾਉਂਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਨਾਲ ਗੱਲਬਾਤ
ਚੱਲ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡਾ ਉਦੇਸ਼ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣਾ ਹੈ ਅਤੇ ਅਸੀਂ ਕਰਾਂਗੇ।
ਕੈਪਟਨ ਅਮਰਿੰਦਰ ਸਿੰਘ ਨੇ ਇਸ ਦੇ ਨਾਲ ਹੀ ਕਿਹਾ ਕਿ ਜਿਵੇਂ ਹੀ ਪੰਜਾਬ ਵਿੱਚ ਚੋਣ ਜ਼ਾਬਤਾ ਲੱਗਦਾ ਹੈ,ਕਈ ਵੱਡੇ ਕਾਂਗਰਸੀ ਆਗੂ ਵੀ ਉਹਨਾਂ ਦੀ ਪਾਰਟੀ ਵਿੱਚ ਆ ਜਾਣਗੇ। ਇਸ ਮੌਕੇ ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਭਾਜਪਾ ਤੇ ਸੁਖਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ ਸੰਯੁਕਤ ਨਾਲ ਰਲ ਕੇ ਚੋਣਾਂ ਲੜੇਗੀ ਤੇ ਪੰਜਾਬ ਵਿਚ ਸਰਕਾਰ ਬਣਾਵੇਗੀ। ਉਨ੍ਹਾਂ ਕਿਹਾ ਕਿ ਮੈਂਬਰਸ਼ਿਪ ਮੁਹਿੰਮ 10 ਦਿਨਾਂ ਤੋਂ ਸ਼ੁਰੂ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨਾਲ ਸਾਰੇ ਮਸਲੇ ਹੱਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮੱਖ ਮੰਤਰੀ ਹੁੰਦਿਆਂ ਆਪਣੇ 92 ਫੀਸਦੀ ਚੋਣ ਵਾਅਦੇ ਪੂਰੇ ਕਰ ਦਿੱਤੇ ਸਨ।
-PTC News